ਸਕੂਲ ਦੇ ਵਿਦਿਆਰਥੀਆਂ ਨੂੰ ਏਡਜ਼ ਬਾਰੇ ਦਿੱਤੀ ਜਾਣਕਾਰੀ 

Politics Punjab S.A.S Nagar

ਕੁਰਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 28 ਨਵੰਬਰ:

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਤੀਬਰ ਏਡਜ਼ ਜਾਗਰੂਕਤਾ ਅਤੇ ਜਾਂਚ ਮੁਹਿੰਮ ਤਹਿਤ ਕੁਰਾਲੀ ਦੇ ਚਕਵਾਲ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਦਿਆਰਥੀਆਂ ਨੂੰ ਏਡਜ਼ ਬਾਰੇ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਹਸਪਤਾਲ ਮੋਹਾਲੀ ਵਿਚਲੇ ਸੰਪੂਰਨ ਸੁਰੱਖਿਆ ਕੇਂਦਰ ਦੇ ਮੈਨੇਜਰ ਪੂਨਮ ਸ਼ਰਮਾ ਨੇ ਦੱਸਿਆ ਕਿ ਸਿਹਤ ਵਿਭਾਗ ਅਧੀਨ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਮੁਹਿੰਮ ਦਾ ਮੰਤਵ ਲੋਕਾਂ ਨੂੰ ਮਾਰੂ ਰੋਗ ਏਡਜ਼ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ. ਚੀਮਾ ਦੇ ਨਿਰਦੇਸ਼ਾਂ ’ਤੇ ਕਰਵਾਏ ਗਏ ਜਾਗਰੂਕਤਾ ਸਮਾਗਮ ਵਿਚ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਏਡਜ਼ ਭਿਆਨਕ ਰੋਗ ਹੈ ਜੋ ਐਚਆਈ ਵੀ ਨਾਮਕ ਵਾਇਰਸ ਤੋਂ ਹੁੰਦੀ ਹੈ। ਇਸ ਦੇ ਸ਼ੁਰੂਆਤੀ ਲੱਛਣਾਂ ਵਿਚ ਬੁਖ਼ਾਰ, ਥਕਾਵਟ, ਮਾਸਪੇਸ਼ੀਆਂ ਵਿਚ ਖਿਚਾਅ, ਜੋੜਾਂ ਵਿਚ ਦਰਦ, ਸਿਰਦਰਦ, ਜ਼ੁਕਾਮ, ਸੁੱਕੀ ਖੰਘ, ਚਿਹਰੇ ਉਤੇ ਨਿਸ਼ਾਨ ਆਦਿ ਸ਼ਾਮਲ ਹਨ। ਇਸ ਦੇ ਫੈਲਣ ਦੇ ਮੁੱਖ ਕਾਰਨ ਸੂਈਆਂ ਅਤੇ ਸਰਿੰਜਾਂ ਦੀ ਸਾਂਝੀ ਵਰਤੋਂ ਕਰਨਾ, ਐਚਆਈਵੀ ਪ੍ਰਭਾਵਤ ਵਿਅਕਤੀ ਦਾ ਖ਼ੂਨ ਤੰਦਰੁਸਤ ਵਿਅਕਤੀ ਦੇ ਸਰੀਰ ਵਿਚ ਚੜ੍ਹਾਉਣਾ, ਅਸੁਰੱਖਿਅਤ ਜਿਸਮਾਨੀ ਸਬੰਧ ਬਣਾਉਣਾ ਆਦਿ ਸ਼ਾਮਲ ਹਨ। 

     ਉਨ੍ਹਾਂ ਇਹ ਵੀ ਦੱਸਿਆ ਕਿ ਏਡਜ਼ ਪੀੜਤ ਨੂੰ ਛੂਹਣ ਨਾਲ, ਹੱਥ ਮਿਲਾਉਣ ਨਾਲ, ਉਸ ਦੇ ਵਰਤੇ ਭਾਂਡਿਆਂ ਵਿਚ ਖਾਣਾ ਖਾਣ ਨਾਲ ਏਡਜ਼ ਬਿਲਕੁਲ ਨਹੀਂ ਹੁੰਦਾ। ਇਹ ਸਭ ਗ਼ਲਤ ਧਾਰਨਾਵਾਂ ਹਨ। ਉਨ੍ਹਾਂ ਕਿਹਾ ਕਿ ਏਡਜ਼ ਤੋਂ ਬਚਾਅ ਲਈ ਜਾਗਰੂਕਤਾ ਅਤੇ ਸਾਵਧਾਨੀਆਂ ਵਰਤਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਏਡਜ਼ ਦੀ ਜਾਂਚ ਹਰ ਸਰਕਾਰੀ ਸਿਹਤ ਸੰਸਥਾ ਵਿਚ ਬਿਲਕੁਲ ਮੁਫ਼ਤ ਹੁੰਦੀ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਧਰਮਿੰਦਰ ਜੋਸ਼ੀ, ਨਵਪ੍ਰੀਤ ਅਤੇ ਮਨਪ੍ਰੀਤ ਮੌਜੂਦ ਸਨ।