ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਆਸਟ੍ਰੇਲੀਆ ਵਿਖੇ ਨਿੱਘਾ ਸਵਾਗਤ

Politics Punjab

ਚੰਡੀਗੜ੍ਹ, 9 ਨਵੰਬਰ, 2024:

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਦੇ ਸਿਡਨੀ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਪੰਜਾਬੀ ਭਾਈਚਾਰੇ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਉਹ 3 ਨਵੰਬਰ ਤੋਂ 8 ਨਵੰਬਰ, 2024 ਤੱਕ ਕਰਵਾਈ ਗਈ 67ਵੀਂ ਕਾਮਨਵੈਲਥ ਪਾਰਲੀਮੈਂਟਰੀ ਐਸੋਸੀਏਸ਼ਨ ਦੀ ਸਾਲਾਨਾ ਕਾਨਫਰੰਸ ਵਿੱਚ ਹਿੱਸਾ ਲੈਣ ਲਈ ਆਸਟ੍ਰੇਲੀਆ ਗਏ ਹਨ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਡਿਪਟੀ ਸਪੀਕਰ ਰੌੜੀ ਨੇ ਵਿਸ਼ਵ ਭਰ ਵਿੱਚ ਵਸਦੇ ਪੰਜਾਬੀਆਂ ਦੀਆਂ ਪ੍ਰਾਪਤੀਆਂ ‘ਤੇ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਵੱਖ-ਵੱਖ ਖੇਤਰਾਂ ਵਿੱਚ ਪੰਜਾਬੀਆਂ ਨੇ ਆਪਣੀ ਸਖ਼ਤ ਮਿਹਨਤ ਅਤੇ ਸਫ਼ਲਤਾ ਨਾਲ ਦੇਸ਼ ਅਤੇ ਵਿਦੇਸ਼ ਵਿੱਚ ਪੰਜਾਬ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਵਾਸੀ ਭਾਰਤੀਆਂ ਦੇ ਮਹੱਤਵਪੂਰਨ ਯੋਗਦਾਨ ਦੀ ਸ਼ਲਾਘਾ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਆਪਣੇ ਵਤਨ ਦੇ ਵਿਕਾਸ ਅਤੇ ਭਲਾਈ ਲਈ ਵਚਨਬੱਧ ਹਨ।

ਸ. ਰੌੜੀ ਨੇ ਕਿਹਾ, “ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਪ੍ਰਵਾਸੀ ਭਾਰਤੀਆਂ ਦਾ ਸਮਰਪਣ ਅਤੇ ਸਹਿਯੋਗ ਅਹਿਮ ਭੂਮਿਕਾ ਨਿਭਾਉਂਦਾ ਹੈ।” ਉਨ੍ਹਾਂ ਨੇ ਆਪਣੇ ਭਾਈਚਾਰੇ ਦੀ ਭਲਾਈ ਅਤੇ ਪੰਜਾਬ ਦੇ ਵਿਸ਼ਵਵਿਆਪੀ ਅਕਸ ਨੂੰ ਹੋਰ ਉੱਚਾ ਚੁੱਕਣ ਲਈ ਪ੍ਰਵਾਸੀ ਪੰਜਾਬੀਆਂ ਦੇ ਅਟੁੱਟ ਸਮਰਥਨ ਅਤੇ ਨਿਰੰਤਰ ਯਤਨਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ।