ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਇਕਜੁੱਟ ਹੋ ਕੇ ਮਾਰੇ ਜਾਣ ਹੰਭਲੇ

Bathinda

ਬਠਿੰਡਾ, 15 ਜੁਲਾਈ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਲਤੀਫ਼ ਅਹਿਮਦ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨਕੋਆਰਡ) ਕਮੇਟੀ ਦੀ ਮੀਟਿੰਗ ਹੋਈ। ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਦੇ ਮੱਦੇਨਜ਼ਰ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਾਂਝੀਆਂ ਕਮੇਟੀਆਂ ਬਣਾ ਕੇ ਲਗਾਤਾਰ ਹੰਭਲੇ ਮਾਰਨੇ ਜਾਰੀ ਰੱਖੇ ਜਾਣ।
ਬੈਠਕ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਵਲੋਂ ਨਸ਼ਿਆਂ ਦੀ ਰੋਕਥਾਮ ਤੇ ਇਸ ਦੇ ਮਾੜੇ ਦੁਰਪ੍ਰਭਾਵਾਂ ਬਾਰੇ ਜਿੱਥੇ ਅਧਿਕਾਰੀਆਂ ਕੋਲੋਂ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕੀਤੀ, ਉੱਥੇ ਹੀ ਉਨ੍ਹਾਂ ਅਧਿਕਾਰੀਆਂ ਕੋਲੋਂ ਨਸ਼ੇ ਦੇ ਖਾਤਮੇ ਲਈ ਲੋੜੀਂਦੇ ਸੁਝਾਅ ਵੀ ਲਏ ਗਏ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਕੋਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸਕੂਲਾਂ/ਕਾਲਜਾਂ ਵਿੱਚ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕਰਦਿਆਂ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਸਕੂਲਾਂ/ਕਾਲਜਾਂ ਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਜਾਣੂ ਕਰਵਾਉਣਾ ਯਕੀਨੀ ਬਣਾਇਆ ਜਾਵੇ।
ਇਸ ਦੌਰਾਨ ਪੁਲਿਸ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਵਲੋਂ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਰੋਕਥਾਮ ਦੇ ਮੱਦੇਨਜ਼ਰ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪੁਲਿਸ ਵਲੋਂ ਟੋਲ ਫ਼ਰੀ/ਵਟਸਐਪ ਨੰਬਰ 91155-02252 ਚਲਾਇਆ ਜਾ ਰਿਹਾ ਹੈ, ਜਿਸ ਤੇ ਆਮ ਲੋਕ ਨਸ਼ੇ ਦੇ ਸੌਦਾਗਰ ਦੀ ਸੂਚਨਾ ਦੇਣ ਲਈ ਸੰਪਰਕ ਕਰ ਸਕਦੇ ਹਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਂਦਾ ਹੈ।
ਇਸ ਮੌਕੇ ਸਿਖਲਾਈ ਅਧੀਨ ਆਈਏਐਸ ਸ਼੍ਰੀ ਰਾਕੇਸ਼ ਕੁਮਾਨ ਮੀਨਾ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਐਸਡੀਐਮ ਰਾਮਪੁਰਾ ਸ਼੍ਰੀ ਕੰਵਰਜੀਤ ਸਿੰਘ, ਐਸਡੀਐਮ ਤਲਵੰਡੀ ਸਾਬੋ ਸ ਹਰਜਿੰਦਰ ਸਿੰਘ ਜੱਸਲ, ਐਸਡੀਐਮ ਮੌੜ ਸ਼੍ਰੀ ਨਰਿੰਦਰ ਸਿੰਘ ਧਾਲੀਵਾਲ, ਆਰਟੀਏ ਮੈਡਮ ਪੂਨਮ ਸਿੰਘ, ਮਨੋਰੋਗ ਮਾਹਿਰ ਸਿਵਲ ਹਸਪਤਾਲ ਡਾ. ਅਰੁਣ ਬਾਂਸਲ ਤੋਂ ਇਲਾਵਾ ਪੁਲਿਸ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।