ਚੰਡੀਗੜ੍ਹ, 6 ਮਾਰਚ
ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਢੇ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਬਣੀ ਸਬ ਕਮੇਟੀ ਦੇ ਮੈਂਬਰ ਟਰਾਂਸਪੋਰਟ ਮੰਤਰੀ ਸ਼ ਲਾਲਜੀਤ ਸਿੰਘ ਭੁੱਲਰ ਨੇ ਆਖਿਆ ਹੈ ਕਿ ਨਸ਼ਿਆਂ ਖਿਲਾਫ ਪੰਜਾਬ ਸਰਕਾਰ ਵਿੱਢੀ ਗਈ ਲੜਾਈ ਨੂੰ ਅੰਜਾਮ ਤੱਕ ਪਹੁੰਚਾਏਗੀ। ਉਹਨਾਂ ਨੇ ਕਿਹਾ ਕਿ ਨਸ਼ਾ ਮੁਕਤ ਤੇ ਰੰਗਲਾ ਪੰਜਾਬ ਸਿਰਜਣਾ ਸਾਡੀ ਸਭ ਦੀ ਸਾਂਝੀ ਜਿੰਮੇਵਾਰੀ ਹੈ ਅਤੇ ਸਮਾਜਿਕ ਭਾਗੀਦਾਰੀ ਨਾਲ ਅਸੀਂ ਇਸ ਟੀਚੇ ਨੂੰ ਪ੍ਰਾਪਤ ਕਰਾਂਗੇ।
ਕੈਬਨਿਟ ਮੰਤਰੀ ਸ਼੍ਰੀ ਲਾਲਜੀਤ ਸਿੰਘ ਭੁੱਲਰ ਨੇ ਫਾਜ਼ਿਲਕਾ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਨਿਰਦੇਸ਼ ਦਿੱਤੇ ਕਿ ਨਸ਼ਿਆਂ ਖਿਲਾਫ ਹਰੇਕ ਵਿਭਾਗ ਆਪਣੀ ਬਣਦੀ ਭੂਮਿਕਾ ਤਨਦੇਹੀ ਨਾਲ ਨਿਭਾਏ । ਉਹਨਾਂ ਨੇ ਕਿਹਾ ਕਿ ਨਸ਼ੇ ਤਸਕਰੀ ਨਾਲ ਨਜਾਇਜ਼ ਪ੍ਰਾਪਰਟੀਆਂ ਬਣਾਉਣ ਵਾਲਿਆਂ ਦੀਆਂ ਜਾਇਦਾਤਾਂ ਸੀਜ ਕੀਤੀਆਂ ਜਾ ਰਹੀਆਂ ਹਨ ਅਤੇ ਜੇਕਰ ਕਿਸੇ ਨੇ ਕੋਈ ਨਜਾਇਜ਼ ਉਸਾਰੀ ਕੀਤੀ ਹੈ ਤਾਂ ਉਸ ਨੂੰ ਵੀ ਢਾਇਆ ਜਾ ਰਿਹਾ ਹੈ । ਉਹਨਾਂ ਨੇ ਕਿਹਾ ਕਿ ਇਸ ਮੁਹਿੰਮ ਵਿੱਚ ਸਰਪੰਚਾਂ ਅਤੇ ਨਗਰ ਕੌਂਸਲਾਂ ਦੀ ਭੂਮਿਕਾ ਮਹੱਤਵਪੂਰਨ ਹੈ ਅਤੇ ਉਹ ਪਿੰਡਾਂ ਵਿੱਚ ਗ੍ਰਾਮ ਸਭਾ ਦੇ ਇਜਲਾਸ ਬੁਲਾ ਕੇ ਨਸ਼ੇ ਦੇ ਸਮਗਲਰਾਂ ਦਾ ਬਾਈਕਾਟ ਕਰਨ ਅਤੇ ਇਹ ਵੀ ਮਤੇ ਪਾਏ ਜਾਣ ਕਿ ਜੇਕਰ ਕੋਈ ਕਿਸੇ ਨਸ਼ਾ ਤਸਕਰ ਦੀ ਜਮਾਨਤ ਵੀ ਦੇਵੇਗਾ ਤਾਂ ਉਸ ਦਾ ਵੀ ਬਾਈਕਾਟ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਨਸ਼ੇ ਜਹਿਰ ਹਨ ਜੋ ਜੰਗਲ ਦੀ ਅੱਗ ਵਾਂਗ ਹਨ ਅਤੇ ਇਸ ਨੂੰ ਜੇਕਰ ਨਾ ਰੋਕਿਆ ਤਾਂ ਇਸ ਦਾ ਸਭ ਨੂੰ ਨੁਕਸਾਨ ਹੋਵੇਗਾ। ਉਨਾਂ ਨੇ ਕਿਹਾ ਕਿ ਸਾਰੇ ਵਰਗ ਇਸ ਵਿੱਚ ਯੋਗਦਾਨ ਦੇ ਰਹੇ ਹਨ।
ਕੈਬਨਿਟ ਮੰਤਰੀ ਨੇ ਇਸ ਮੌਕੇ ਜ਼ੋਰ ਦੇ ਕੇ ਕਿਹਾ ਕਿ ਨਸ਼ਾ ਤਸਕਰਾਂ ਦੀ ਸੂਚਨਾ ਵੇਲੇ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖਣ ਦੇ ਨਾਲ ਨਾਲ ਉਸਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ। ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੈਡੀਕਲ ਨਸ਼ਾ ਅਤੇ ਗੈਰ ਕਾਨੂੰਨੀ ਸ਼ਰਾਬ ਦੇ ਨਸ਼ੇ ਖਿਲਾਫ ਵੀ ਉਨੀ ਹੀ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਫਾਜ਼ਿਲਕਾ ਇੱਕ ਸਰਹੱਦੀ ਜ਼ਿਲ੍ਹਾ ਹੈ ਜਿਸ ਦੀ 79 ਕਿਲੋਮੀਟਰ ਸਰਹੱਦ ਰਾਜਸਥਾਨ ਨਾਲ ਅਤੇ 108 ਕਿਲੋਮੀਟਰ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ। ਇਸ ਲਈ ਇੱਥੇ ਐਂਟੀ ਡਰੋਨ ਟੈਕਨੋਲਜੀ ਲਗਾਉਣ ਦੀਆਂ ਸੰਭਾਵਨਾਵਾਂ ਵੀ ਸਰਕਾਰ ਤਲਾਸ਼ ਰਹੀ ਹੈ।
ਕੈਬਨਿਟ ਮੰਤਰੀ ਸ: ਭੁੱਲਰ ਨੇ ਕਿਹਾ ਕਿ ਬਹੁਤ ਸਾਰੇ ਪਿੰਡ ਅਜਿਹੇ ਹਨ ਜੋ ਨਸ਼ੇ ਖਿਲਾਫ ਇਸ ਮੁਹਿੰਮ ਵਿੱਚ ਚੰਗਾ ਕੰਮ ਕਰ ਰਹੇ ਹਨ ਅਤੇ ਜੋ ਪਿੰਡ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਣਗੇ, ਉਨਾਂ ਪਿੰਡਾਂ ਦੀਆਂ ਪੰਚਾਇਤਾਂ ਦਾ ਵੱਖਰੇ ਤੌਰ ਤੇ ਸਨਮਾਨ ਕਰਨ ਦੇ ਨਾਲ ਨਾਲ ਉਹਨਾਂ ਨੂੰ ਗਰਾਂਟਾਂ ਵਿੱਚ ਵੀ ਪਹਿਲ ਦਿੱਤੀ ਜਾਵੇਗੀ ਜਦਕਿ ਹੋਟ ਸਪੋਟ ਖੇਤਰਾਂ ਤੇ ਹੁਣ ਹੋਰ ਵਧੇਰੇ ਸਖਤੀ ਰਹੇਗੀ। ਇਸ ਮੌਕੇ ਇੱਕ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਬੱਸਾਂ ਦੇ ਡਰਾਈਵਰ ਕੰਡਕਟਰ ਜੋ ਪਾਰਸਲ ਇੱਕ ਜਗ੍ਹਾ ਤੋਂ ਦੂਜੇ ਥਾਂ ਲੈ ਜਾਂਦੇ ਹਨ ਉਸ ਤਰੀਕੇ ਨਾਲ ਕੋਈ ਤਸਕਰੀ ਨਾ ਹੋਵੇ ਇਸ ਸਬੰਧੀ ਟਰਾਂਸਪੋਰਟ ਵਿਭਾਗ ਵੱਲੋਂ ਸਖਤ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ ਅਤੇ ਜੇਕਰ ਕਿਸੇ ਤੋਂ ਕੋਈ ਬਰਾਮਦਗੀ ਹੁੰਦੀ ਹੈ ਤਾਂ ਸੰਬੰਧਿਤ ਬੱਸ ਦੇ ਡਰਾਈਵਰ ਜਾਂ ਕੰਡਕਟਰ ਦੇ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਇੱਥੇ ਪੁੱਜਣ ਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਜ਼ਿਲ੍ਹੇ ਦੀ ਰਿਪੋਰਟ ਉਨ੍ਹਾਂ ਨੂੰ ਦਿੱਤੀ।
ਅੰਜਾਮ ਤੱਕ ਪਹੁੰਚੇਗੀ ਲੜਾਈ, ਨਸ਼ਿਆਂ ਦਾ ਹੋਵੇਗਾ ਸਮੂਲ ਨਾਸ਼-ਲਾਲਜੀਤ ਸਿੰਘ ਭੁੱਲਰ


