12 ਸਤੰਬਰ ਨੂੰ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿੱਚ ਮਨਾਇਆ ਜਾਵੇਗਾ ਰਾਜ ਪੱਧਰੀ ਸਮਾਗਮ-ਧੀਮਾਨ

Ferozepur

ਫ਼ਿਰੋਜ਼ਪੁਰ, 3 ਸਤੰਬਰ 2024.

             ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਫ਼ਿਰੋਜ਼ਪੁਰ ਛਾਉਣੀ ਵਿਖੇ 12 ਸਤੰਬਰ 2024 ਨੂੰ ਮਨਾਏ ਜਾਣ ਵਾਲੇ ਸਾਰਾਗੜ੍ਹੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਫੌਜ, ਪੁਲਿਸ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਸਮਾਗਮ ਨੂੰ ਰਾਜ ਪੱਧਰ ‘ਤੇ ਮਨਾਇਆ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦੇ ਹੋਏ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਐਸ.ਡੀ.ਐਮ. ਫ਼ਿਰੋਜ਼ਪੁਰ ਸ੍ਰੀ ਹਰਕੰਵਲਜੀਤ ਸਿੰਘ ਤੇ ਸਹਾਇਕ ਕਮਿਸ਼ਨਰ ਸ੍ਰੀ ਸੂਰਜ ਵੀ ਹਾਜ਼ਰ ਸਨ।

            ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਰਾਗੜ੍ਹੀ ਦਿਵਸ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿਚ ਭਾਰਤੀ ਫ਼ੌਜ ਦੇ ਅਧਿਕਾਰੀਆਂ, ਸਿਵਲ ਅਤੇ ਪੁਲੀਸ ਅਧਿਕਾਰੀਆਂ, ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਉਨ੍ਹਾਂ ਦੱਸਿਆ ਕਿ ਸ੍ਰੀ ਆਖੰਡ ਪਾਠ ਸਾਹਿਬ ਦਾ ਆਰੰਭ 10 ਸਤੰਬਰ ਨੂੰ ਹੋਵੇਗਾ ਅਤੇ 12 ਸਤੰਬਰ ਨੂੰ ਭੋਗ ਪਾਏ ਜਾਣਗੇ।

            ਇਸ ਮੌਕੇ ਉਨ੍ਹਾਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਾਣੀ, ਸਾਫ-ਸਫਾਈ, ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਸਫੇਦੀ, ਪੇਂਟ ਤੇ ਮੁਰੰਮਤ, ਪਾਣੀ ਦਾ ਛਿੜਕਾਅ, ਅਸਥਾਈ ਪਖਾਨਿਆਂ ਦਾ ਪ੍ਰਬੰਧ, ਮੈਡੀਕਲ ਸਹੂਲਤਾਂ, ਲੰਗਰ ਦਾ ਪ੍ਰਬੰਧ, ਟ੍ਰੈਫਿਕ ਕੰਟਰੋਲ ਅਤੇ ਬਿਜਲੀ ਸਪਲਾਈ ਆਦਿ ਪ੍ਰਬੰਧਾਂ ਨੂੰ ਯਕੀਨੀ ਬਣਾਉਣ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਹਦਾਇਤ ਕੀਤੀ।

          ਇਸ ਮੌਕੇ ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ, ਡੀ.ਐਸ.ਪੀ. ਸੁਖਵਿੰਦਰ ਸਿੰਘ, ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ, ਸੁਪਰਡੰਟ ਜ਼ਿਲ੍ਹਾ ਰੱਖਿਆ ਸੇਵਾਵਾਂ ਅਮਰੀਕ ਸਿੰਘ, ਬਾਬਾ ਬਲੰਬਰ ਸਿੰਘ ਤੋਂ ਇਲਾਵਾ ਭਾਰਤੀ ਫੌਜ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।