ਪੰਜਾਬ ਸਰਕਾਰ ਨੇ 2024 ਵਿੱਚ ਜੇਲ੍ਹ ਸੁਰੱਖਿਆ ਢਾਂਚੇ ਨੂੰ ਕੀਤਾ ਮਜ਼ਬੂਤ, ਕੈਦੀਆਂ ਦੇ ਮੁੜ-ਵਸੇਬੇ ਸਬੰਧੀ ਪਹਿਲਕਦਮੀਆਂ ਵਿੱਚ ਕੀਤਾ ਵਾਧਾ: ਲਾਲਜੀਤ ਸਿੰਘ ਭੁੱਲਰ

Politics Punjab


ਚੰਡੀਗੜ੍ਹ, 27 ਦਸੰਬਰ:

ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜੇਲ੍ਹ ਵਿਭਾਗ ਵੱਲੋਂ ਸਾਲ 2024 ਦੌਰਾਨ ਸੁਰੱਖਿਆ ਉਪਾਵਾਂ ਨੂੰ ਮਜ਼ਬੂਤ ਕਰਨ ਅਤੇ ਕੈਦੀਆਂ ਦੇ ਮੁੜ-ਵਸੇਬੇ ਲਈ ਕੀਤੀਆਂ ਗਈਆਂ ਅਹਿਮ ਪਹਿਲਕਦਮੀਆਂ ਬਾਰੇ ਚਾਨਣਾ ਪਾਇਆ।

ਸੂਬੇ ਵਿੱਚ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੁਧਿਆਣਾ ਨੇੜੇ 50 ਏਕੜ ਰਕਬੇ ਵਿੱਚ 100 ਕਰੋੜ ਰੁਪਏ ਦੀ ਲਾਗਤ ਨਾਲ ਉੱਚ ਸੁਰੱਖਿਆ ਜੇਲ ਦੀ ਸਥਾਪਨਾ ਕੀਤੀ ਜਾ ਰਹੀ ਹੈ। ਇਸ ਜੇਲ੍ਹ ਦੇ ਮੁਕੰਮਲ ਹੋਣ ਉਪਰੰਤ ਇਥੇ 300 ਖਤਰਨਾਕ ਕੈਦੀਆਂ ਨੂੰ ਰੱਖਿਆ ਜਾਵੇਗਾ।

ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਤਕਨਾਲੌਜੀ ਦੀ ਵਰਤੋਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਜਿਸ ਤਹਿਤ ਅੱਠ ਕੇਂਦਰੀ ਜੇਲ੍ਹਾਂ ਵਿੱਚ ਏ.ਆਈ ਆਧਾਰਤ ਸੀ.ਸੀ.ਟੀ.ਵੀ ਨਿਗਰਾਨੀ ਪ੍ਰਣਾਲੀ ਲਾਗੂ ਕੀਤੀ ਜਾ ਰਹੀ ਹੈ ਤਾਂ ਜੋ ਪਾਬੰਦੀਸ਼ੁਦਾ ਪਦਾਰਥਾਂ ਦੇ ਸੁੱਟੇ ਜਾਣ, ਕੰਧ ਟੱਪਣ ਅਤੇ ਅਣਅਧਿਕਾਰਤ ਮੋਬਾਈਲ ਵਰਤੋਂ ਦਾ ਪਤਾ ਲਗਾਇਆ ਜਾ ਸਕੇ। ਇਸ ਪ੍ਰਣਾਲੀ ਦਾ ਵਿਸਥਾਰ ਛੇ ਹੋਰ ਜੇਲ੍ਹਾਂ ਤੱਕ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਕੇਂਦਰੀ ਜੇਲ੍ਹ ਬਠਿੰਡਾ ਵਿੱਚ ਵੀ-ਕਵਚ ਜੈਮਰ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਉਪਰੰਤ 12 ਸੰਵੇਦਨਸ਼ੀਲ ਜੇਲ੍ਹਾਂ ਵਿੱਚ ਇਸ ਨੂੰ ਸਥਾਪਤ ਕੀਤੇ ਜਾਣ ਦੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਦੱਸਿਆ ਕਿ ਬਠਿੰਡਾ ਜੇਲ੍ਹ ਵਿੱਚ ਸੁਰੱਖਿਆ ਲਈ ਇੱਕ ਵਾਧੂ ਸੀ.ਆਰ.ਪੀ.ਐਫ. ਕੰਪਨੀ ਵੀ ਤੈਨਾਤ ਕੀਤੀ ਗਈ ਹੈ।

ਜੇਲ੍ਹ ਮੰਤਰੀ ਨੇ ਦੱਸਿਆ ਕਿ ਅਣਅਧਿਕਾਰਤ ਮੋਬਾਈਲ ਵਰਤੋਂ ਰੋਕਣ ਦੇ ਨਾਲ-ਨਾਲ ਸੰਚਾਰ ਦੀਆਂ ਆਧੁਨਿਕ ਤਕਨੀਕਾਂ ਦੀ ਵਰਤੋਂ ਤਹਿਤ ਜੇਲ੍ਹਾਂ ਵਿੱਚ 750 ਤੋਂ ਵੱਧ ਕਾਲਿੰਗ ਸਿਸਟਮ ਸਥਾਪਤ ਕੀਤੇ ਜਾ ਰਹੇ ਹਨ ਤਾਂ ਜੋ ਕੈਦੀ ਆਪਣੇ ਪਰਿਵਾਰਾਂ ਅਤੇ ਵਕੀਲਾਂ ਨਾਲ ਗੱਲ ਕਰ ਸਕਣ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸਾਰੀਆਂ 13 ਸੰਵੇਦਨਸ਼ੀਲ ਜੇਲ੍ਹਾਂ ਨੂੰ ਐਕਸ-ਰੇ ਬੈਗੇਜ ਸਕੈਨਰਾਂ ਨਾਲ ਲੈਸ ਕਰਨ ਸਣੇ ਉੱਚ ਸੁਰੱਖਿਆ ਵਾਲੇ ਜ਼ੋਨਾਂ, ਜਿੱਥੇ ਖਤਰਨਾਕ ਕੈਦੀ ਰੱਖੇ ਗਏ ਹਨ, ਵਿੱਚ ਸੀ.ਸੀ.ਟੀ.ਵੀ. ਕਵਰੇਜ ਸਥਾਪਤ ਕਰਨਾ ਵੀ ਪ੍ਰਕਿਰਿਆ ਅਧੀਨ ਹੈ।

ਉਨ੍ਹਾਂ ਦੱਸਿਆ ਕਿ ਅਕਤੂਬਰ 2023 ਤੋਂ ਕਾਰਜਸ਼ੀਲ ਕੀਤੇ ਗਏ ਨਵੇਂ ਖੋਜ, ਵਿਸ਼ਲੇਸ਼ਣ ਅਤੇ ਇੰਟੈਲੀਜੈਂਸ ਵਿੰਗ ਵੱਲੋਂ ਖੁਫੀਆ-ਆਧਾਰਤ ਕਾਰਵਾਈਆਂ ਅਤੇ ਕੈਦੀਆਂ ਦੇ ਵਿਹਾਰ ਦੇ ਵਿਸ਼ਲੇਸ਼ਣ ਰਾਹੀਂ ਅੰਦਰੂਨੀ ਸੁਰੱਖਿਆ ਨੂੰ ਮਜ਼ਬੂਤ ਜਾ ਰਿਹਾ ਹੈ।

ਕੈਦੀਆਂ ਦੇ ਮੁੜ-ਵਸੇਬੇ ਸਬੰਧੀ ਉਪਰਾਲਿਆਂ ਬਾਰੇ ਗੱਲ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ “ਸਿੱਖਿਆ ਦਾਤ ਪ੍ਰਾਜੈਕਟ” ਤਹਿਤ 2200 ਕੈਦੀ ਵਿਦਿਅਕ ਕੋਰਸ ਕਰ ਰਹੇ ਹਨ ਜਦੋਂ ਕਿ 513 ਕੈਦੀ ਇਸ ਸਾਲ ਦਸੰਬਰ ਵਿੱਚ ਸ਼ੁਰੂ ਹੋਣ ਵਾਲੇ ਇਲੈਕਟ੍ਰੀਕਲ ਵਰਕ, ਪਲੰਬਿੰਗ ਅਤੇ ਟੇਲਰਿੰਗ ਸਮੇਤ ਵੱਖ-ਵੱਖ ਹੁਨਰ ਵਿਕਾਸ ਪ੍ਰੋਗਰਾਮਾਂ ਵਿੱਚ ਰਜਿਸਟਰ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਨਾਭਾ ਅਤੇ ਫਾਜ਼ਿਲਕਾ ਵਿਖੇ ਦੋ ਨਵੇਂ ਪੈਟਰੋਲ ਪੰਪ ਸਥਾਪਿਤ ਕਰਕੇ ਆਪਣੀਆਂ ਵਪਾਰਕ ਪਹਿਲਕਦਮੀਆਂ ਦਾ ਵਿਸਤਾਰ ਵੀ ਕੀਤਾ ਗਿਆ ਹੈ ਅਤੇ ਮੌਜੂਦਾ ਸਮੇਂ ਪੈਟਰੋਲ ਪੰਪਾਂ ਦੀ ਕੁੱਲ ਗਿਣਤੀ ਅੱਠ ਹੋ ਗਈ ਹੈ।

ਸਟਾਫ਼ ਸਬੰਧੀ ਲੋੜਾਂ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਲ ਹੀ ਵਿੱਚ 738 ਵਾਰਡਰ ਅਤੇ 25 ਮੈਟਰਨ ਭਰਤੀ ਕੀਤੇ ਗਏ ਹਨ ਅਤੇ 179 ਹੋਰ ਸੁਰੱਖਿਆ ਸਟਾਫ਼ ਦੀਆਂ ਆਸਾਮੀਆਂ ਲਈ ਭਰਤੀ ਪ੍ਰਕਿਰਿਆ ਅਧੀਨ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਵੱਖ-ਵੱਖ ਕਾਡਰਾਂ ਦੀਆਂ 1220 ਆਸਾਮੀਆਂ ਨੂੰ ਸੁਰਜੀਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ, ਜਿਸ ਸਬੰਧੀ ਜਲਦ ਹੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।

ਜੇਲ੍ਹ ਮੰਤਰੀ ਨੇ ਦੱਸਿਆ ਕਿ ਕੈਦੀਆਂ ਤੇ ਸਟਾਫ਼ ਦੋਵਾਂ ਦੀ ਮਨੋਵਿਗਿਆਨਕ ਸਹਾਇਤਾ ਲਈ ਪੰਜਾਬ ਜੇਲ੍ਹ ਵਿਕਾਸ ਬੋਰਡ ਅਧੀਨ ਤਿੰਨ ਕਾਉਂਸਲਰ ਨਿਯੁਕਤ ਕੀਤੇ ਗਏ ਹਨ।

Leave a Reply

Your email address will not be published. Required fields are marked *