ਮਾਨਸਾ, 01 ਅਗਸਤ:
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਉਪਲੱਬਧ ਕਰਵਾਉਣ ਲਈ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਕਾਰਗਰ ਸਾਬਿਤ ਹੋ ਰਹੀ ਹੈ। ਇਸ ਤਹਿਤ ਕੋਈ ਵੀ ਨਾਗਰਿਕ ਫੋਨ ਨੰਬਰ 1076 ’ਤੇ ਕਾਲ ਕਰਕੇ 43 ਪ੍ਰਕਾਰ ਦੀਆਂ ਸੇਵਾਵਾਂ ਜਿੰਨ੍ਹਾਂ ਵਿਚ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਮੈਰਿਜ ਸਰਟੀਫਿਕੇਟ, ਜਨਮ/ਮੌਤ ਸਰਟੀਫਿਕੇਟ, ਲੇਬਰ ਕਾਰਡ ਆਦਿ ਸ਼ਾਮਿਲ ਹਨ। ਵੱਖ-ਵੱਖ ਦਫਤਰਾਂ ਨਾਲ ਸਬੰਧਤ ਇੰਨ੍ਹਾਂ ਸਰਕਾਰੀ ਸੇਵਾਵਾਂ ਲਈ ਪ੍ਰਾਰਥੀ ਸਰਕਾਰੀ ਨੁੰਮਾਇੰਦੇ ਨੂੰ ਆਪਣੇ ਘਰ ਬੁਲਾ ਸਕਦਾ ਹੈ ਭਾਵ ਇੰਨ੍ਹਾਂ 43 ਪ੍ਰਕਾਰ ਦੇ ਸਰਕਾਰੀ ਕੰਮਾਂ ਲਈ ਕਿਸੇ ਵੀ ਦਫ਼ਤਰ ਜਾਣ ਦੀ ਜਰੂਰਤ ਨਹੀਂ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤਹਿਤ ਵੱਖ ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਲੋਕਾਂ ਨੂੰ ਉਪਲਬੱਧ ਕਰਵਾਉਣ ਲਈ ਜ਼ਿਲ੍ਹੇ ਵਿਚ 04 ਪ੍ਰਤੀਨਿਧ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 1143 ਲੋਕਾਂ ਨੇ ਘਰ ਬੈਠੇ ਅਰਜ਼ੀ ਦਿੱਤੀ ਅਤੇ ਇਨ੍ਹਾਂ ਵਿਚੋਂ 1098 ਨੂੰ ਘਰ ਬੈਠਿਆਂ ਹੀ ਸਰਟੀਫਿਕੇਟ ਉਪਲਬੱਧ ਕਰਵਾਇਆ ਗਿਆ ਹੈ ਅਤੇ ਬਾਕੀ ਅਰਜ਼ੀਆਂ ਨਿਰਧਾਰਤ ਸਮਾਂ ਹੱਦ ਦੇ ਅੰਦਰ ਕਾਰਵਾਈ ਅਧੀਨ ਹਨ।
ਉਨ੍ਹਾਂ ਦੱਸਿਆ ਕਿ ਇਸ ਸੁਵਿਧਾ ਨਾਲ ਆਮ ਲੋਕਾਂ ਦੇ ਦਫ਼ਤਰਾਂ ਵਿੱਚ ਆਉਣ-ਜਾਣ ਨਾਲ ਉਨ੍ਹਾਂ ਦੇ ਸਮੇਂ ਦੀ ਬੱਚਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਸੇਵਾ ਤਹਿਤ ਸਰਕਾਰੀ ਨੁਮਾਂਇੰਦਾ ਨਾਗਰਿਕ ਦੇ ਘਰ ਆ ਕੇ ਉਸ ਦੀ ਅਰਜ਼ੀ ਲੈਂਦਾ ਹੈ, ਫੋਟੋ ਤੇ ਹੋਰ ਦਸਤਾਵੇਜ਼ ਪ੍ਰਾਪਤ ਕਰਦਾ ਹੈ ਅਤੇ ਨਾਗਰਿਕ ਦਾ ਕੰਮ ਹੋਣ ਤੋਂ ਬਾਅਦ ਸਰਟੀਫਿਕੇਟ ਉਨ੍ਹਾਂ ਦੇ ਘਰ ਪਹੁੰਚਾਉਂਦਾ ਹੈ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਇਸ ਡੋਰ ਸਟੈੱਪ ਸਰਵਿਸ ਰਾਹੀਂ 1076 ’ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਸ਼ਾਸਨਿਕ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਆਪਣੇ ਕੀਮਤੀ ਸਮੇਂ ਦੀ ਬਚਤ ਕਰਨ।
1076 ’ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂਨੇ 43 ਪ੍ਰਕਾਰ ਦੀਆਂ ਸੇਵਾਵਾਂ-ਡਿਪਟੀ ਕਮਿਸ਼ਨਰ


