ਫਾਜ਼ਿਲਕਾ, 7 ਮਾਰਚ
ਫਾਜ਼ਿਲਕਾ ਜ਼ਿਲ੍ਹੇ ਵਿੱਚ ਨਰਮੇ ਹੇਠ ਰਕਬਾ ਵਧਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੱਬਾਂ ਭਾਰ ਹੋ ਗਿਆ ਹੈ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਅੱਜ ਵੱਖ-ਵੱਖ ਵਿਭਾਗਾਂ ਨਾਲ ਬੈਠਕ ਕੀਤੀ ਤਾਂ ਜੋ ਆਉਣ ਵਾਲੇ ਨਰਮੇ ਦੇ ਸੀਜਨ ਸਬੰਧੀ ਅਗੇਤੇ ਪ੍ਰਬੰਧ ਕੀਤੇ ਜਾ ਸਕਣ। ਉਨਾਂ ਨੇ ਹਦਾਇਤ ਕੀਤੀ ਕਿ ਆਉਣ ਵਾਲੇ ਨਰਮੇ ਦੀ ਫਸਲ ਤੇ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਹੁਣੇ ਹੀ ਉਪਰਾਲੇ ਕਰਨ ਦੀ ਜਰੂਰਤ ਹੈ। ਉਹਨਾਂ ਨੇ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹਨਾਂ ਦੀਆਂ ਥਾਵਾਂ ਤੇ ਉੱਗੇ ਨਦੀਨ ਜਿਵੇਂ ਕੰਘੀ ਬੂਟੀ, ਪੀਲੀ ਬੂਟੀ, ਪੁੱਠਕੰਡਾ ਅਤੇ ਗਾਜਰ ਬੂਟੀ ਨੂੰ ਨਸ਼ਟ ਕੀਤਾ ਜਾਵੇ। ਉਹਨਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਹਨਾਂ ਦੇ ਖੇਤਾਂ ਨਜ਼ਦੀਕ ਇਹ ਨਦੀਨ ਹਨ ਤਾਂ ਇਹਨਾਂ ਨੂੰ ਨਸ਼ਟ ਕਰ ਦਿੱਤਾ ਜਾਵੇ ।
ਇਸੇ ਤਰਾਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗੁਲਾਬੀ ਸੂੰਡੀ ਦੀ ਰੋਕਥਾਮ ਲਈ ਲਾਜ਼ਮੀ ਹੈ ਕਿ ਛਟੀਆਂ ਨੂੰ ਹਿਲਾ ਕੇ ਉਸ ਵਿੱਚ ਲੁਕੇ ਲਾਰਵੇ ਨੂੰ ਨਸ਼ਟ ਕਰ ਦਿੱਤਾ ਜਾਵੇ। ਮੁੱਖ ਖੇਤੀਬਾੜੀ ਅਫਸਰ ਸੰਦੀਪ ਰਿਣਵਾਂ ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਵਿੱਚ ਨਰਮੇ ਹੇਠ ਰਕਬਾ 52 ਹਜਾਰ ਹੈਕਟੇਅਰ ਸੀ ਜਦ ਕਿ ਇਸ ਸਾਲ ਇਹ ਰਕਬਾ 63 ਹੈਕਟੇਅਰ ਕਰਨ ਦਾ ਟੀਚਾ ਮਿਥਿਆ ਗਿਆ ਹੈ। ਉਹਨਾਂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸੱਤ ਨਰਮਾ ਜਿਨਿੰਗ ਫੈਕਟਰੀਆਂ ਵਿੱਚ ਫੁਮੀਗੇਸ਼ਨ ਕਰਵਾਈ ਗਈ ਹੈ ਤਾਂ ਜੋ ਉੱਥੇ ਲੁਕੇ ਗੁਲਾਬੀ ਸੁੰਡੀ ਦੇ ਲਾਰਵੇ ਨੂੰ ਨਸ਼ਟ ਕੀਤਾ ਜਾ ਸਕੇ।
ਬੈਠਕ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ, ਐਸਡੀਐਮ ਕੰਵਰਜੀਤ ਸਿੰਘ ਮਾਨ ਤੋਂ ਇਲਾਵਾ ਸਹਿਕਾਰੀ ਸਭਾਵਾਂ, ਸਿੱਖਿਆ ਵਿਭਾਗ, ਵਨ ਵਿਭਾਗ, ਮੰਡੀ ਬੋਰਡ, ਬੀ ਐਂਡ ਆਰ, ਜਲ ਸਰੋਤ ਤੇ ਡਰੇਨੇਜ ਅਤੇ ਬਾਗਵਾਨੀ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਪਿੰਡਾਂ ਵਿੱਚ ਕੈਂਪ ਲਗਾ ਕੇ ਕਿਸਾਨਾਂ ਨੂੰ ਨਰਮੇ ਦੀ ਕਾਸਤ ਸਬੰਧੀ ਤਕਨੀਕੀ ਜਾਣਕਾਰੀ ਮੁਹਈਆ ਕਰਵਾਈ ਜਾਵੇ।
ਨਰਮੇ ਹੇਠ ਰਕਬਾ ਵਧਾਉਣ ਲਈ ਖੇਤੀਬਾੜੀ ਵਿਭਾਗ ਪੱਬਾਂ ਭਾਰ, ਡਿਪਟੀ ਕਮਿਸ਼ਨਰ ਨੇ ਕੀਤੀ ਬੈਠਕ


