ਫਾਜ਼ਿਲਕਾ 10 ਮਈ
ਭਾਰਤ ਪਾਕਿਸਤਾਨ ਸਰਹੱਦ ਉੱਤੇ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸੇ ਸੰਦਰਭ ਵਿਚ ਅੱਜ ਸੀਨਿਅਰ ਆਈਏਐਸ ਅਫ਼ਸਰ ਸ੍ਰੀ ਮਨਵੇਸ਼ ਸਿੰਘ ਸਿੱਧੂ ਨੇ ਜ਼ਿਲ੍ਹੇ ਦਾ ਦੌਰਾ ਕਰਕੇ ਇੱਥੇ ਕਿਸੇ ਵੀ ਪੈਦਾ ਹੋਣ ਵਾਲੀ ਮੁਸਕਿਲ ਹਲਾਤ ਨਾਲ ਨਜਿੱਠਣ ਲਈ ਕੀਤੀਆਂ ਤਿਆਰੀਆਂ ਦੀ ਸਮੀਖਿਆ ਲਈ ਬੈਠਕ ਕੀਤੀ।
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜਿਲ੍ਹੇ ਵਿੱਚ ਸਿਹਤ ਸੇਵਾਵਾਂ, ਖੁਰਾਕ ਤੇ ਸਿਵਲ ਸਪਲਾਈ ਬਿਜਲੀ, ਜਲ ਸਪਲਾਈ, ਦੇ ਨਾਲ-ਨਾਲ ਸਿਵਲ ਤੇ ਫੌਜ ਦਰਮਿਆਨ ਤਾਲਮੇਲ ਰੱਖਣਾ ਅਤਿ ਜਰੂਰੀ ਹੈ, ਤਾਂ ਜੋ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਅਜਿਹੇ ਸਮੇਂ ਕਿਸੇ ਕਿਸਮ ਦੀ ਕੋਈ ਕਾਲਾਬਜਾਰੀ ਨਾ ਹੋਵੇ ਅਤੇ ਨਾ ਹੀ ਕੋਈ ਬੇਲੋੜੀ ਜਮਾਂਖੋਰੀ ਕਰੇ। ਕੀਮਤਾਂ ਤੇ ਵੀ ਸਖ਼ਤ ਨਜਰ ਰੱਖੀ ਜਾਵੇ। ਹਰੇਕ ਖੇਤਰ ਤੱਕ ਪੀਣ ਦਾ ਸਾਫ ਪਾਣੀ ਪੁੱਜੇ ਅਤੇ ਸਿਹਤ ਵਿਵਸਥਾ ਹਰ ਸਮੇਂ ਤਿਆਰ ਰਹੇ।
ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਔਖੀ ਘੜੀ ਵਿੱਚ ਲੋਕਾਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਵਿਸ਼ੇਸ਼ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗੀ ਅਧਿਕਾਰੀ ਦੀ ਡਿਊਟੀ ਦੇ ਨਾਲ ਨਾਲ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਰਕੇ ਆਮ ਲੋਕਾਂ ਨੂੰ ਅਫਵਾਵਾਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਜਾਵੇ। ਉਨ੍ਹਾਂ ਨੇ ਜ਼ਿਲ੍ਹਾਂ ਵਾਸੀਆਂ ਨੂੰ ਵੀ ਕਿਹਾ ਕਿ ਪ੍ਰਸ਼ਾਸਨ ਪੂਰੀ ਤਰਾਂ ਮੁਸਤੈਦ ਹੈ ਤੇ ਲੋਕ ਕਿਸੇ ਘਬਰਾਹਟ ਵਿਚ ਨਾ ਆਉਣ।
ਉਨ੍ਹਾਂ ਕਿਹਾ ਕਿ ਜਿਲ੍ਹਾ ਫਾਜ਼ਿਲਕਾ ਵਿੱਚ ਹਰੇਕ ਪ੍ਰਕਾਰ ਦੀਆਂ ਜਰੂਰੀ ਵਸਤਾਂ ਦਾ ਸਟਾਕ ਉਪਲਬੱਧ ਹੈ। ਜਿਲ੍ਹਾ ਪ੍ਰਸ਼ਾਸਨ ਵੱਲੋਂ ਕਾਲਾਬਾਜਾਰੀ ਜਾਂ ਜਮਾਂਖੋਰੀ ਕਰਨ ਵਾਲਿਆਂ ਤੇ ਪੈਨੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਆਮ ਲੋਕਾਂ ਨੂੰ ਖਾਣ- ਪੀਣ, ਪੈਟਰੋਲ, ਡੀਜ਼ਲ ਅਤੇ ਹੋਰ ਰੋਜਾਨਾਂ ਦੀਆਂ ਲੋੜੀਂਦੀਆਂ ਵਸਤਾਂ ਸਟੋਰੇਜ਼ ਨਾ ਕਰਨ ਲਈ ਵੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਲੈਕ ਆਊਟ ਦੀ ਸਥਿਤੀ ਸਮੇਂ ਕੋਈ ਵੀ ਬੇਲੌੜੀ ਲਾਈਟਾਂ ਜਗਾਉਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਬਲੈਕ ਆਉਟ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਨਾ ਹੋਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਐਮਰਜੈਂਸੀ ਹਾਲਾਤਾਂ ਨਾਲ ਨਜਿੱਠਣ ਲਈ ਫਾਇਰਬ੍ਰਿਗੇਡ, ਸਿਹਤ ਸੁਵਿਧਾਵਾਂ ਸਮੇਤ ਜਿਲ੍ਹੇ ਅੰਦਰ ਖਾਣ-ਪੀਣ, ਜਰੂਰੀ ਵਸਤਾਂ ਦਾ ਸਟਾਕ ਲੋੜ ਅਨੁਸਾਰ ਉਪਲਬੱਧ ਹੈ ਉਨ੍ਹਾਂ ਦੱਸਿਆ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ 24 ਘੰਟੇ ਸਥਿਤੀ ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਜਿਲ੍ਹੇ ਦੇ ਲੋਕਾਂ ਦੀ ਬਿਹਤਰੀ ਲਈ ਪ੍ਰਸ਼ਾਸਨ ਪੂਰੀ ਮੁਸ਼ਤੈਦੀ ਨਾਲ ਕੰਮ ਕਰ ਰਿਹਾ ਹੈ।
ਇਸ ਮੌਕੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ, ਏਡੀਸੀ ਜਨਰਲ ਡਾ: ਮਨਦੀਪ ਕੌਰ, ਏਡੀਸੀ ਵਿਕਾਸ ਸ੍ਰੀ ਸੁਭਾਸ਼ ਚੰਦਰ, ਐਸਡੀਐਮ ਸ੍ਰੀ ਕ੍ਰਿਸ਼ਨਾ ਪਾਲ ਰਾਜਪੂਤ, ਸ੍ਰੀ ਕੰਵਰਜੀਤ ਸਿੰਘ ਮਾਨ, ਸ੍ਰੀਮਤੀ ਵੀਰਪਾਲ ਕੌਰ, ਡੀਡੀਪੀਓ ਨੀਰੂ ਗਰਗ, ਡੀਐਫਐਸਸੀ ਵੰਦਨਾ ਕੰਬੋਜ, ਡਾ: ਐਰਿਕ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।