ਜਲੰਧਰ, 18 ਮਈ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਸਿੰਘ ਨੇ ਅੱਜ ਸ਼ਹਿਰ ਦੇ ਵਾਰਡ ਨੰ. 42, 43 ਅਤੇ 44 ਵਿਖੇ ਵਾਰਡ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਕਰਦਿਆਂ ਉਨ੍ਹਾਂ ਨੂੰ ਨਸ਼ਿਆਂ ਖਿਲਾਫ਼ ਡਟ ਕੇ ਕੰਮ ਕਰਨ ਅਤੇ ਨਸ਼ਾ ਮੁਕਤੀ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦੀ ਅਪੀਲ ਕੀਤੀ।
ਕੈਬਨਿਟ ਮੰਤਰੀ, ਜਿਨ੍ਹਾਂ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ, ਨੇ ਕਿਹਾ ਕਿ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਣ ਦੇ ਨਾਲ-ਨਾਲ ਨਸ਼ੇ ਦੇ ਆਦੀ ਵਿਅਕਤੀਆਂ ਦੇ ਮੁੜ ਵਸੇਬੇ ਲਈ ਵੱਡੇ ਪੱਧਰ ’ਤੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 86 ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਢਹਿ-ਢੇਰੀ ਕਰਨ ਤੋਂ ਇਲਾਵਾ 75 ਤਸਕਰਾਂ ਨੂੰ ਐਨਕਾਊਂਟਰ ਜ਼ਰੀਏ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਪੰਜਾਬ ’ਚ ‘ਨਸ਼ਾ ਮੁਕਤੀ ਯਾਤਰਾ’ ਦੀ ਇਤਿਹਾਸਕ ਸ਼ੁਰੂਆਤ ਕੀਤੀ ਗਈ ਹੈ, ਜਿਸ ਰਾਹੀਂ 15,000 ਤੋਂ ਵੱਧ ਪਿੰਡਾਂ ਅਤੇ ਵਾਰਡਾਂ ਤੱਕ ਜਨ ਜਾਗਰੂਕਤਾ ਦਾ ਸੁਨੇਹਾ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਰੋਜ਼ਾਨਾ ਕਰੀਬ 351 ਪਿੰਡਾਂ ਵਿੱਚ ਗ੍ਰਾਮ ਸਭਾਵਾਂ ਅਤੇ ਲੋਕਾਂ ਦੀ ਭਾਗੀਦਾਰੀ ਨਾਲ ਇਸ ਅੰਦੋਲਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਉਨ੍ਹਾਂ ਵਾਰਡ ਡਿਫੈਂਸ ਕਮੇਟੀ ਮੈਂਬਰਾਂ ਨੂੰ ਤਗੜੇ ਹੋ ਕੇ ਵਾਰਡਾਂ ਦੀ ਨਿਗਰਾਨੀ ਕਰਨ ਦੀ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਨਸ਼ਾ ਤਸਕਰ ਉਨ੍ਹਾਂ ਦੇ ਵਾਰਡਾਂ ਵਿੱਚ ਇਹ ਕਾਲਾ ਕਾਰੋਬਾਰ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਜੇਕਰ ਵਾਰਡ ਵਿੱਚ ਕੋਈ ਨਸ਼ਾ ਵੇਚਦਾ ਜਾਂ ਨਸ਼ੇ ਦੀ ਤਸਕਰੀ ਕਰਦਾ ਹੈ ਤਾਂ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ।
ਕੈਬਨਿਟ ਮੰਤਰੀ ਨੇ ਕਮੇਟੀ ਮੈਂਬਰਾਂ ਨੂੰ ਅਜਿਹੇ ਲੋਕਾਂ ਦੀ ਮਦਦ ਕਰਨ ਲਈ ਵੀ ਪ੍ਰੇਰਿਤ ਕੀਤਾ, ਜੋ ਨਸ਼ੇ ਛੱਡ ਕੇ ਆਮ ਜ਼ਿੰਦਗੀ ਵੱਲ ਪਰਤਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਨਾਲ ਹਮਦਰਦੀ ਨਾਲ ਪੇਸ਼ ਆਉਂਦਿਆਂ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਲੋੜੀਂਦਾ ਸਹਿਯੋਗ ਦਿੱਤਾ ਜਾਵੇ।
ਉਨ੍ਹਾਂ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਖਿਲਾਫ਼ ਇਸ ਅੰਦੋਲਨ ਵਿੱਚ ਜੁੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਜਲਦ ਹੀ ਅਸੀਂ ਇਸ ਲੜਾਈ ਵਿੱਚ ਜੇਤੂ ਹੋਵਾਂਗੇ ਅਤੇ ਪੰਜਾਬ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਬਣਾਵਾਂਗੇ।
ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਨਸ਼ਾ ਮੁਕਤੀ ਸਹੁੰ ਵੀ ਚੁਕਾਈ ਗਈ, ਜਿਸ ਵਿੱਚ ਹਜ਼ਾਰਾਂ ਲੋਕਾਂ ਨੇ ਨਸ਼ੇ ਨਾ ਕਰਨ, ਨਾ ਕਰਨ ਦੇਣ, ਨਸ਼ੇ ਦੀ ਵਿਕਰੀ ਅਤੇ ਨਸ਼ਾ ਤਸਕਰਾਂ ਦੀ ਮਦਦ ਕਰਨ ਵਾਲਿਆਂ ਦਾ ਵਿਰੋਧ ਕਰਨ ਅਤੇ ਪੰਜਾਬ ਨੂੰ ਮੁੜ ਰੌਸ਼ਨ, ਸੁਰੱਖਿਅਤ ਅਤੇ ਨਸ਼ਾ ਮੁਕਤ ਕਰਨ ਦੀ ਸਹੁੰ ਚੁੱਕੀ।
ਇਸ ਦੌਰਾਨ ਪ੍ਰਸ਼ਾਸਨ, ਪੁਲਿਸ ਅਤੇ ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਵੀ ਸ਼ਾਮਲ ਹੋਏ। ਐਸ.ਐਚ.ਓ. ਹਰਦੇਵ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਪੁਲਿਸ ਵਿਭਾਗ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਨਸ਼ਿਆਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਗਤੀਵਿਧੀ ਦੀ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 9779-100-200 ’ਤੇ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।
ਡਾ. ਹਰਿੰਦਰ ਸਿੰਘ ਨੇ ਨਸ਼ੇ ਦੇ ਆਦੀ ਵਿਅਕਤੀਆਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਯਤਨਾਂ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਜ਼ਿਲ੍ਹਾ ਨਸ਼ਾ ਛੁਡਾਊ ਹੈਲਪਲਾਈਨ ਨੰਬਰ 0181-2911969 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਕੌਂਸਲਰ ਰੋਮੀ ਵਧਵਾ, ਸੁਨੀਤਾ ਟਿੱਕਾ ਅਤੇ ਰਾਜ ਕੁਮਾਰ ਰਾਜੂ, ਨਸ਼ਾ ਮੁਕਤੀ ਯਾਤਰਾ ਇੰਚਾਰਜ ਕਮਲ ਲੋਚ ਆਦਿ ਵੀ ਮੌਜੂਦ ਸਨ।