ਕੋਟਕਪੂਰਾ 19 ਅਪ੍ਰੈਲ
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਹਲਕਾ ਕੋਟਕਪੂਰਾ ਦੇ ਪਿੰਡ ਦੇਵੀਵਾਲਾ ਵਿਖੇ ਕਣਕ ਦੀ ਫਸਲ ਨੂੰ ਲੱਗੀ ਅੱਗ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਲੋਕਾਂ ਦੇ ਸਹਿਯੋਗ ਨਾਲ ਅੱਗ ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਕਬੇ ਦੀ ਗਿਰਦਾਵਰੀ ਕਰਵਾਈ ਜਾਵੇ ਤਾਂ ਜੋ ਨੁਕਸਾਨੀ ਗਈ ਫਸਲ ਦਾ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿੰਨਾ ਸਮਾਂ ਕਣਕ ਦੀ ਕਟਾਈ ਦਾ ਕੰਮ ਚੱਲ ਰਿਹਾ ਹੈ ਉਨਾਂ ਸਮਾਂ ਤੂੜੀ ਵਾਲੀਆਂ ਮਸ਼ੀਨਾਂ ਨਾ ਚਲਾਈਆਂ ਜਾਣ। ਇਸ ਸਬੰਧੀ ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਲਿਖਤੀ ਹੁਕਮ ਜਾਰੀ ਕਰਨ ਦੀ ਵੀ ਹਦਾਇਤ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।