ਮੁੱਖ ਮੰਤਰੀ ਦਾ ‘ਰੋਜ਼ਗਾਰ ਮਿਸ਼ਨ’ ਜਾਰੀ, 518 ਹੋਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

Punjab

ਚੰਡੀਗੜ੍ਹ, 1 ਫਰਵਰੀ
ਸਰਕਾਰੀ ਨੌਕਰੀਆਂ ਮੁਹੱਈਆ ਕਰ ਕੇ ਸੂਬੇ ਦੇ ਨੌਜਵਾਨਾਂ ਨੂੰ ਅਖ਼ਤਿਆਰ ਦੇਣ ਦਾ ਆਪਣਾ ਮਿਸ਼ਨ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਸਿੱਖਿਆ, ਉਚੇਰੀ ਸਿੱਖਿਆ, ਵਿੱਤ, ਆਮ ਰਾਜ ਪ੍ਰਬੰਧ, ਸਹਿਕਾਰਤਾ, ਬਿਜਲੀ ਤੇ ਹੋਰ ਮਹਿਕਮਿਆਂ ਵਿੱਚ ਭਰਤੀ ਲਈ 518 ਨੌਜਵਾਨਾਂ ਨੂੰ ਨਿਯੁਕਤੀ ਪੱਧਰ ਸੌਂਪੇ।

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕਰਵਾਏ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਭਾਗਾਂ ਵਿੱਚ ਖ਼ਾਲੀ ਪਈਆਂ ਸਾਰੀਆਂ ਆਸਾਮੀਆਂ ਉਤੇ ਜਲਦੀ ਤੋਂ ਜਲਦੀ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਭਰਤੀ ਪ੍ਰਕਿਰਿਆ ਲਈ ਪੁਖ਼ਤਾ ਪ੍ਰਬੰਧ ਅਪਣਾਏ ਗਏ ਹਨ, ਜਿਸ ਕਾਰਨ 40 ਹਜ਼ਾਰ ਤੋਂ ਵੱਧ ਹੋਈ ਇਸ ਭਰਤੀ ਵਿੱਚੋਂ ਕਿਸੇ ਇਕ ਨੂੰ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਮਿਲੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਮੁਕੰਮਲ ਮੈਰਿਟ ਦੇ ਆਧਾਰ ਉਤੇ ਸਰਕਾਰੀ ਨੌਕਰੀਆਂ ਮਿਲੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸੰਸਦ ਮੈਂਬਰ ਵਜੋਂ ਆਪਣੇ ਕਾਰਜਕਾਲ ਦੌਰਾਨ ਵੀ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸਾਡੀ ਸਰਕਾਰ ਨੇ ਕਾਰਜਕਾਲ ਸੰਭਾਲਿਆ ਹੈ, ਉਦੋਂ ਤੋਂ ਲੋਕਾਂ ਨਾਲ ਠੱਗੀਆਂ ਮਾਰਨ ਤੇ ਮਨੁੱਖੀ ਤਸਕਰੀ ਵਿੱਚ ਸ਼ਾਮਲ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਟਰੈਵਲ ਏਜੰਟਾਂ ਖ਼ਿਲਾਫ਼ ਮਿਸਾਲੀ ਕਾਰਵਾਈ ਕਰਦਿਆਂ ਸੂਬਾ ਸਰਕਾਰ ਨੇ ਵੱਡੀ ਜਾਗਰੂਕਤਾ ਮੁਹਿੰਮ ਚਲਾਈ ਹੈ ਤਾਂ ਕਿ ਲੋਕਾਂ ਨੂੰ ਸ਼ੱਕੀ ਟਰੈਵਲ ਏਜੰਟਾਂ ਬਾਰੇ ਜਾਣੂੰ ਕਰਵਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਇਹ ਵੀ ਆਖਿਆ ਕਿ ਪਰਵਾਸ ਐਕਟ ਵਿੱਚ ਵੀ ਲੋੜੀਦੀਆਂ ਸੋਧਾਂ ਕੀਤੀਆਂ ਗਈਆਂ ਹਨ ਤਾਂ ਕਿ ਅਜਿਹੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣੇ।

ਮੁੱਖ ਮੰਤਰੀ ਨੇ ਇਹ ਵੀ ਆਖਿਆ ਕਿ ਸੂਬੇ ਦੇ ਨੌਜਵਾਨ ਸਬਰ ਤੋਂ ਕੰਮ ਲੈਣ ਅਤੇ ਵੰਡ-ਪਾਊ ਤਾਕਤਾਂ ਦੇ ਗੁਮਰਾਹਕੁੰਨ ਪ੍ਰਚਾਰ ਦਾ ਸ਼ਿਕਾਰ ਨਾ ਹੋਣ। ਉਨ੍ਹਾਂ ਕਿਹਾ ਕਿ ਇਹ ਪੰਜਾਬ ਵਿਰੋਧੀ ਤਾਕਤਾਂ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਨੂੰ ਲੀਹੋਂ ਲਾਹੁਣਾ ਚਾਹੁੰਦੀਆਂ ਹਨ, ਜਿਸ ਲਈ ਉਹ ਸੂਬੇ ਵਿੱਚ ਜ਼ਹਿਰ ਫੈਲਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਮਝਦਾਰ ਨੌਜਵਾਨ ਅਜਿਹੇ ਏਜੰਡੇ ਵਿੱਚ ਨਹੀਂ ਫਸਣਗੇ ਅਤੇ ਇਨ੍ਹਾਂ ਤਾਕਤਾਂ ਨੂੰ ਢੁਕਵਾਂ ਜਵਾਬ ਦੇਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਯਕੀਨੀ ਬਣਾਉਣ ਦਾ ਇਕੋ-ਇਕ ਮੰਤਵ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਤੇ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਉਣਾ ਹੈ ਤਾਂ ਕਿ ਉਹ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ ਦਾ ਸ਼ਿਕਾਰ ਨਾ ਬਣਨ। ਉਨ੍ਹਾਂ ਕਿਹਾ ਕਿ ਇਹ ਮਿਊਂਸਿਪਲ ਭਵਨ ਅਜਿਹੇ ਕਈ ਮੌਕਿਆਂ ਦਾ ਗਵਾਹ ਹੈ, ਜਿਸ ਦੌਰਾਨ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਮਹਿਕਮਿਆਂ ਵਿੱਚ ਨੌਕਰੀਆਂ ਮਿਲੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਸੂਬਾ ਸਰਕਾਰ ਦੀ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ ਦੀ ਦ੍ਰਿੜ੍ਹ ਵਚਨਬੱਧਤਾ ਝਲਕਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਸੂਬੇ ਵਿੱਚ ਪਰਵਾਸ ਨੂੰ ਪੁੱਠਾ ਗੇੜ ਆਉਣਾ ਸ਼ੁਰੂ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਚੰਗੇ ਮੌਕਿਆਂ ਦੀ ਭਾਲ ਵਿੱਚ ਵਿਦੇਸ਼ ਜਾਣ ਦੀ ਬਜਾਏ ਨੌਜਵਾਨ ਨੌਕਰੀਆਂ ਲਈ ਪੰਜਾਬ ਵਿੱਚ ਸਖ਼ਤ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਦੂਜੇ ਮੁਲਕਾਂ ਵਿੱਚ ਗਏ ਨੌਜਵਾਨ ਵੀ ਹੁਣ ਵਾਪਸ ਆ ਰਹੇ ਹਨ ਅਤੇ ਆਪਣੀ ਸਖ਼ਤ ਮਿਹਨਤ ਨਾਲ ਇੱਥੇ ਨੌਕਰੀਆਂ ਹਾਸਲ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਬੜੇ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਇਨ੍ਹਾਂ ਅਸਾਮੀਆਂ ਲਈ ਸਾਰੇ ਨੌਜਵਾਨਾਂ ਦੀ ਚੋਣ ਨਿਰੋਲ ਮੈਰਿਟ ਦੇ ਆਧਾਰ `ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਪਹਿਲਾ ਸਮਾਗਮ ਨਹੀਂ ਹੈ, ਜਦੋਂ ਸੂਬਾ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ ਕਿਉਂਕਿ ਇਸ ਤੋਂ ਪਹਿਲਾਂ ਵੀ ਅਜਿਹੇ ਕਈ ਸਮਾਗਮ ਹੋ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਇਸ ਨੇਕ ਕਾਰਜ ਵਿੱਚ ਭਾਈਵਾਲ ਬਣਾ ਕੇ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਇਕ ਪਵਿੱਤਰ ਧਰਤੀ ਹੈ ਕਿਉਂਕਿ ਸੂਬੇ ਦਾ ਹਰ ਦੂਜਾ ਪਿੰਡ ਮਹਾਨ ਗੁਰੂਆਂ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਅਤੇ ਸੂਬੇ ਨੇ ਦੇਸ਼ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸੂਰਬੀਰ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਮਿਹਨਤਕਸ਼ ਹੁੰਦੇ ਹਨ, ਜਿਸ ਕਰ ਕੇ ਪੰਜਾਬੀਆਂ ਨੇ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਅਥਾਹ ਹੌਸਲੇ ਵਾਲੇ ਅਤੇ ਮਿਹਨਤੀ ਲੋਕ ਹਨ, ਜਿਸ ਸਦਕਾ ਪੰਜਾਬੀਆਂ ਨੇ ਹਰ ਖੇਤਰ ਵਿੱਚ ਮੱਲਾਂ ਮਾਰੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਦਾ ਇਹ ਜਜ਼ਬਾ ਸੂਬੇ ਨੂੰ ਬਹੁਤ ਅੱਗੇ ਲਿਜਾ ਸਕਦਾ ਹੈ ਅਤੇ ਸੂਬਾ ਸਰਕਾਰ ਇਸ ਦਿਸ਼ਾ ਵਿੱਚ ਠੋਸ ਉਪਰਾਲੇ ਕਰਨ ਲਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਲੜਕੀਆਂ ਹਰ ਖੇਤਰ ਵਿੱਚ ਲੜਕਿਆਂ ਨਾਲੋਂ ਅੱਗੇ ਹਨ ਅਤੇ ਅੱਜ ਵੀ ਜ਼ਿਆਦਾਤਰ ਨੌਕਰੀਆਂ ਲੜਕੀਆਂ ਨੇ ਹੀ ਹਾਸਲ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਲੜਕੀਆਂ ਦੇ ਸੁਪਨਿਆਂ ਨੂੰ ਪਰਵਾਜ਼ ਦਿੱਤੀ ਜਾਵੇ ਤਾਂ ਜੋ ਉਹ ਹਰ ਖੇਤਰ ਵਿੱਚ ਮੱਲਾਂ ਮਾਰਦਿਆਂ ਸਫ਼ਲਤਾ ਦੀ ਨਵੀਂ ਇਬਾਰਤ ਲਿਖ ਸਕਣ।

ਪੁਰਾਣੀਆਂ ਸਰਕਾਰਾਂ ਉਤੇ ਨਿਸ਼ਾਨਾ ਸੇਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਦਿਆਂ ਬੇਸ਼ੁਮਾਰ ਦੌਲਤ ਇਕੱਠੀ ਕਰਕੇ ਆਪਣੇ ਲਈ ਮਹਿਲਨੁਮਾ ਘਰ ਉਸਾਰੇ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਘਰਾਂ ਦੀਆਂ ਕੰਧਾਂ ਤਾਂ ਉੱਚੀਆਂ ਹਨ ਪਰ ਦਰਵਾਜ਼ੇ ਆਮ ਲੋਕਾਂ ਲਈ ਹਮੇਸ਼ਾ ਬੰਦ ਹੀ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਲੋਕਾਂ ਦੀ ਪਹੁੰਚ ਤੋਂ ਦੂਰ ਰਹੇ, ਜਿਸ ਕਰ ਕੇ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਾਹ ਦਿਖਾ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਭਾਲਣ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਨੂੰ ਯਕੀਨੀ ਬਣਾਉਂਦਿਆਂ ਅਗਾਂਹਵਧੂ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਕੀਤੀ ਜਾਵੇ।

ਮੁੱਖ ਮੰਤਰੀ ਨੇ ਵਿਅੰਗ ਕਸਦਿਆਂ ਆਖਿਆ ਕਿ ਸੂਬੇ ਦੇ ਇੱਕ ਸਾਬਕਾ ਵਿੱਤ ਮੰਤਰੀ ਨੌਂ ਸਾਲਾਂ ਤੱਕ ‘ਸਰਕਾਰੀ ਖ਼ਜ਼ਾਨਾ ਖਾਲੀ ਹੈ’ ਦਾ ਗੁਮਰਾਹਕੁੰਨ ਰਾਗ ਅਲਾਪਦਾ ਰਿਹਾ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਦੇ ਹੌਸਲੇ ਨੂੰ ਵੱਡੀ ਸੱਟ ਵੱਜੀ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਹਰ ਲੰਘਦੇ ਦਿਨ ਨੌਕਰੀਆਂ ਦੇ ਰਹੀ ਹੈ, ਜਿਸ ਕਾਰਨ ਨੌਜਵਾਨ ਪੀੜ੍ਹੀ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਅਖ਼ਤਿਆਰ ਦੇਣ ਲਈ ਇਸ ਵਿਸ਼ਾਲ ਮੁਹਿੰਮ ਨੂੰ ਹੋਰ ਅੱਗੇ ਵਧਾਇਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸੂਬੇ ਵਿੱਚ ਮੁਕੰਮਲ ਤਬਦੀਲੀ ਦਾ ਦੌਰ ਚੱਲ ਰਿਹਾ ਹੈ ਕਿਉਂਕਿ ਆਮ ਆਦਮੀ ਦੀ ਭਲਾਈ ਲਈ ਨਵੇਂ ਹਸਪਤਾਲ, ਸਕੂਲ ਅਤੇ ਨਵੇਂ ਮੈਡੀਕਲ ਕਾਲਜ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਲੋਕ-ਪੱਖੀ ਫੈਸਲੇ ਉਨ੍ਹਾਂ ਲੋਕਾਂ ਵੱਲੋਂ ਹੀ ਲਏ ਜਾ ਰਹੇ ਹਨ, ਜੋ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਭਲੀ-ਭਾਂਤ ਜਾਣੂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਹੁਣ ਉਹ ਬੜੀ ਬੇਸ਼ਰਮੀ ਨਾਲ ਨੈਤਿਕਤਾ ਦੇ ਦਮਗਜ਼ੇ ਮਾਰ ਰਹੀਆਂ ਹਨ।

ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਉਤੇ ਸਵਾਲ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂ ਇਹ ਸਪੱਸ਼ਟ ਕਰਨ ਕਿ 15 ਸਾਲਾਂ ਸੂਬੇ ਨੂੰ ਲੁੱਟਣ ਤੋਂ ਬਾਅਦ ਉਹ ਕਿਸ ਕੋਲੋਂ ਸੂਬੇ ਨੂੰ ਬਚਾਉਣ ਦੀਆਂ ਗੱਲਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੜੀ ਬੇਰਹਿਮੀ ਨਾਲ ਲੁੱਟਣ ਤੋਂ ਇਲਾਵਾ ਪੰਜਾਬੀਆਂ ਦੀ ਮਾਨਸਿਕਤਾ ਨੂੰ ਜਜ਼ਬਾਤੀ ਤੌਰ ’ਤੇ ਠੇਸ ਪਹੁੰਚਾਈ ਹੈ ਅਤੇ ਸੂਬੇ ਅੰਦਰ ਕਈ ਤਰ੍ਹਾਂ ਦੇ ਮਾਫੀਆ ਦੀ ਸਰਪ੍ਰਸਤੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਦੋਗਲੇ ਕਿਰਦਾਰ ਤੋਂ ਭਲੀ-ਭਾਂਤ ਜਾਣੂ ਹਨ, ਇਸ ਕਰ ਕੇ ਹੁਣ ਅਕਾਲੀਆਂ ਦੀਆਂ ਡਰਾਮੇਬਾਜ਼ੀਆਂ ਕੰਮ ਨਹੀਂ ਕਰਨਗੀਆਂ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਸਬੰਧੀ ਅੱਠ ਹਾਈ-ਟੈਕ ਕੇਂਦਰ ਖੋਲ੍ਹੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਤੇ ਦੇਸ਼ ਵਿੱਚ ਨਾਮਵਰ ਅਹੁਦਿਆਂ ’ਤੇ ਬੈਠਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦਿਆਂ ’ਤੇ ਬਿਠਾ ਕੇ ਦੇਸ਼ ਦੀ ਸੇਵਾ ਵਿੱਚ ਲਾਉਣਾ ਹੈ।