ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਮਾਰਚ:
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵੀਰਵਾਰ ਨੂੰ ਕਿਹਾ ਕਿ ਦੇਸ਼ ਵਿੱਚ ਲੋਕਤੰਤਰ ਦੀ ਰਾਖੀ ਦੇ ਨਾਲ-ਨਾਲ ਇੱਕ ਮਜ਼ਬੂਤ ਅਤੇ ਜੀਵੰਤ ਰਾਸ਼ਟਰ ਦੇ ਨਿਰਮਾਣ ਲਈ ਔਰਤਾਂ ਦਾ ਯੋਗਦਾਨ ਮਹੱਤਵਪੂਰਨ ਹੈ।
ਮੋਹਾਲੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਲਈ ਕਵਾਡਰੈਂਟ ਟੈਲੀਵੈਂਚਰਜ਼ ਲਿਮਟਿਡ (ਕਨੈਕਟ ਬਰਾਡਬੈਂਡ) ਦੀਆਂ ਮਹਿਲਾ ਸਟਾਫ਼ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਰਾਜਨੀਤੀ ਵਿੱਚ ਔਰਤਾਂ ਦੀ ਸਰਗਰਮ ਭਾਗੀਦਾਰੀ ਨਾਲ ਨਾਗਰਿਕਾਂ ਦੀਆਂ ਲੋੜਾਂ ਪ੍ਰਤੀ ਵਧੇਰੇ ਜਵਾਬਦੇਹੀ ਸਮੇਤ ਲੋਕਤੰਤਰੀ ਸ਼ਾਸਨ ਲਈ ਠੋਸ ਲਾਭ ਹੁੰਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਔਰਤਾਂ ਤੋਂ ਵੱਧ ਕੋਈ ਵੀ ਚੋਣਾਂ ਦੀ ਮਹੱਤਤਾ ਨੂੰ ਨਹੀਂ ਸਮਝਦਾ ਅਤੇ ਇਸ ਸਮਾਗਮ ਦਾ ਉਦੇਸ਼ ਮਹਿਲਾ ਸਟਾਫ਼ ਦੀ ਆਪਣੇ ਕੰਮ ਪ੍ਰਤੀ ਦ੍ਰਿੜ ਵਚਨਬੱਧਤਾ ਅਤੇ ਸਮਰਪਣ ਨੂੰ ਸਵੀਕਾਰ ਕਰਨਾ ਹੈ। ਉਹ ਨਾ ਸਿਰਫ਼ ਘਰੇਲੂ ਕੰਮਾਂ ਦਾ ਪ੍ਰਬੰਧ ਕਰਦੀਆਂ ਹਨ ਸਗੋਂ ਆਪਣੇ ਪੇਸ਼ੇਵਰ ਕਰਤੱਵਾਂ ਨੂੰ ਵੀ ਕੁਸ਼ਲਤਾ ਨਾਲ ਨਿਭਾਉਂਦੀਆਂ ਹਨ।
ਉਨ੍ਹਾਂ ਕਿਹਾ ਕਿ ਔਰਤਾਂ ਦਾ ਮੇਹਨਤੀ ਸੁਭਾਅ ਹਰ ਕਿਸੇ ਨੂੰ ਵੱਡੇ ਸੁਪਨੇ ਦੇਖਣ ਲਈ ਪ੍ਰੇਰਿਤ ਕਰਦਾ ਹੈ। ਬਹੁਤ ਸਾਰੇ ਲੋਕ ਆਪਣੇ ਪੇਸ਼ੇਵਰ ਅਤੇ ਨਿੱਜੀ ਜੀਵਨ ਵਿੱਚ ਇੱਕ ਮਾਪਦੰਡ ਸਥਾਪਤ ਕਰਨ ਲਈ ਉਹਨਾਂ ਤੋਂ ਪ੍ਰੇਰਣਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਸਾਡੀਆਂ ਧੀਆਂ ਜਾਂ ਔਰਤਾਂ ਰੋਜ਼ਾਨਾ ਘਰੋਂ ਬਾਹਰ ਨਿਕਲਦੀਆਂ ਹਨ ਅਤੇ ਆਪਣਾ ਵਧੀਆ ਕੰਮ ਕਰਨ ਦੀ ਕੋਸ਼ਿਸ਼ ਕਰਦੀਆਂ ਹਨ।
ਸੰਯੁਕਤ ਰਾਜ ਅਮਰੀਕਾ ਵੱਲੋਂ 200 ਸਾਲਾਂ ਦੇ ਸੰਘਰਸ਼ ਤੋਂ ਬਾਅਦ ਔਰਤਾਂ ਨੂੰ ਵੋਟ ਦਾ ਅਧਿਕਾਰ ਦੇਣ ਦੀ ਉਦਾਹਰਨ ਦਿੰਦਿਆਂ ਡੀ ਸੀ ਨੇ ਕਿਹਾ ਕਿ ਔਰਤਾਂ ਨੂੰ ਆਪਣੇ ਅਧਿਕਾਰਾਂ ਦੀ ਰਾਖੀ ਲਈ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਨੇ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ ਦੁਆਲੇ ਦੀਆਂ ਸਾਰੀਆਂ ਔਰਤਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਹੋਰ ਸਮਰਪਿਤ ਹੋ ਕੇ ਕੰਮ ਕਰਨ ਦਾ ਸੰਕਲਪ ਲੈਣ।
ਉਨ੍ਹਾਂ ਨੇ ਇਕੱਤਰ ਮਹਿਲਾ ਸਟਾਫ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਅਗਾਮੀ ਚੋਣਾਂ ਵਿੱਚ ਔਰਤਾਂ ਦੀ ਭਾਗੀਦਾਰੀ ਪਿੱਛੇ ਨਾ ਰਹੇ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਔਰਤਾਂ ਦੀ ਸਰਗਰਮ ਭਾਗੀਦਾਰੀ ਚੁਣੇ ਹੋਏ ਨੁਮਾਇੰਦਿਆਂ ਨੂੰ ਵਧੇਰੇ ਔਰਤਾਂ ਪੱਖੀ ਨੀਤੀਆਂ ਬਣਾਉਣ ਅਤੇ ਉਨ੍ਹਾਂ ਨੂੰ ਇੱਕ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਪ੍ਰੇਰਿਤ ਕਰੇਗੀ।
ਡੀ ਸੀ ਨੇ ਐਲਾਨ ਕੀਤਾ ਕਿ ਮੋਹਾਲੀ ਵਿੱਚ ਕੰਮਕਾਜੀ ਔਰਤਾਂ ਲਈ ਇੱਕ ਹੋਸਟਲ ਜਲਦੀ ਹੀ ਖੋਲਿਆ ਜਾਵੇਗਾ ਤਾਂ ਜੋ ਖੇਤਰ ਵਿੱਚ ਕੰਮ ਕਰਨ ਵਾਲੀਆਂ ਔਰਤਾਂ ਲਈ ਇੱਕ ਸੁਰੱਖਿਅਤ ਥਾਂ ਦੀ ਪੇਸ਼ਕਸ਼ ਕੀਤੀ ਜਾ ਸਕੇ।
ਸ਼੍ਰੀਮਤੀ ਆਸ਼ਿਕਾ ਜੈਨ ਨਾਲ ਇਸ ਮੌਕੇ ਕਨੈਕਟ ਬਰਾਡਬੈਂਡ ਦੇ ਸੀਨੀਅਰ ਪ੍ਰਬੰਧਕੀ ਅਧਿਕਾਰੀ ਵੀ ਮੌਜੂਦ ਸਨ ਜਿਨ੍ਹਾਂ ਨੇ ਸਮੁੱਚੇ ਸਮਾਜ ਨੂੰ ਆਕਾਰ ਦੇਣ ਵਿੱਚ ਔਰਤਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਸ਼੍ਰੀਮਤੀ ਜੈਨ ਨੇ ਪਿਛਲੇ ਕਈ ਸਾਲਾਂ ਤੋਂ ਰਾਜ ਭਰ ਵਿੱਚ ਇੰਟਰਨੈਟ ਨਾਲ ਸਬੰਧਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਕਨੈਕਟ ਬਰਾਡਬੈਂਡ ਦੀ ਭੂਮਿਕਾ ਨੂੰ ਵੀ ਸਰਾਹਿਆ।