ਫਰੀਦਕੋਟ 20 ਦਸੰਬਰ () ਜਿਲ੍ਹਾ ਮੈਜਿਸਟਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਦੇ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਚੋਣਾਂ 2024 ਲਈ ਚੋੜ ਲੜ ਰਹੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਲਈ ਆਏ ਬਾਹਰਲੇ ਵਿਅਕਤੀ, ਰਿਸ਼ਤੇਦਾਰਾਂ ਅਤੇ ਸਮਰੱਥਕਾਂ ਨੂੰ ਚੋਣ ਪ੍ਰਚਾਰ ਖਤਮ ਹੋਣ ਤੋਂ ਤੁਰੰਤ ਬਾਅਦ ਚਲੇ ਜਾਣ ਅਤੇ ਪੋਲਿੰਗ ਸਮਾਪਤ ਹੋਣ ਤੱਕ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਅਤੇ ਜਿਹਨਾਂ ਵਾਰਡਾਂ ਵਿੱਚ ਚੋਣਾਂ ਹੋਣੀਆਂ ਹਨ ਦੇ ਅਧਿਕਾਰ ਖੇਤਰ ਵਿੱਚ ਦਾਖਲ ਨਾ ਹੋਣ ਦੇ ਆਦੇਸ਼ ਜਾਰੀ ਕੀਤੇ ਹਨ।
ਜਿਲ੍ਹਾ ਮੈਜਿਸਟਰੇਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਦੁਆਰਾ ਜਾਰੀ ਨੋਟੀਫਿਕੇਸ਼ਨ ਰਾਹੀਂ ਸਬੰਧਤ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ ਅਤੇ ਮਿਤੀ 21 ਦਸੰਬਰ ਨੂੰ ਚੋਣਾਂ ਹੋਣ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਐਕਟ, 1994 ਦੇ ਸੈਕਸ਼ਨ 110 ਵਿੱਚ ਕੀਤੀ ਗਈ ਵਿਵਸਥਾ ਅਨੁਸਾਰ ਚੋਣਾਂ ਸਮਾਪਤ ਹੋਣ ਤੋਂ 24 ਘੰਟੇ ਪਹਿਲਾਂ ਕੋਈ ਵੀ ਪਬਲਿਕ ਮੀਟਿੰਗ ਨਹੀਂ ਕੀਤੀ ਜਾਵੇਗੀ। ਇਸ ਲਈ ਉਨ੍ਹਾਂ ਨੇ ਆਦੇਸ਼ ਦਿੱਤੇ ਹਨ ਕਿ ਚੋਣਾਂ ਨੂੰ ਅਮਨ ਅਮਾਨ ਅਤੇ ਪਾਰਦਰਸ਼ਤਾਂ ਨਾਲ ਨੇਪਰੇ ਚੜਾਉਣ ਲਈ ਬਾਹਰੋਂ ਆਏ ਵਿਅਕਤੀਆਂ ਦਾ ਚੋਣ ਪ੍ਰਕਿਰਿਆ ਵਿੱਚ ਵਿਘਨ ਨਾ ਪਾਉਣ ਲਈ ਢੁੱਕਵੇਂ ਕਦਮ ਚੁੱਕੇ ਜਾਣੇ ਜਰੂਰੀ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਬਾਹਰੋਂ ਆਏ ਵਿਅਕਤੀ ਅਣਅਧਿਕਾਰਤ ਤੌਰ ਤੇ ਪੋਲਿੰਗ ਸਟੇਸ਼ਨ ਦੇ ਨਜਦੀਕ ਆਲੇ-ਦੁਆਲੇ ਨਾ ਆਉਣ। ਇਸ ਸਭ ਦੇ ਮੱਦੇਨਜ਼ਰ ਇਹ ਹੁਕਮ ਜਾਰੀ ਕੀਤੇ ਗਏ ਹਨ।