ਬਰਨਾਲਾ, 8 ਜਨਵਰੀ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਰਾਹੀਂ ਸਕੂਲਾਂ ਵਿੱਚ ਗਤੀਵਿਧੀਆਂ ਜਾਰੀ ਹਨ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੈਡਮ ਮਲਿਕਾ ਰਾਣੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਲਗਾਤਾਰ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 181 ਸਕੂਲਾਂ ਦੇ 362 ਵਿਦਿਆਰਥੀਆਂ (ਛੇਵੀਂ ਤੋਂ ਬਾਰ੍ਹਵੀਂ) ਨੇ ਭਾਸ਼ਣ ਦਿੱਤੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਗਤੀਵਿਧੀਆਂ ਵਿੱਚ 2756 ਅਧਿਆਪਕਾਂ ਅਤੇ 47149 ਵਿਦਿਆਰਥੀਆਂ ਨੇ ਭਾਗ ਲਿਆ।
ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਜਿੰਦਰ ਸਿੰਘ ਨੇ ਦੱਸਿਆ ਕਿ ਦਸੰਬਰ 2024 ਵਿੱਚ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਵਿੱਚ ਬਡੀ ਪ੍ਰੋਗਰਾਮ ਤਹਿਤ ਨਸ਼ਿਆਂ ਖ਼ਿਲਾਫ਼ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਵਿਚ 11986 ਬਡੀ ਗਰੁੱਪਾਂ ਨੇ ਭਾਗ ਲਿਆ। ਇਹ ਗਤੀਵਿਧੀ 2050 ਅਧਿਆਪਕਾਂ ਦੀ ਨਿਗਰਾਨੀ ਵਿੱਚ ਕਰਵਾਈ ਗਈ, ਜਿਸ ਰਾਹੀਂ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਉਂਦੇ ਸਮੇਂ ਵੀ ਸਕੂਲਾਂ ਵਿਚ ਇਹ ਗਤੀਵਿਧੀਆਂ ਜਾਰੀ ਰਹਿਣਗੀਆਂ।
*ਸਲੋਗਨ ਲਿਖਣ, ਭਾਸ਼ਣ, ਕੁਇਜ਼ ਗਤੀਵਿਧੀਆਂ ਰਾਹੀਂ ਨਸ਼ਿਆਂ ਵਿਰੁੱਧ ਦਿੱਤਾ ਹੋਕਾ


