ਚੰਡੀਗੜ੍ਹ, 19 ਫਰਵਰੀ:
ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ 497 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਇਸ ਨਾਲ ਮੁੱਖ ਮੰਤਰੀ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਪਿਛਲੇ ਲਗਪਗ ਤਿੰਨ ਸਾਲਾਂ ਵਿੱਚ 50,892 ਪਰਿਵਾਰਾਂ ਦੇ ਜੀਵਨ ਨੂੰ ਰੌਸ਼ਨ ਕਰ ਕੇ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ।
ਮੁੱਖ ਮੰਤਰੀ ਨੇ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸਕੂਲ ਸਿੱਖਿਆ ਵਿਭਾਗ, ਉੱਚ ਸਿੱਖਿਆ ਅਤੇ ਭਾਸ਼ਾਵਾਂ, ਪੇਂਡੂ ਵਿਕਾਸ ਅਤੇ ਸਾਇੰਸ, ਤਕਨਾਲੋਜੀ ਅਤੇ ਵਾਤਾਵਰਨ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਇੱਥੇ ਮਿਊਂਸੀਪਲ ਭਵਨ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਯਾਦਗਾਰੀ ਮੌਕਾ ਹੈ, ਜਦੋਂ ਇਹ ਨੌਜਵਾਨ ਪੰਜਾਬ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣ ਰਹੇ ਹਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਨੌਜਵਾਨ ਇਨ੍ਹਾਂ ਸਬੰਧਤ ਵਿਭਾਗਾਂ ਵਿੱਚ ਸ਼ਾਮਲ ਹੋ ਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਵੀ ਸਰਕਾਰ ਨੇ ਸੱਤਾ ਵਿੱਚ ਆਉਣ ਦੇ 35 ਮਹੀਨਿਆਂ ਵਿੱਚ ਨੌਜਵਾਨਾਂ ਨੂੰ ਰਿਕਾਰਡ 50,892 ਨੌਕਰੀਆਂ ਦਿੱਤੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ `ਤੇ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੌਕਰੀਆਂ ਬਾਰੇ ਸਿਰਫ਼ ਇਸ ਲਈ ਰੌਲਾ ਪਾਉਂਦੀਆਂ ਹਨ ਕਿਉਂਕਿ ਉਹ ਕਾਣੀ ਵੰਡ ਦੀਆਂ ਆਦੀ ਸਨ ਅਤੇ ਉਨ੍ਹਾਂ ਦੀ ਨਜ਼ਰ ਇਨ੍ਹਾਂ ਯੋਗ ਨੌਜਵਾਨਾਂ ਉਤੇ ਕਦੇ ਨਹੀਂ ਪਈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਕਦੇ ਵੀ ਯੋਗ ਨੌਜਵਾਨਾਂ ਨੂੰ ਇਕ ਵੀ ਨੌਕਰੀ ਨਹੀਂ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਜਿਹੜੀਆਂ ਟਾਵੀਆਂ-ਟਾਵੀਆਂ ਨੌਕਰੀਆਂ ਦਿੱਤੀਆਂ ਗਈਆਂ, ਉਹ ਸਿਰਫ਼ ਨਜ਼ਦੀਕੀਆਂ ਜਾਂ ਨਜ਼ਦੀਕੀ ਰਿਸ਼ਤੇਦਾਰਾਂ ਲਈ ਰਾਖਵੀਆਂ ਸਨ, ਜਦੋਂ ਕਿ ਆਮ ਆਦਮੀ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸੇ ਵੀ ਵਿਭਾਗ ਵਿੱਚ ਖਾਲੀ ਹੁੰਦੇ ਹੀ ਸਾਰੀਆਂ ਅਸਾਮੀਆਂ ਭਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਇਕ ਪੁਖਤਾ ਵਿਧੀ ਅਪਣਾਈ ਗਈ ਹੈ, ਜਿਸ ਕਾਰਨ ਇਨ੍ਹਾਂ ਲਗਪਗ 50,000 ਨੌਕਰੀਆਂ ਵਿੱਚੋਂ ਇਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਲਈ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ `ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਅਮਰੀਕਾ ਤੋਂ ਨੌਜਵਾਨਾਂ ਨੂੰ ਡਿਪੋਰਟ ਕਰਨ ਦੀ ਘਟਨਾ ਸਾਡੇ ਸਾਰਿਆਂ ਲਈ ਵੱਡਾ ਸਬਕ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ ਬਿਹਤਰ ਭਵਿੱਖ ਦੀ ਭਾਲ ਵਿੱਚ ਵਿਦੇਸ਼ ਜਾਣ ਦੀ ਬਜਾਏ ਇੱਥੇ ਹੀ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ ਅਤੇ ਵੱਖ-ਵੱਖ ਖੇਤਰਾਂ ਵਿੱਚ ਸਫਲਤਾ ਪ੍ਰਾਪਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਸਫ਼ਲਤਾ ਹਾਸਲ ਕਰਨ ਲਈ ਕਈ ਮੌਕੇ ਪ੍ਰਦਾਨ ਕਰ ਰਹੀ ਹੈ। ਇਕ ਮਿਸਾਲ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ 51,000 ਤੋਂ ਵੱਧ ਨੌਜਵਾਨਾਂ ਨੇ ਸਖ਼ਤ ਮਿਹਨਤ, ਲਗਨ ਅਤੇ ਵਚਨਬੱਧਤਾ ਨਾਲ ਸਰਕਾਰੀ ਨੌਕਰੀਆਂ ਪ੍ਰਾਪਤ ਕੀਤੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਮਿਸਾਲਾਂ ਵੀ ਹਨ, ਜਿੱਥੇ ਪਿਛਲੇ ਇੱਕ ਸਾਲ ਦੌਰਾਨ ਸੂਬੇ ਵਿੱਚ ਨੌਜਵਾਨਾਂ ਨੂੰ ਦੋ ਤੋਂ ਤਿੰਨ ਨੌਕਰੀਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕਾਰਨ ਪਰਵਾਸ ਦੇ ਰੁਝਾਨ ਨੂੰ ਪੁੱਠਾ ਗੇੜ ਆਇਆ ਹੈ ਕਿਉਂਕਿ ਜੋ ਨੌਜਵਾਨ ਪਹਿਲਾਂ ਵਿਦੇਸ਼ਾਂ ਵਿੱਚ ਵਸ ਗਏ ਸਨ, ਹੁਣ ਸਰਕਾਰੀ ਨੌਕਰੀਆਂ ਹਾਸਲ ਕਰਨ ਲਈ ਪਰਤ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮਾਗਮ ਵਿੱਚ ਵੀ ਇੱਕ ਜੋੜਾ ਕੈਨੇਡਾ ਤੋਂ ਸਰਕਾਰੀ ਸੇਵਾ ਵਿੱਚ ਸ਼ਾਮਲ ਹੋਣ ਲਈ ਵਾਪਸ ਆਇਆ ਹੈ ਅਤੇ ਇਸੇ ਤਰ੍ਹਾਂ ਇੱਕ ਨੌਜਵਾਨ ਨੇ ਵਿਦੇਸ਼ ਜਾਣ ਦਾ ਵਿਚਾਰ ਛੱਡ ਦਿੱਤਾ ਕਿਉਂਕਿ ਉਸ ਨੂੰ ਇੱਥੇ ਨੌਕਰੀ ਮਿਲ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਰੋਜ਼ਾਨਾ ਨੌਜਵਾਨਾਂ ਨੂੰ ਨੌਕਰੀ ਦੇ ਰਹੀ ਹੈ ਅਤੇ ਨੌਜਵਾਨਾਂ ਨੂੰ ਇਸ ਸਥਿਤੀ ਦਾ ਫਾਇਦਾ ਉਠਾ ਕੇ ਇੱਥੇ ਕੰਮ ਕਰਨਾ ਚਾਹੀਦਾ ਹੈ।
ਇਸ ਨੂੰ ਇੱਕ ਇਤਿਹਾਸਕ ਮੋੜ ਦੱਸਦਿਆਂ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਨੌਕਰੀਆਂ ਨੌਜਵਾਨਾਂ ਦੀ ਕਿਸਮਤ ਬਦਲ ਦੇਣਗੀਆਂ। ਉਨ੍ਹਾਂ ਕਿਹਾ ਕਿ ਇਹ ਆਡੀਟੋਰੀਅਮ ਅਜਿਹੇ ਕਈ ਸਮਾਗਮਾਂ ਦਾ ਗਵਾਹ ਬਣਿਆ ਹੈ, ਜਿਨ੍ਹਾਂ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ਮਿਲੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦੀ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਨੌਜਵਾਨਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਉਹ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਗਏ ਹਨ ਅਤੇ ਹੁਣ ਉਨ੍ਹਾਂ ਨੂੰ ਮਿਸ਼ਨਰੀ ਜੋਸ਼ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਭਲਾਈ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਜਨਤਾ ਦੀ ਵੱਧ ਤੋਂ ਵੱਧ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੌਜਵਾਨਾਂ ਅਤੇ ਪਤਵੰਤਿਆਂ ਦਾ ਸਵਾਗਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਤਰੁਨਪ੍ਰੀਤ ਸਿੰਘ ਸੌਂਦ, ਸਕੱਤਰ ਸਿੱਖਿਆ ਵਿਭਾਗ ਕੇ.ਕੇ. ਯਾਦਵ, ਸਕੱਤਰ ਵਾਤਾਵਰਣ ਵਿਭਾਗ ਪ੍ਰਿਯਾਂਕ ਭਾਰਤੀ ਅਤੇ ਹੋਰ ਵੀ ਮੌਜੂਦ ਸਨ।