ਚੰਡੀਗੜ੍ਹ/ਕੋਟਕਪੂਰਾ, 9 ਅਪ੍ਰੈਲ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਆਪਣੇ ਹਲਕੇ ਦੇ ਪਿੰਡਾਂ ਦੇਵੀਵਾਲਾ, ਸਿਰਸੜੀ ਅਤੇ ਕੋਟਸੁਖੀਆ ਦੇ ਸਕੂਲਾਂ ਲਈ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।
ਸਕੂਲਾਂ ਵਿੱਚ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸਾਡੀ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਨੂੰ ਖੁਸ਼ਹਾਲ ਅਤੇ ਪ੍ਰਗਤੀਸ਼ੀਲ ਸੂਬਾ ਬਣਾਉਣਾ ਹੈ, ਜੋ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਹੀ ਸਾਕਾਰ ਕੀਤਾ ਜਾ ਸਕਦਾ ਹੈ। ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਵੱਡੇ ਸੁਧਾਰ ਅਤੇ ਵਿਕਾਸ ਕਾਰਜ ਅਮਲ ਵਿੱਚ ਲਿਆ ਰਹੀ ਹੈ, ਜਿਸ ਸਦਕਾ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਤਬਦੀਲ ਕਰਨ ਨੂੰ ਤਰਜੀਹ ਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਜਟ ਦਾ ਵੱਡਾ ਹਿੱਸਾ ਸਿੱਖਿਆ ‘ਤੇ ਖਰਚ ਕਰਦੀ ਰਹੇਗੀ ਅਤੇ ਹੁਣ ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਲੈਬਾਂ, ਡਿਜੀਟਲ ਬਲੈਕਬੋਰਡ, ਅਤਿ-ਆਧੁਨਿਕ ਸਾਇੰਸ ਲੈਬਾਂ, ਬਿਹਤਰ ਬੁਨਿਆਦੀ ਢਾਂਚਾ ਆਦਿ ਵਰਗੀਆਂ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ੀ ਸੰਸਥਾਵਾਂ ਤੋਂ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਸਕਣ।
ਸਪੀਕਰ ਸੰਧਵਾਂ ਨੇ ਅੱਜ ਕੋਟਕਪੂਰਾ ਦੇ ਸਰਕਾਰੀ ਹਾਈ ਸਕੂਲ ਦੇਵੀਵਾਲਾ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਿੱਥੇ ਵਿਕਾਸ ਕਾਰਜਾਂ ‘ਤੇ 54.40 ਲੱਖ ਰੁਪਏ ਖਰਚ ਕੀਤੇ ਗਏ ਹਨ। ਇਸੇ ਤਰ੍ਹਾਂ ਉਨ੍ਹਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ, ਸਿਰਸੜੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੋਟਸੁਖੀਆ ਦੇ ਵਿਕਾਸ ਕਾਰਜਾਂ ਦਾ ਵੀ ਉਦਘਾਟਨ ਕੀਤਾ ਜਿੱਥੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਲੱਖਾਂ ਰੁਪਏ ਖਰਚ ਕੀਤੇ ਗਏ ਹਨ।