ਹੁਸ਼ਿਆਰਪੁਰ, 21 ਜਨਵਰੀ : ਸਥਾਨਕ ਪੁਲਿਸ ਲਾਈਨ ਵਿਖੇ 26 ਜਨਵਰੀ ਨੂੰ ਮਨਾਏ ਜਾਣ ਵਾਲੇ 76ਵੇਂ ਗਣਤੰਤਰਤਾ ਦਿਵਸ ਮੌਕੇ ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਕੌਮੀ ਝੰਡਾ ਲਹਿਰਾਉਣਗੇ।ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਪੁਲਿਸ ਲਾਈਨ ਗਰਾਊਂਡ ਵਿਖੇ ਪਹੁੰਚ ਕੇ ਚੱਲ ਰਹੀ ਰਿਹਰਸਲ, ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਪੁਲਿਸ ਲਾਈਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਮਾਗਮ ਦੇ ਸੁਚਾਰੂ ਪ੍ਰਬੰਧਾਂ ਨੂੰ ਸਮੇਂ ਸਿਰ ਯਕੀਨੀ ਬਣਾਉਣ ਦੀ ਤਾਕੀਦ ਕੀਤੀ। ਉਨ੍ਹਾਂ ਨੇ ਵਿਭਾਗਾਂ ਨਾਲ ਸਬੰਧਤ ਕੰਮਾਂ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰ ਵਿਚ ਜਾਣਕਾਰੀ ਲੈਂਦਿਆਂ ਕਿਹਾ ਕਿ ਗਣਤੰਤਰ ਦਿਵਸ ਪੂਰੇ ਜੋਸ਼ ਅਤੇ ਦੇਸ਼ ਭਗਤੀ ਦੇ ਜਜ਼ਬੇ ਤੇ ਭਾਵਨਾ ਨਾਲ ਮਨਾਇਆ ਜਾਵੇ। ਉਨ੍ਹਾਂ ਨੇ ਰਿਹਰਸਲ ਕਰ ਰਹੇ ਸਕੂਲੀ ਵਿਦਿਆਰਥੀਆਂ ਦੀ ਹੌਸਲਾਅਫ਼ਜਾਈ ਕਰਦਿਆਂ ਪਰੇਡ ਦਾ ਜਾਇਜ਼ਾ ਵੀ ਲਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫੁੱਲ ਡਰੈਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ 10 ਝਾਕੀਆਂ ਤੋਂ ਇਲਾਵਾ ਸਕੂਲੀ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ’ਤੇ ਆਧਾਰਿਤ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਲੋੜਵੰਦ ਪਰਿਵਾਰਾਂ ਦੇ ਮੈਂਬਰਾਂ ਨੂੰ ਮੋਟਰ ਟਰਾਈਸਾਈਕਲ ਅਤੇ ਸਿਲਾਈ ਮਸ਼ੀਨਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।