ਮਾਨਸਾ, 27 ਫਰਵਰੀ:
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਮੱਦੇਨਜ਼ਰ ਜਾਰੀ ਹਦਾਇਤਾਂ ਦੇ ਆਧਾਰ ’ਤੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਨੇ ਸਬ ਰਜਿਸਟਰਾਰ ਦਫ਼ਤਰ, ਸਰਦੂਲਗੜ੍ਹ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਵੀ ਮੌਜੂਦ ਸਨ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਪੂਰੀ ਇਮਾਨਦਾਰੀ ਤੇ ਪਾਰਦਰਸ਼ਤਾ ਦੇ ਨਾਲ ਡਿਊਟੀ ਨਿਭਾਉਣ ਅਤੇ ਕੰਮ ਲਈ ਆਉਣ ਵਾਲੇ ਵਿਅਕਤੀਆਂ ਨੂੰ ਬਿਨ੍ਹਾਂ ਕਿਸੇ ਅਸੁਵਿਧਾ ਦੇ ਉਨ੍ਹਾਂ ਦੇ ਕੰਮਾਂ ਨੂੰ ਪੂਰਾ ਕਰਨ ਵਿੱਚ ਸਹਾਇਤਾ ਕਰਨ। ਉਨ੍ਹਾਂ ਇਸ ਦੌਰਾਨ ਜ਼ਮੀਨ ਦੀ ਰਜਿਸਟਰੀ ਕਰਵਾਉਣ ਆਏ ਵਿਅਕਤੀਆਂ ਨਾਲ ਗੱਲਬਾਤ ਕੀਤੀ ਅਤੇ ਸਬ ਰਜਿਸਟਰਾਰ ਦਫ਼ਤਰ ਸਰਦੂਲਗੜ੍ਹ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਬਾਰੇ ਫੀਡਬੈਕ ਲਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੱਲਬਾਤ ਦੌਰਾਨ ਲੋਕਾਂ ਵੱਲੋਂ ਸਬ ਰਜਿਸਟਰਾਰ ਦਫ਼ਤਰ ਵਿਖੇ ਰਜਿਸਟਰੀ ਪ੍ਰਕਿਰਿਆ ਅਤੇ ਅਧਿਕਾਰੀਆਂ, ਕਰਮਚਾਰੀਆਂ ਦੇ ਤਾਲਮੇਲ ਬਾਰੇ ਤਸੱਲੀ ਪ੍ਰਗਟ ਕੀਤੀ ਗਈ ਹੈ। ਉਨ੍ਹਾਂ ਸਟਾਫ ਨੂੰ ਹਦਾਇਤ ਕੀਤੀ ਕਿ ਰਜਿਸਟਰੀਆਂ ਦੇ ਕੰਮ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹਾਉਣ ਤਾਂ ਜੋ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਪ੍ਰਸ਼ਾਸਨਿਕ ਢਾਂਚੇ ਨੂੰ ਯਕੀਨੀ ਬਣਾਉਣ ਲਈ ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਸਹਿਣਲਤਾ ਦੀ ਨੀਤੀ ਅਪਣਾਈ ਗਈ ਹੈ, ਜਿਸ ਦੇ ਮੱਦੇਨਜ਼ਰ ਜੇਕਰ ਕੋਈ ਵੀ ਅਧਿਕਾਰੀ ਸਰਕਾਰੀ ਕੰਮ ਦੇ ਬਦਲੇ ਲੋਕਾਂ ਤੋਂ ਰਿਸ਼ਵਤ ਦੀ ਮੰਗ ਕਰਦਾ ਪਾਇਆ ਜਾਂਦਾ ਹੈ ਤਾਂ ਉੁਸ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਸਬ ਰਜਿਸਟਰਾਰ ਦਫ਼ਤਰ ਸਰਦੂਲਗੜ੍ਹ ਦਾ ਨਿਰੀਖਣ


