ਮਾਨਸਾ ਜ਼ਿਲ੍ਹੇ ’ਚ ਇਸ ਸਾਲ ਲਗਾਏ ਜਾਣਗੇ 10 ਲੱਖ ਪੌਦੇ-ਡਿਪਟੀ ਕਮਿਸ਼ਨਰ

Mansa

ਮਾਨਸਾ, 17 ਜੁਲਾਈ
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿੱਚ ਇਸ ਸਾਲ 10 ਲੱਖ ਪੌਦੇ ਲਗਾਏ ਜਾਣਗੇ ਜਿਸ ਤਹਿਤ 19 ਜੁਲਾਈ ਦਿਨ ਸ਼ੁੱਕਰਵਾਰ ਨੂੰ ਚਲਾਈ ਜਾ ਰਹੀ ਇਕ ਰੋਜ਼ਾ ਵਿਸ਼ੇਸ਼ ਮੁਹਿੰਮ ਤਹਿਤ 3.5 ਲੱਖ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਦੇ ਲਈ ਅੱਜ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪੌਦੇ ਲਗਾਉਣ ਲਈ ਚੱਲ ਰਹੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਕੀਤੀ।
  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰੇਕ ਵਿਭਾਗ ਇਸ ਮੁਹਿੰਮ ਵਿੱਚ ਉਤਸਾਹ ਨਾਲ ਭਾਗ ਲਵੇ। ਉਨ੍ਹਾਂ ਕਿਹਾ ਕਿ ਇਸ ਦਿਨ ਨੂੰ ਪਬਲਿਕ ਈਵੈਂਟ ਬਣਾ ਕੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਇਸ ਮੁਹਿੰਮ ਨਾਲ ਜੋੜਿਆ ਜਾਵੇ ਤਾਂ ਜੋ ਲੋਕਾਂ ਵਿਚ ਵਾਤਾਵਰਨ ਸੰਭਾਲ ਪ੍ਰਤੀ ਚੇਤਨਾ ਪੈਦਾ ਹੋ ਸਕੇ।
ਉਨ੍ਹਾਂ ਜ਼ਿਲ੍ਹਾ ਜੰਗਲਾਤ ਅਫ਼ਸਰ ਨੂੰ ਹਦਾਇਤ ਕੀਤੀ ਕਿ ਸਬੰਧਤ ਵਿਭਾਗਾਂ ਨੂੰ ਸਮਾਂਬੱਧ ਅਤੇ ਉਨ੍ਹਾਂ ਦੇ ਟੀਚੇ ਮੁਤਾਬਿਕ ਪੌਦੇ ਮੁਹੱਈਆ ਕਰਵਾ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਸਭ ਤੋਂ ਜ਼ਿਆਦਾ ਪੌਦੇ ਲਗਾਉਣ ਵਾਲੇ ਸਕੂਲਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਤਿੰਨ ਨਵੀਆਂ ਨਰਸਰੀਆਂ ਬਣਾਈਆਂ ਜਾਣ ਤਾਂ ਜੋ ਨਵੇਂ ਪੌਦੇ ਲਗਾਏ ਜਾ ਸਕਣ ਅਤੇ ਪੌਦਿਆਂ ਦੀ ਸਾਂਭ ਸੰਭਾਲ ਹੋ ਸਕੇ।
ਉਨ੍ਹਾਂ ਪੇਂਡੂ ਵਿਕਾਸ ਵਿਭਾਗ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਸਾਂਝੀਆਂ ਥਾਵਾਂ ’ਤੇ ਵੱਧ ਤੋਂ ਵੱਧ ਪੌਦੇ ਲਗਾਏ ਜਾਣ। ਉਨ੍ਹਾਂ ਐਸ.ਡੀ.ਐਮਜ਼ ਨੂੰ ਕਿਹਾ ਕਿ ਉਹ ਇਸ ਮੁਹਿੰਮ ਦੀ ਨਿਗਰਾਨੀ ਕਰਨਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਹਿਤ ਵਿਚ ਚਲਾਈ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਦਾ ਹਿੱਸਾ ਬਣਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਬੈਂਬੀ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਐਸ.ਡੀ.ਐਮ. ਮਾਨਸਾ ਸ੍ਰ. ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ ਤੋਂ ਇਲਾਵਾ ਹੋਰ ਵਿਭਾਗੀ ਅਧਿਕਾਰੀ ਮੌਜੂਦ ਸਨ।