ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਦੀ ਸਮੀਖਿਆ ਮੀਟਿੰਗ

Ferozepur Politics Punjab

ਫਿਰੋਜ਼ਪੁਰ, 05 ਦਸੰਬਰ 2024.

          ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ/ ਪ੍ਰੋਜੈਕਟਾਂ ਨੂੰ ਛੇਤੀ ਤੋਂ ਛੇਤੀ ਹਰ ਹਾਲਤ ਵਿੱਚ ਪੂਰਾ ਕੀਤਾ ਜਾਵੇ। ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਵਿੱਚ ਕੁਤਾਹੀ ਜਾਂ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆਂ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਮੌਕੇ ਕੀਤਾ। ਮੀਟਿੰਗ ਵਿੱਚ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜ਼ਨੀਸ ਦਹੀਆ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਡਿਪਟੀ ਕਮਿਸ਼ਨਰ ਫਿਰੋਜ਼ਪੁਰ  ਦੀਪਸ਼ਿਖਾ ਸ਼ਰਮਾ ਅਤੇ ਐਸ.ਪੀ. (ਡੀ) ਰਣਧੀਰ ਕੁਮਾਰ ਵੀ ਹਾਜ਼ਰ ਸਨ।

         ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ ਕਰਦੇ ਹੋਏ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲਿਆਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ ਅਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਸਮਾਂਬੱਧ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਵੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਦੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜ਼ਿਲ੍ਹੇ ਵਿੱਚ ਹੋਣ ਵਾਲੇ ਜਾਂ ਹੋ ਰਹੇ ਵਿਕਾਸ ਕਾਰਜਾਂ ਜਾਂ ਵਿਕਾਸ ਪ੍ਰਾਜੈਕਟਾਂ ਵਿੱਚ ਸਬੰਧਤ ਵਿਧਾਇਕ ਜਾਂ ਲੋਕ ਨੁਮਾਇੰਦਿਆਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ ਤੇ ਇਨ੍ਹਾਂ ਪ੍ਰਾਜੈਕਟਾਂ ਦੀ ਪ੍ਰਗਤੀ ਬਾਰੇ ਵੀ ਉਨ੍ਹਾਂ ਨੂੰ ਸਮੇਂ-ਸਮੇਂ ਜਾਣੂ ਕਰਵਾਇਆ ਜਾਵੇ।

            ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਜੋ ਵੀ ਕੰਮ ਹੋਣ ਵਾਲੇ ਹਨ ਉਨ੍ਹਾਂ ਦੀ ਪ੍ਰਪੋਜਲ ਬਣਾ ਕੇ ਜਲਦੀ ਭੇਜੀ ਜਾਵੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਕੰਮਾਂ ਲਈ ਮਿਲੀ ਹੋਈ ਗ੍ਰਾਂਟ ਨੂੰ ਵਿਕਾਸ ਕੰਮਾਂ ਤੇ ਵਰਤਿਆਂ ਜਾਵੇ ਅਤੇ ਵਿੱਤੀ ਸਾਲ ਦੇ ਅੰਤ ਤੱਕ ਕੋਈ ਵੀ ਪੈਸਾ ਲੈਪਸ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਸਰਕਾਰੀ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

          ਇਸ ਦੌਰਾਨ  ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜ਼ਨੀਸ ਦਹੀਯਾ ਅਤੇ  ਵਿਧਾਇਕ ਨਰੇਸ਼ ਕਟਾਰੀਆ ਨੇ ਵੀ ਹਲਕੇ ਦੇ ਵਿਕਾਸ ਪ੍ਰਾਜੈਕਟਾਂ ਦੇ ਮੁੱਦਿਆਂ ਸਬੰਧੀ ਵੀ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਜਿਸ ਤੇ ਉਨ੍ਹਾਂ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ।

          ਇਸ ਦੌਰਾਨ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਮੰਤਰੀ ਜੀ ਅਤੇ ਵਿਧਾਇਕਾਂ ਨੂੰ ਜੀ ਆਇਆਂ ਕਹਿੰਦਿਆਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕੈਬਿਨੇਟ ਮੰਤਰੀ ਨੂੰ ਭਰੋਸਾ ਦਵਾਇਆ ਕੀ ਮੀਟਿੰਗ ਦੌਰਾਨ ਕੈਬਿਨੇਟ ਮੰਤਰੀ ਵਲੋਂ ਜੋ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ ਉਨ੍ਹਾਂ ਨੂੰ ਧਿਆਨ ਵਿੱਚ ਰੱਖ ਕੇ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਅਤੇ ਸਾਰੇ ਆਪਸੀ ਵਿਭਾਗਾਂ ਦੇ ਤਾਲਮੇਲ ਨਾਲ ਜ਼ਿਲੇ ਵਿੱਚ ਵਿਕਾਸ ਦੇ ਕੰਮਾਂ ਨੂੰ ਸਮੇ ਸਿਰ ਪੂਰਾ ਕਰਵਾਇਆ ਜਾਵੇਗਾ| ਇਸ ਦੌਰਾਨ ਉਨ੍ਹਾਂ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖ਼ੇ ਸਿੰਥੇਟਿਕ ਟਰੈਕ ਬਾਰੇ ਦਸਿਆ ਕੀ  ਇਹ ਟਰੈਕ ਬਣ ਕੇ ਤਿਆਰ ਹੋ ਚੁਕਿਆ ਹੈ ਤੇ ਜਲਦ ਹੀ ਲੋਕ ਅਰਪਿਤ ਕੀਤਾ ਜਾਵੇਗਾ|  
            ਇਸ ਮੌਕੇ ਚੇਅਰਮੈਨ ਪਲਾਨਿੰਗ ਕਮੇਟੀ ਚੰਦ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ(ਜ.) ਡਾ. ਨਿਧੀ ਕੁਮੁਦ ਬੰਬਾਹ, ਐਸ.ਡੀ.ਐਮ. ਜ਼ੀਰਾ ਗੁਰਮੀਤ ਸਿੰਘ, ਐਸ.ਡੀ.ਐਮ. ਗੁਰੂਹਰਸਹਾਏ ਦਿਵਿਆ ਪੀ., ਵਧੀਕ ਡਿਪਟੀ ਕਮਿਸ਼ਨਰ (ਵਿ) ਲਖਵਿੰਦਰ ਸਿੰਘ ਰੰਧਾਵਾ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *