ਚੰਡੀਗੜ੍ਹ, 12 ਮਾਰਚ:
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਵਿਭਾਗੀ ਅਧਿਕਾਰੀਆਂ ਨੂੰ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਅੱਜ ਇੱਥੇ ਪੰਜਾਬ ਰੋਡਵੇਜ਼/ਪਨਬਸ, ਪੀ.ਆਰ.ਟੀ.ਸੀ. ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਦੇ ਕੰਮ-ਕਾਜ ਦੀ ਸਮੀਖਿਆ ਕਰਨ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਵੀਂਆਂ ਬੱਸਾਂ ਖ਼ਰੀਦਣ ਦੀ ਕਾਰਵਾਈ ਨੂੰ ਤੇਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਮਿੱਥੇ ਗਏ ਟੀਚਿਆਂ ਨੂੰ ਸਮੇਂ ਸਿਰ ਹਾਸਲ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਸਰਕਾਰੀ ਮਾਲੀਏ ਨੂੰ ਵਧਾਉਣ ਦ ਦਿਸ਼ਾ ‘ਚ ਕਦਮ ਚੁੱਕੇ ਜਾਣ।
ਸ. ਭੁੱਲਰ ਨੇ ਦਿੱਲੀ ਵਿਖੇ ਪ੍ਰਦੂਸ਼ਣ ਦੀ ਸਮੱਸਿਆ ਨੂੰ ਘਟਾਉਣ ਲਈ ਦਿੱਲੀ ਏਅਰਪੋਰਟ ‘ਤੇ ਕੇਵਲ ਬੀ.ਐਸ.-6 ਬੱਸਾਂ ਆਉਣ-ਜਾਣ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲਈ ਨਵੀਆਂ ਬੀ.ਐਸ.-6 ਬੱਸਾਂ ਖਰੀਦਣ ਲਈ ਲੋੜੀਂਦੇ ਕਦਮ ਚੁੱਕਣ ਦੇ ਆਦੇਸ਼ ਵੀ ਦਿੱਤੇ। ਉਨ੍ਹਾਂ ਵਿਭਾਗ ਵੱਲੋਂ ਨਵੀਆਂ ਬੱਸਾਂ ਖਰੀਦਣ ਲਈ ਟੈਂਡਰ ਪ੍ਰਕਿਰਿਆ ਜਲਦ ਪੂਰੀ ਕਰਨ ਦੇ ਨਿਰਦੇਸ਼ ਵੀ ਦਿੱਤੇ।
ਕੈਬਨਿਟ ਮੰਤਰੀ ਨੇ ਕਿ ਸੂਬੇ ਦੇ ਬੱਸ ਅੱਡਿਆਂ ਨੰ ਦੀ ਸਾਂਭ-ਸੰਭਾਲ ਅਤੇ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਸੇਵਾਵਾਂ ਨੂੰ ਹੋਰ ਪ੍ਰਭਾਵੀ ਬਣਾਇਆ ਜਾਵੇ ਅਤੇ ਸਰਵਿਸ ਡਿਲੀਵਰੀ ਸਮਾਂਬੱਧ ਤਰੀਕੇ ਨਾਲ ਪ੍ਰਦਾਨ ਕਰਨ ਨੂੰ ਯਕੀਨੀ ਬਣਾਇਆ ਜਾਵੇ।
ਮੀਟਿੰਗ ਦੌਰਾਨ ਪੀ.ਆਰ.ਟੀ.ਸੀ ਦੇ ਵਾਈਸ ਚੇਅਰਮੈਨ ਸ. ਬਲਵਿੰਦਰ ਸਿੰਘ, ਵਧੀਕ ਮੁੱਖ ਸਕੱਤਰ ਟਰਾਂਸਪੋਰਟ ਸ੍ਰੀ ਡੀ.ਕੇ. ਤਿਵਾੜੀ, ਐਸ.ਟੀ.ਸੀ. ਸ੍ਰੀ ਜਸਪ੍ਰੀਤ ਸਿੰਘ, ਐਮ.ਡੀ. ਪਨਬੱਸ ਸ੍ਰੀ ਰਾਜੀਵ ਕੁਮਾਰ ਗੁਪਤਾ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।