ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀ

Politics Punjab

ਨੈਣਾ ਦੇਵੀ, 4 ਅਪਰੈਲ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ, ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਜੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰੇਗੀ।

ਮਾਤਾ ਸ੍ਰੀ ਨੈਣਾ ਦੇਵੀ ਜੀ ਮੰਦਰ ਵਿਖੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਹਿਮਾਚਲ ਪ੍ਰਦੇਸ਼ ਦੇ ਆਪਣੇ ਹਮਰੁਤਬਾ ਨੂੰ ਬੇਨਤੀ ਕਰਨਗੇ ਕਿ ਉਹ ਵੱਡੇ ਜਨਤਕ ਹਿੱਤਾਂ ਲਈ ਇਸ ਪ੍ਰੋਜੈਕਟ ਨੂੰ ਤੇਜ਼ੀ ਨਾਲ ਨੇਪਰੇ ਚੜ੍ਹਾਉਣ ਲਈ ਅਧਿਕਾਰੀਆਂ ਦਾ ਇੱਕ ਸਾਂਝਾ ਐਕਸ਼ਨ ਗਰੁੱਪ ਬਣਾਉਣ। ਉਨ੍ਹਾਂ ਆਸ ਪ੍ਰਗਟਾਈ ਕਿ ਕਿ ਰੋਪਵੇਅ ਇਨ੍ਹਾਂ ਦੋਵਾਂ ਇਤਿਹਾਸਕ ਅਤੇ ਧਾਰਮਿਕ ਸਥਾਨਾਂ ’ਤੇ ਦਰਸ਼ਨਾਂ ਲਈ ਜਾਣ ਵਾਲੇ ਲੱਖਾਂ ਸ਼ਰਧਾਲੂਆਂ ਨੂੰ ਸੁਚਾਰੂ ਅਤੇ ਨਿਰਵਿਘਨ ਆਵਾਜਾਈ ਦੀ ਸਹੂਲਤ ਪ੍ਰਦਾਨ ਕਰੇਗਾ। ਉਨ੍ਹਾਂ ਦੁੱਖ ਪ੍ਰਗਟ ਕੀਤਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਕੂੜ-ਪ੍ਰਚਾਰ ਤੇ ਬੇਅਰਥ ਦਾਅਵਿਆਂ ਦੇ ਬਾਵਜੂਦ ਇਹ ਪ੍ਰੋਜੈਕਟ ਸਿਰੇ ਨਹੀਂ ਚੜ੍ਹ ਸਕਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸ੍ਰੀ ਆਨੰਦਪੁਰ ਸਾਹਿਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸ੍ਰੀ ਨੈਣਾ ਦੇਵੀ, ਦੁਨੀਆ ਭਰ ਦੇ ਸ਼ਰਧਾਲੂਆਂ ਦੁਆਰਾ ਜਾਣ ਵਾਲੇ ਪ੍ਰਸਿੱਧ ਤੀਰਥ ਸਥਾਨ ਹਨ ਅਤੇ ਇਹ ਰੋਪਵੇਅ ਸ਼ਰਧਾਲੂਆਂ ਨੂੰ ਇੱਕ ਦੂਜੇ ਤੋਂ ਕਾਫ਼ੀ ਦੂਰ ਸਥਿਤ ਇਨ੍ਹਾਂ ਦੋਵਾਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੀ ਸੁਖਾਲੀ ਸਹੂਲਤ ਪ੍ਰਦਾਨ ਕਰੇਗਾ।

ਇਸ ਦੌਰਾਨ ਨਵਰਾਤਿਆਂ ਦੇ ਚੱਲ ਰਹੇ ਤਿਉਹਾਰ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਕਤੀਪੀਠ ਸ੍ਰੀ ਮਾਤਾ ਨੈਣਾ ਦੇਵੀ ਜੀ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਲੋਕਾਂ ਨੂੰ ਨਵਰਾਤਿਆਂ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਨੇ  ਕਿਹਾ ਕਿ ਨਵਰਾਤਿਆਂ ਦਾ ਤਿਉਹਾਰ ਮਾਤਾ ਦੁਰਗਾ ਦੇਵੀ ਦੀ ਦੈਂਤਾਂ ਉੱਤੇ ਜਿੱਤ ਦਾ ਪ੍ਰਤੀਕ ਹੈ, ਜੋ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਜਸ਼ਨ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਸ ਪਵਿੱਤਰ ਧਰਤੀ ‘ਤੇ ਪੰਜਾਬ ਵਿੱਚੋਂ ਨਸ਼ਿਆਂ ਦੇ ਦੈਂਤ ਨੂੰ ਖ਼ਤਮ ਕਰਨ ਲਈ ਮਾਂ ਦੁਰਗਾ ਦਾ ਆਸ਼ੀਰਵਾਦ ਲੈਣ ਆਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਉਹ ਪਵਿੱਤਰ ਦਿਨ ਹਨ, ਜਦੋਂ ਫ਼ਿਜ਼ਾ ਵਿੱਚ ਹੀ ਸ਼ਰਧਾ ਅਤੇ ਉਤਸ਼ਾਹ ਹੁੰਦਾ ਹੈ ਕਿਉਂਕਿ ਸ਼ਰਧਾਲੂ ਦੇਵੀ ਦੁਰਗਾ ਦੀ ਵੱਖ-ਵੱਖ ਰੂਪਾਂ ਵਿੱਚ ਪੂਜਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਅਧਿਆਤਮਕ ਚਿੰਤਨ, ਵਰਤ, ਪ੍ਰਾਰਥਨਾ ਅਤੇ ਸਿਹਤ, ਖੁਸ਼ਹਾਲੀ ਤੇ ਭਲਾਈ ਲਈ ਅਸੀਸ ਲੈਣ ਦਾ ਸਮਾਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੀ ਸੇਵਾ ਹੋਰ ਜੋਸ਼ ਅਤੇ ਲਗਨ ਨਾਲ ਕਰਨ ਲਈ ਮਾਂ ਦੁਰਗਾ ਤੋਂ ਆਸ਼ੀਰਵਾਦ ਲੈਣ ਲਈ ਪਾਵਨ ਸ਼ਕਤੀਪੀਠ ਵਿਖੇ ਮੱਥਾ ਟੇਕਿਆ।
ਮੁੱਖ ਮੰਤਰੀ ਨੇ ਅਰਦਾਸ ਕੀਤੀ ਕਿ ਮਾਤਾ ਰਾਣੀ ਉਨਾਂ ਨੂੰ ਸੂਬੇ ਦੇ ਲੋਕਾਂ ਦੀ ਪੂਰੀ ਨਿਮਰਤਾ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰਨ ਦਾ ਬਲ ਬਖ਼ਸ਼ਣ। ਉਨ੍ਹਾਂ ਨੇ ਮਾਤਾ ਰਾਣੀ ਤੋਂ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦ-ਭਾਵ ਤੋਂ ਉੱਤੇ ਉੱਠ ਕੇ  ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦਾ ਆਸ਼ੀਰਵਾਦ ਮੰਗਿਆ ਤਾਂ ਜੋ ਸਦਭਾਵਨਾ ਵਾਲਾ ਸਮਾਜ ਸਿਰਜਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਜ ਵਿੱਚ ਪਿਆਰ, ਭਾਈਚਾਰਾ ਅਤੇ ਸਦਭਾਵਨਾ ਦੇ ਸਿਧਾਂਤਾਂ ਨੂੰ ਹਰ ਹੀਲੇ ਬਰਕਰਾਰ ਰੱਖਣਾ, ਉਨ੍ਹਾਂ ਦੀ ਸਰਕਾਰ ਦੀ ਤਰਜੀਹ ਰਹੇਗੀ।

ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ, ਸਮਰਪਣ ਅਤੇ ਵਚਨਬੱਧਤਾ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਣ ਲਈ ਮਾਤਾ ਰਾਣੀ ਦਾ ਸ਼ੁਕਰਾਨਾ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੁਨੀਆ ਭਰ ਦੇ ਲੱਖਾਂ ਲੋਕਾਂ ਲਈ ਪ੍ਰੇਰਨਾ ਅਤੇ ਸਾਕਾਰਾਤਮਕਤਾ ਦਾ ਸਰੋਤ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨਾ ਉਨ੍ਹਾਂ ਲਈ ਵਿਲੱਖਣ ਅਨੁਭਵ ਰਿਹਾ। ਉਨ੍ਹਾਂ ਕਿਹਾ ਕਿ ਪਰਮਾਤਮਾ ਦੀ ਕਿਰਪਾ ਨਾਲ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਕੋਈ ਕਸਰ ਨਹੀਂ ਛੱਡ ਰਹੇ ਹਨ ਅਤੇ ਸਰਕਾਰ ਵੱਲੋਂ ਲੋਕ-ਪੱਖੀ ਤੇ ਵਿਕਾਸ-ਮੁਖੀ ਨੀਤੀਆਂ ਲਾਗੂ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

Leave a Reply

Your email address will not be published. Required fields are marked *