ਚੰਡੀਗੜ੍ਹ, 7 ਮਈ:
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨਵ-ਨਿਯੁਕਤ ਚੇਅਰਮੈਨ ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ ਨੂੰ ਅਹੁਦੇ ਦੀ ਸਹੁੰ ਚੁਕਾਈ।
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇੱਥੇ ਪੰਜਾਬ ਰਾਜ ਭਵਨ ਵਿਖੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ।
ਨਵੇਂ ਪੀ.ਪੀ.ਐਸ.ਸੀ. ਚੇਅਰਮੈਨ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਦਰਸ਼ੀ ਢੰਗ ਨਾਲ ਵੱਖ-ਵੱਖ ਅਹੁਦਿਆਂ ‘ਤੇ ਯੋਗ ਉਮੀਦਵਾਰਾਂ ਦੀ ਚੋਣ ਲਈ ਪੀ.ਪੀ.ਐਸ.ਸੀ. ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਦਸੰਬਰ 1987 ਵਿੱਚ ਕੋਰ ਆਫ਼ ਇੰਜਨੀਅਰਜ਼ ਵਿੱਚ ਕਮਿਸ਼ਨ ਪ੍ਰਾਪਤ ਮੇਜਰ ਜਨਰਲ (ਸੇਵਾਮੁਕਤ) ਸੈਣੀ, ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ ਅਤੇ ਇਸ ਸਮੇਂ ਮੁਹਾਲੀ ਦੇ ਵਾਸੀ ਹਨ। ਉਹ ਪਿਛਲੇ ਸਾਲ ਅਕਤੂਬਰ ਵਿੱਚ ਭਾਰਤੀ ਫੌਜ ਤੋਂ ਸੇਵਾਮੁਕਤ ਹੋਏ ਸਨ।
ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਰਾਜਪਾਲ ਦੇ ਪ੍ਰਮੁੱਖ ਸਕੱਤਰ ਵੀ.ਪੀ. ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਹੋਰ ਪਤਵੰਤੇ ਹਾਜ਼ਰ ਸਨ।