ਜਿਲ੍ਹੇ ਦੇ ਕਿਸਾਨਾਂ ਨੂੰ ਖਰੀਦੇ ਝੋਨੇ ਦੀ 210.67 ਕਰੋੜ ਦੀ ਹੋਈ ਅਦਾਇਗੀ-ਡਿਪਟੀ ਕਮਿਸ਼ਨਰ

Politics Punjab

ਫਰੀਦਕੋਟ 25 ਅਕਤੂਬਰ ( ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 133534 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਜੰਗੀ ਪੱਧਰ ਤੇ ਜਾਰੀ ਹੈ ਅਤੇ ਖਰੀਦੇ ਗਏ ਝੋਨੇ ਦੀ ਅਦਾਇਗੀ ਵੀ ਖਰੀਦ ਏਜੰਸੀਆਂ ਵੱਲੋ ਕਿਸਾਨਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲੇ ਦੀਆਂ ਮੰਡੀਆਂ ਵਿਚ 176848 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ,ਜਿਸ ਵਿਚੋਂ 133534 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ ਅਤੇ 210.67 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੱਲ ਤੱਕ ਜਿਲ੍ਹੇ ਦੇ 109 ਦੇ ਕਰੀਬ ਮਿਲ ਮਾਲਕਾਂ ਵੱਲੋਂ ਮੰਡੀਆਂ ਦੀ ਅਲਾਟਮੈਂਟ, ਐਗਰੀਮੈਂਟ ਲਈ ਅਪਲਾਈ ਕੀਤਾ ਗਿਆ। ਜਿਸ ਵਿੱਚ 100 ਦੇ ਕਰੀਬ ਸ਼ੈਲਰਾਂ ਨੂੰ ਲਿੰਕ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਮੰਡੀਆਂ ਵਿੱਚੋਂ ਲਿਫਟਿੰਗ ਵੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅਗਲੇ ਕੁਝ ਦਿਨਾਂ ਵਿੱਚ ਹੀ ਖਰੀਦੀ ਗਏ ਝੋਨੇ ਦੀ ਲਿਫਟਿੰਗ ਹੋ ਜਾਵੇਗੀ।

ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਰਾਜ ਰਿਸ਼ੀ ਮਹਿਰਾ ਨੇ ਦੱਸਿਆ ਕਿ ਜਿਲ੍ਹੇ ਦੀਆਂ 68 ਮੰਡੀਆਂ ਅਤੇ 20 ਆਰਜੀ ਖਰੀਦ ਕੇਂਦਰਾਂ ਵਿਚ ਕੱਲ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ 42625 ਮੀਟ੍ਰਿਕ ਟਨ, ਮਾਰਕਫੈਡ ਨੇ 33215.3 ਮੀਟ੍ਰਿਕ ਟਨ,  ਪਨਸਪ ਨੇ 38940 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਨੇ 17610 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 1144 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਖਰੀਦੇ ਗਏ ਝੋਨੇ ਵਿੱਚੋਂ 24246 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ 7034 ਕਿਸਾਨਾਂ ਨੂੰ ਬਣਦੀ 210.67 ਕਰੋੜ ਦੀ ਅਦਾਇਗੀ ਕਰ ਦਿੱਤੀ ਗਈ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀ ਵਿੱਚ ਲਿਆਉਣ ਕਿਉਂਕਿ ਮੰਡੀਆ ਵਿੱਚ ਦਾਖਲ ਹੋਣ ਵੇਲੇ ਝੋਨੇ ਦੀ ਨਮੀ ਚੈੱਕ ਕੀਤੀ ਜਾਂਦੀ ਹੈ।ਇਸ ਲਈ ਸਰਕਾਰ ਦੁਆਰਾ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਉਪਰੰਤ ਪਰਾਲ਼ੀ ਜਾਂ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਬਲਕਿ ਅਧੁਨਿਕ ਤਕਨੀਕਾਂ ਜਾਂ ਖੇਤੀ ਸੰਦਾਂ ਨਾਲ ਇਸਦਾ ਨਿਪਟਾਰਾ ਕਰਨ ਅਤੇ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ।