ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਵੱਲੋਂ ਨਸ਼ਾ ਮੁਕਤੀ ਕੇਂਦਰ ਦਾ ਦੌਰਾ

Politics Punjab

ਫਿਰੋਜ਼ਪੁਰ, 27 ਫਰਵਰੀ:

ਜ਼ਿਲ੍ਹਾ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਅੱਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਸਥਾਪਿਤ ਨਸ਼ਾ ਮੁਕਤੀ ਕੇਂਦਰ ਦਾ ਦੌਰਾ ਕੀਤਾ ਅਤੇ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਜਿਲ੍ਹਾ ਫ਼ਿਰੋਜ਼ਪੁਰ ਦੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਵੀ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਨਾਲ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬੇ ਵਿੱਚੋਂ ਨਸ਼ੇ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਦੇ ਉਦੇਸ਼ ਨਾਲ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤੇ ਸਿਹਤ ਵਿਭਾਗ ਵੱਲੋਂ ਨਸ਼ੇ ਛੁਡਾਉੂ ਮੁਹਿੰਮ ਨੂੰ ਹੋਰ ਮਜ਼ਬੂਤ ਕਰਦੇ ਹੋਏ ਜ਼ਿਲ੍ਹੇ ਵਿੱਚ 19 ਓਟ ਸੈਂਟਰ ਅਤੇ 05 ਡਰੱਗ ਡੀ ਐਡਿਕਸ਼ਨ ਸੈਂਟਰ ਚਲਾਏ ਜਾ ਰਹੇ ਹਨ। ਉਨ੍ਹਾਂ ਇਸ ਮੌਕੇ ਨਸ਼ਾ ਰੋਗੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਸਬੰਧਤ ਸਟਾਫ ਨੂੰ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਉਣ ਦੇਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ। ਇਸ ਸਮੇਂ ਦਵਾਈਆਂ ਦੇ ਸਟਾਕ ਸਬੰਧੀ ਵੀ ਜਾਣਕਾਰੀ ਪ੍ਰਾਪਤ ਕੀਤੀ। 

ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਫ਼ਿਰੋਜ਼ਪੁਰ ਨੂੰ ਨਸ਼ਾ ਮੁਕਤੀ ਕੇਂਦਰ ਵਿਖੇ ਰੋਸ਼ਨੀ ਦਾ ਪ੍ਰਬੰਧ, ਪੀਣ ਵਾਲੇ ਪਾਣੀ ਲਈ ਆਰ. ਓਜ਼ ਦੀ ਸਫ਼ਾਈ, ਗਮਲਿਆਂ/ਬੂਟਿਆਂ ਦਾ ਪ੍ਰਬੰਧ ਕਰਨ, ਟਾਇਲਟਸ ਆਦਿ ਦੀ ਸਫ਼ਾਈ ਹੋਰ ਸੁਚੱਜੇ ਢੰਗ ਨਾਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਮਰੀਜ਼ਾਂ ਦੀ ਕਾਊਂਸਲਿੰਗ ਕਰਨ ਅਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਲਈ ਵੀ ਕਿਹਾ। ਉਨ੍ਹਾਂ ਨਸ਼ਾ ਮੁਕਤੀ ਕੇਂਦਰ ਦੇ ਆਲੇ-ਦੁਆਲੇ ਦੀ ਜਗ੍ਹਾ ਨੂੰ ਸੁੰਦਰ ਬਣਾਉਣ ਤੇ ਸਕਾਰਾਤਮਕ ਵਾਤਾਵਰਨ ਬਣਾਉਣ ਸਬੰਧੀ ਵੀ ਦਿਸ਼ਾ-ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਓਟ ਸੈਂਟਰ, ਨਸ਼ੇ ਵਿੱਚ ਗ੍ਰਸਤ ਵਿਅਕਤੀਆਂ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ 5 ਤੋਂ 10 ਕਿਲੋਮੀਟਰ ਦੇ ਦਾਇਰੇ ਵਿੱਚ ਇਲਾਜ ਲਈ ਸੌਖੀ ਪਹੁੰਚ ਪ੍ਰਾਪਤ ਕਰਨ ਵਿੱਚ ਵਰਦਾਨ ਸਾਬਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਂਟਰਾਂ ਵਿੱਚ ਰਜਿਸਟਰਡ ਨਸ਼ਾ ਰੋਗੀਆਂ ਨੂੰ ਨਸ਼ਾ ਛੱਡਣ ਲਈ ਮੁਫ਼ਤ ਦਵਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਸ਼ਾ ਰੋਗੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਸ਼ਾ ਛੱਡਣ ਵਾਲੇ ਨੌਜਵਾਨਾਂ ਲਈ ਰੋਜ਼ਗਾਰ ਪ੍ਰਾਪਤ ਕਰਨ ‘ਚ ਵੀ ਸੰਭਵ ਸਹਾਇਤਾ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਨਸ਼ਾ ਰੋਗੀਆਂ ਨੂੰ ਅਪੀਲ ਕੀਤੀ ਕਿ ਉਹ ਜਾਗਰੂਕ ਹੋਣ ਅਤੇ ਨਸ਼ਾ ਮੁਕਤੀ ਕੇਂਦਰਾਂ/ਓਟ ਕਲੀਨਿਕਾਂ ਵਿਖੇ ਪਹੁੰਚ ਕਰਨ ਤੇ ਇਸ ਬਿਮਾਰੀ ਤੋਂ ਛੁਟਕਾਰਾ ਪਾਉਣ ਲਈ ਆਪਣਾ ਇਲਾਜ ਕਰਵਾਉਣ। ਉਨ੍ਹਾਂ ਦੱਸਿਆ ਕਿ ਨਸ਼ੇ ਦੇ ਦੁਰਪ੍ਰਭਾਵਾਂ ਤੋਂ ਜਾਗਰੂਕ ਹੁੰਦਿਆਂ ਪੀੜਤ ਨਸ਼ੇ ਤੋਂ ਛੁਟਕਾਰਾ ਪਾਉਣ ਲਈ ਇਲਾਜ ਕਰਵਾਉਣ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਿਹਤ ਵਿਭਾਗ ਅਤੇ ਸਿੱਖਿਆ ਵਿਭਾਗ ਵੱਲੋ ਲਗਾਤਾਰ ਜਾਗਰੂਕਤਾ ਫੈਲਾ ਕੇ ਲੋਕਾਂ ਨੂੰ ਨਸ਼ੇ ਤੋਂ ਦੂਰ ਰਹਿਣ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸੈਂਟਰਾਂ ਵਿਖੇ ਨਸ਼ੇ ਤੋਂ ਪੀੜਤਾਂ ਲਈ ਇਲਾਜ ਬਿਲਕੁਲ ਮੁਫਤ ਅਤੇ ਮਾਹਿਰ ਡਾਕਟਰਾਂ ਦੀ ਨਿਗਰਾਨੀ ਅਧੀਨ ਹੀ ਮਰੀਜਾਂ ਦਾ ਇਲਾਜ ਕੀਤਾ ਜਾਂਦਾ ਹੈ। ਉਨ੍ਹਾਂ ਨਸ਼ਾ ਰੋਗੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ੇ ਵਰਗੀ ਨਾਮੁਰਾਦ ਬਿਮਾਰੀ ਨੂੰ ਛੱਡਣ ਲਈ ਅੱਗੇ ਆਉਣ ਤੇ ਓਟ ਕਲੀਨਿਕ ਸੈਂਟਰਾਂ ਵਿੱਚ ਪਹੁੰਚ ਕਰਕੇ ਆਪਦਾ ਇਲਾਜ ਕਰਵਾਉਣ। ਉਨ੍ਹਾਂ ਕਿਹਾ ਕਿ ਆਪਣਾ ਇਲਾਜ ਕਰਵਾਉਣ ਵਾਲੇ ਮਰੀਜਾਂ ਦੀ ਪਹਿਚਾਣ ਵੀ ਗੁਪਤ ਰੱਖੀ ਜਾਂਦੀ ਹੈ।

ਇਸ ਮੌਕੇ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਸਮੇਤ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *