ਫਰੀਦਕੋਟ, 9 ਦਸੰਬਰ 2024 () ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀ ਯੂਰੀਆ ਖਾਦ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਫਰੀਦਕੋਟ ਵਿੱਚ ਵਿਸ਼ੇਸ਼ ਮੁਹਿੰਮ ਤਹਿਤ ਬਲਾਕ ਫ਼ਰੀਦਕੋਟ ਦੇ ਥੋਕ ਖਾਦ ਵਿਕ੍ਰੇਤਾਵਾਂ ਨਾਲ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਚ ਮੀਟਿੰਗ ਕੀਤੀ ਗਈ। ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਵੱਲੋਂ ਕੀਤੀ ਗਈ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ.ਜਤਿੰਦਰ ਪਾਲ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਹਰਜਿੰਦਰ ਸਿੰਘ ਆਸ਼ੂ ਅਗਰਵਾਲ, ਤਰਸੇਮ ਲਾਲ ਸਚਦੇਵਾ, ਰਾਹੁਲ ਜੈਨ, ਗੌਰਵ ਬਾਂਸਲ ਕੀਮਤੀ ਗਰਗ ਸਮੇਤ ਹੋਰ ਥੋਕ ਖਾਦ ਵਿਕ੍ਰੇਤਾ ਹਾਜ਼ਰ ਸਨ।
ਥੋਕ ਖਾਦ ਵਿਕਰੇਤਾਵਾਂ ਨੂੰ ਸੰਬੋਧਨ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ ਹਾੜ੍ਹੀ ਦੌਰਾਨ ਤਕਰੀਬਨ ਇੱਕ ਲੱਖ ਪੰਦਰਾਂ ਹਜ਼ਾਰ ਹੈਕਟੇਅਰ ਰਕਬੇ ਵਿੱਚ ਕਣਕ ਦੀ ਅਤੇ 10 ਹਜ਼ਾਰ ਹੈਕਟੇਅਰ ਰਕਬੇ ਵਿਚ ਹੋਰਨਾਂ ਫਸਲਾਂ ਦੀ ਬਿਜਾਈ ਕੀਤੀ ਗਈ ਹੈ ਜਿਸ ਦੇ ਪਾਲਣ ਪੋਸ਼ਣ ਲਈ ਤਕਰੀਬਨ 43 ਹਜ਼ਾਰ ਮੀਟ੍ਰਿਕ ਟਨ ਯੂਰੀਆ ਖਾਦ ਦੀ ਜ਼ਰੂਰਤ ਹੈ ਅਤੇ ਹੁਣ ਤਕ ਜ਼ਿਲਾ ਫ਼ਰੀਦਕੋਟ ਦੀਆਂ ਸਹਿਕਾਰੀ ਸਭਾਵਾਂ ਅਤੇ ਨਿੱਜੀ ਖਾਦ ਵਿਕਰੇਤਾਵਾਂ ਦੇ ਖਰੀਦ ਕੇਂਦਰਾਂ ਵਿੱਚ 23236 ਮੀਟ੍ਰਿਕ ਟਨ ਯੂਰੀਆ ਖਾਦ ਉਪਲਬਧ ਕਰਵਾਈ ਜਾ ਚੁੱਕੀ ਹੈ ਅਤੇ ਬਾਕੀ ਦੀ ਲੋੜੀਂਦੀ ਖਾਦ ਆਉਂਦੇ ਦਿਨਾਂ ਦੌਰਾਨ ਜ਼ਿਲੇ ਅੰਦਰ ਪਹੁੰਚ ਜਾਵੇਗੀ।ਉਨਾਂ ਖਾਦ ਵਿਕ੍ਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਨੂੰ ਹਦਾਇਤ ਕੀਤੀ ਕਿ ਪੌਸ ਮਸ਼ੀਨਾਂ ਵਿੱਚ ਮੌਜੂਦ ਵਿਕਰੀ ਕੀਤੀ ਯੂਰੀਆ ਖਾਦ ਦਾ ਸਟਾਕ ਨਿਲ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਪੌਸ ਮਸ਼ੀਨਾਂ ਅਤੇ ਦੁਕਾਨ ਤੇ ਅਣਵਿਕੀ ਯੂਰੀਆ ਖਾਦ ਦਾ ਸਟਾਕ ਇਕਸਾਰ ਹੋਵੇ ਤਾਂ ਜੋ ਕਿਸੇ ਕਿਸਮ ਦੀ ਸਮੱਸਿਆ ਨਾ ਆਵੇ। ਉਨਾਂ ਸਮੂਹ ਡੀਲਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜਰੂਰੀ ਦਸਤਾਵੇਜ ਪੂਰੇ ਕਰਕੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰ੍ਹਾ ਦੀ ਕੁਤਾਹੀ ਨਾ ਵਰਤੀ ਜਾਵੇ ਅਤੇ ਸਟਾਕ ਬੋਰਡ ਉੱਪਰ ਰੋਜਾਨਾ ਯੂਰੀਆ ਖਾਦ ਦਾ ਸਟਾਕ ਅਤੇ ਰੇਟ ਲਿਖਿਆ ਜਾਵੇ ।
ਉਨਾਂ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈ , ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਖੇਤੀ ਸਮੱਗਰੀ ਦੀ ਹੀ ਕਿਸਾਨਾਂ ਨੂੰ ਵਿਕਰੀ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ । ਉਨਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ,ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਜ਼ਰੂਰੀ ਵਸਤਾਂ ਐਕਟ 1955 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸੰਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਸੂਚਿਤ ਕਰਨ।