ਚੰਡੀਗੜ੍ਹ, 19 ਮਾਰਚ, 2025:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਵੇਰਕਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸਰਬਜੀਤ ਸਿੰਘ ਜੋ ਮੌਜੂਦਾ ਸਮੇਂ ਥਾਣਾ ਇਸਲਾਮਾਬਾਦ ਵਿਖੇ ਤਾਇਨਾਤ ਹੈ, ਨੂੰ 3,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਗਿਲਾਂਵਾਲੀ, ਤਹਿਸੀਲ ਬਟਾਲਾ ਦੇ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਕੀਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸਦੇ ਖਿਲਾਫ ਥਾਣਾ ਵੇਰਕਾ ਵਿਖੇ ਇੱਕ ਐਫ.ਆਈ.ਆਰ. ਦਰਜ ਕੀਤੀ ਗਈ ਸੀ, ਜਿਸ ਵਿੱਚ ਏ.ਐਸ.ਆਈ. ਸਰਬਜੀਤ ਸਿੰਘ ਤਫਤੀਸ਼ੀ ਅਫਸਰ (ਆਈ.ਓ.) ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਕੇਸ ਵਿੱਚ ਜ਼ਬਤ ਕੀਤੀ ਗਈ ਉਸਦੀ ਕਾਰ ਦੀ ਸਪੁਰਦਾਰੀ ਦੇਣ ਬਦਲੇ ਉਕਤ ਏ.ਐਸ.ਆਈ. ਨੇ ਉਸ ਕੋਲੋਂ 3,000 ਰੁਪਏ ਰਿਸ਼ਵਤ ਮੰਗੀ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਅਤੇ ਸਬੂਤਾਂ ਦੀ ਡੂੰਘਾਈ ਨਾਲ ਜਾਂਚ ਦੌਰਾਨ ਇਸ ਗੱਲ ਦੀ ਪੁਸ਼ਟੀ ਹੋਈ ਹੈ ਕਿ ਦੋਸ਼ੀ ਨੇ ਰਿਸ਼ਵਤ ਲਈ ਸੀ। ਇਸ ਸਬੰਧੀ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।