ਜਲਾਲਪੁਰ (ਹੁਸ਼ਿਆਰਪੁਰ), 17 ਮਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਬੀਜਾਂ ਦਾ ਪੂਰੀ ਤਰ੍ਹਾਂ ਸਫ਼ਾਇਆ ਕਰ ਦਿੱਤਾ ਜਾਵੇ।
ਇੱਥੇ ਲੋਕਾਂ ਨੂੰ ਸਹੁੰ ਚੁਕਾਉਣ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਪਿਛਲੀਆਂ ਸਰਕਾਰਾਂ ਦੀ ਵਿਰਾਸਤ ਹੈ, ਜਿਨ੍ਹਾਂ ਨੇ ਪੰਜਾਬ ਦੀ ਭਲਾਈ ਨੂੰ ਨਜ਼ਰਅੰਦਾਜ਼ ਕੀਤਾ, ਜਿਸ ਕਾਰਨ ਸੂਬੇ ਦੀ ਹਾਲਤ ਤਰਸਯੋਗ ਹੋਈ ਹੈ। ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਸੂਬੇ ਦੇ ਚਿਹਰੇ ’ਤੇ ਕਲੰਕ ਹੈ ਅਤੇ ਇਸ ਸਰਾਪ ਨੂੰ ਜੜ੍ਹੋਂ ਪੁੱਟਣ ਲਈ ਸੂਬਾ ਸਰਕਾਰ ਨੂੰ ਦੋ ਸਾਲ ਤੋਂ ਵੱਧ ਦਾ ਸਮਾਂ ਲੱਗ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ, ਇਸ ਘਿਨਾਉਣੇ ਅਪਰਾਧ ਵਿਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ, ਨਸ਼ਾ ਪੀੜਤਾਂ ਦਾ ਮੁੜ ਵਸੇਬਾ ਯਕੀਨੀ ਬਣਾਇਆ ਗਿਆ ਅਤੇ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਜ਼ਬਤ ਕਰ ਕੇ ਨਸ਼ਟ ਕਰ ਦਿੱਤਾ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ, ‘ਯੁੱਧ ਨਸ਼ਿਆਂ ਵਿਰੁੱਧ’ ਦੇ ਰੂਪ ਵਿੱਚ ਸ਼ੁਰੂ ਕੀਤੀ ਹੈ, ਜਿਸ ਦਾ ਉਦੇਸ਼ ਸੂਬੇ ਨੂੰ ਨਸ਼ਾ ਮੁਕਤ ਬਣਾਉਣਾ ਹੈ। ਉਨ੍ਹਾਂ ਨਸ਼ਿਆਂ ਵਿਰੁੱਧ ਇਸ ਜੰਗ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਲੋਕਾਂ ਤੋਂ ਭਰਪੂਰ ਸਹਿਯੋਗ ਦੀ ਮੰਗ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਇਸ ਪਿੰਡ ਨੇ ਪੁਲਿਸ ਨੂੰ ਪੂਰਾ ਸਹਿਯੋਗ ਦੇ ਕੇ ਆਪਣੇ ਆਪ ਨੂੰ ਨਸ਼ਾ ਮੁਕਤ ਐਲਾਨਿਆ ਹੈ, ਉਸੇ ਤਰ੍ਹਾਂ ਸੂਬੇ ਦੇ ਹੋਰ ਹਿੱਸਿਆਂ ਵਿੱਚ ਵੀ ਇਸ ਨੂੰ ਦੁਹਰਾਇਆ ਜਾਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜੇ ਪੰਜਾਬੀਆਂ ਨੇ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਦ੍ਰਿੜ੍ਹ ਸੰਕਲਪ ਲਿਆ ਹੈ ਤਾਂ ਸਾਨੂੰ ਇਸ ਨੇਕ ਕਾਰਜ ਤੋਂ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਇਕ-ਇਕ ਇੰਚ ਵਿਚ ਮਹਾਨ ਗੁਰੂਆਂ, ਪੀਰਾਂ, ਪੈਗ਼ੰਬਰਾਂ ਅਤੇ ਸ਼ਹੀਦਾਂ ਦੀ ਚਰਨ ਛੋਹ ਪ੍ਰਾਪਤ ਹਨ, ਜਿਨ੍ਹਾਂ ਨੇ ਸਾਨੂੰ ਜ਼ੁਲਮ ਅਤੇ ਅਨਿਆਂ ਦਾ ਡਟ ਕੇ ਵਿਰੋਧ ਕਰਨ ਦਾ ਰਾਹ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਨੇ ਸ਼ਿਰਕਤ ਕੀਤੀ, ਜੋ ਚੰਗਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਜੇ ਔਰਤਾਂ ਕਿਸੇ ਵੀ ਖ਼ਤਰੇ ਨੂੰ ਖ਼ਤਮ ਕਰਨ ਲਈ ਇੰਨੇ ਵੱਡੇ ਪੱਧਰ ‘ਤੇ ਅੱਗੇ ਆਉਣਗੀਆਂ ਤਾਂ ਬਹੁਤ ਜਲਦੀ ਇਸ ਖ਼ਤਰੇ ਦਾ ਸਫਾਇਆ ਹੋ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੀਆਂ ਔਰਤਾਂ ਦੀ ਸਰਗਰਮ ਸ਼ਮੂਲੀਅਤ ਨਾਲ ਸੂਬਾ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਸੂਬੇ ਦੇ ਆਗੂ ਪੰਜਾਬ ਦੇ ਹਿੱਤਾਂ ਨੂੰ ਖ਼ਤਰੇ ਵਿੱਚ ਪਾਉਂਦੇ ਸਨ, ਜਦੋਂ ਕਿ ਅੱਜ ਸੂਬਾ ਸਰਕਾਰ ਸੂਬੇ ਦੇ ਸਮੁੱਚੇ ਵਿਕਾਸ ਅਤੇ ਖ਼ੁਸ਼ਹਾਲੀ ਵੱਲ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਆਗੂ ਲੋਕਾਂ ਨੂੰ ਮਿਲਣ ਤੋਂ ਡਰਦੇ ਸਨ, ਜਦੋਂ ਕਿ ਅੱਜ ਸੂਬਾ ਸਰਕਾਰ ਲੋਕਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਤੋਂ ਫੀਡਬੈਕ ਲੈ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾ ਕੇ ਸੂਬੇ ਅਤੇ ਇੱਥੋਂ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
ਰਵਾਇਤੀ ਪਾਰਟੀਆਂ ਦੇ ਆਗੂਆਂ ‘ਤੇ ਤਿੱਖਾ ਵਿਅੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਬਾਥਰੂਮਾਂ ‘ਚ ਸੋਨੇ ਦੀਆਂ ਟੂਟੀਆਂ ਲਗਾਉਣ ਅਤੇ ਆਪਣੇ ਨਿੱਜੀ ਖੇਤਾਂ ਲਈ ਨਹਿਰੀ ਪਾਣੀਆਂ ‘ਤੇ ਅਜਾਰੇਦਾਰੀ ਕਰਨ ਵਾਲੇ ਆਮ ਨਾਗਰਿਕਾਂ ਦੇ ਸੰਘਰਸ਼ ਨੂੰ ਕਦੇ ਵੀ ਨਹੀਂ ਸਮਝ ਸਕਦੇ। ਉਨ੍ਹਾਂ ਦੇ ਨਿਘਾਰ ਨੂੰ ਉਜਾਗਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸੂਬੇ ਦੇ ਲੋਕਾਂ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਆਪਣੇ ਗੁਨਾਹਾਂ ਦੀ ਕੀਮਤ ਚੁਕਾ ਰਹੇ ਹਨ ਅਤੇ ਇਨ੍ਹਾਂ ਵਿੱਚੋਂ ਬਹੁਤੇ ਸਿਆਸਤਦਾਨ ਹੁਣ ਜਾਂ ਤਾਂ ਸਲਾਖਾਂ ਪਿੱਛੇ ਹਨ ਜਾਂ ਜ਼ਮਾਨਤ ਲਈ ਭੱਜ ਨੱਸ ਕਰ ਰਹੇ ਹਨ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਦ੍ਰਿੜ੍ਹ ਇਰਾਦੇ ਨਾਲ ਆਪਣੇ ਟੀਚਿਆਂ ਨੂੰ ਪ੍ਰਾਪਤ ਕੀਤਾ ਹੈ ਅਤੇ ਇਹੀ ਸੰਕਲਪ ਇਸ ਅਹਿਮ ਲੜਾਈ ਵਿੱਚ ਜਿੱਤ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸੂਬਾ ਸਰਕਾਰ ਦ੍ਰਿੜਤਾ ਨਾਲ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬੀਆਂ ਦੇ ਸਰਗਰਮ ਸਹਿਯੋਗ ਨਾਲ ਸੂਬਾ ਇਸ ਨੇਕ ਕਾਰਜ ਨੂੰ ਨੇਪਰੇ ਚਾੜ੍ਹੇਗਾ।
ਹੁਸ਼ਿਆਰਪੁਰ ਨਾਲ ਭਾਵਨਾਤਮਕ ਸਾਂਝ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਜ਼ਿਲ੍ਹੇ ਦੀ ਉੱਚ ਸਾਖਰਤਾ ਦਰ ਅਤੇ ਇਤਿਹਾਸਕ ਮਹੱਤਤਾ ਲਈ ਸ਼ਲਾਘਾ ਕੀਤੀ ਅਤੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਇੱਥੇ ਸਥਾਪਿਤ ਕੀਤੀ ਗਈ ਸੀ। ਉਨ੍ਹਾਂ ਨੇ ਸਥਾਨਕ ਪਿੰਡ ਨੂੰ ਨਸ਼ਾ ਮੁਕਤ ਜ਼ੋਨ ਹੋਣ ਦਾ ਮਾਣ ਹਾਸਲ ਕਰਨ ਲਈ ਵੀ ਪ੍ਰਸੰਸਾ ਕੀਤੀ, ਜਿਸ ਤੋਂ ਲੋਕਾਂ ਦੀ ਸਮੂਹਿਕ ਇੱਛਾ ਸ਼ਕਤੀ ਝਲਕਦੀ ਹੈ। ਭਗਵੰਤ ਸਿੰਘ ਮਾਨ ਨੇ ਹਲਕਾ ਹੁਸ਼ਿਆਰਪੁਰ ਦੇ ‘ਆਪ’ ਵਿਧਾਇਕਾਂ ਵੱਲੋਂ ਖੇਤਰ ਦੇ ਵਿਕਾਸ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਲਾਕੇ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ।
ਲੋਕਾਂ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇੱਥੇ ਬੱਸਾਂ ਜਾਂ ਰੈਸਟੋਰੈਂਟਾਂ ਜਾਂ ਲੋਕਾਂ ਦੇ ਕਾਰੋਬਾਰਾਂ ਵਿੱਚ ਹਿੱਸਾ ਪਾਉਣ ਨਹੀਂ ਆਏ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਮ ਆਦਮੀ ਦੇ ਦੁੱਖ ਵੰਡਾ ਰਹੀ ਹੈ, ਜਿਸ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਭਲਾਈ ਅਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਉਣ ਦੀ ਮੁਹਿੰਮ ਉਨ੍ਹਾਂ ਦੇ ਆਖਰੀ ਸਾਹ ਤੱਕ ਜਾਰੀ ਰਹੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ, ਬੀ.ਬੀ.ਐਮ.ਬੀ. ਅਤੇ ਹਰਿਆਣਾ ਸਰਕਾਰ ਵੱਲੋਂ ਸੂਬੇ ਦੇ ਪਾਣੀਆਂ ਦੀ ਚੋਰੀ ਕਰਨ ਦੇ ਕਦਮ ਦਾ ਸਖ਼ਤ ਵਿਰੋਧ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਰਾਣੇ ਆਗੂ ਆਪਣੇ ਸਵਾਰਥਾਂ ਲਈ ਵੱਡੇ ਪੱਧਰ ‘ਤੇ ਰਾਜ ਵਿਰੋਧੀ ਕੰਮ ਕਰਦੇ ਸਨ ਪਰ ਸੂਬੇ ਦੇ ਪਾਣੀਆਂ ਦੇ ਰਖਵਾਲੇ ਹੋਣ ਦੇ ਨਾਤੇ ਉਹ ਅਜਿਹਾ ਕਦੇ ਵੀ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੇ ਆਪਣੀ ਨਹਿਰੀ ਪਾਣੀ ਪ੍ਰਣਾਲੀ ਨੂੰ ਅਪਗ੍ਰੇਡ ਕੀਤਾ ਹੈ ਅਤੇ ਹੁਣ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਸੂਬੇ ਦੇ ਕਿਸਾਨਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਪਾਣੀ ਦੀ ਲੋੜ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਪੰਜਾਬ ਕੋਲ ਦੂਜੇ ਰਾਜਾਂ ਨਾਲ ਵੰਡਣ ਲਈ ਪਾਣੀ ਦੀ ਇੱਕ ਬੂੰਦ ਵੀ ਵਾਧੂ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਪਾਣੀ ਅਤੇ ਜਵਾਨੀ ਨੂੰ ਬਚਾਏਗੀ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਯੋਗਤਾ ਦੇ ਆਧਾਰ ‘ਤੇ ਨੌਜਵਾਨਾਂ ਨੂੰ 54000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾਉਣਾ ਹੈ।