ਬਠਿੰਡਾ, 1 ਜੁਲਾਈ:- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੁਆਰਾ ਨਰਮੇਂ ਦੀ ਫ਼ਸਲ ਦੀ ਪੈਦਾਵਾਰ ਵਧਾਉਣ ਸੰਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ਡਾਇਰੈਕਟਰ ਪਸਾਰ ਸਿੱਖਿਆ, ਡਾ. ਮੱਖਣ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅਤੇ ਡਿਪਟੀ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਡਾ. ਗੁਰਦੀਪ ਸਿੰਘ ਸਿੱਧੂ ਦੀ ਰਹਿ ਨੁਮਾਈ ਅਧੀਨ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵੱਲੋਂ ਜ਼ਿਲ੍ਹੇ ਦੇ ਪਿੰਡ ਬਾਂਡੀ ਵਿਖੇ ਨਰਮੇ ਵਿੱਚ ਸਰਵਪੱਖੀ ਕੀਟ ਅਤੇ ਰੋਗ ਪ੍ਰਬੰਧਨ’ ਵਿਸ਼ੇ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਡਾ. ਗੁਰਮੀਤ ਸਿੰਘ ਢਿੱਲੋਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਹਰ ਰੋਜ ਆਪਣੇ ਖੇਤਾਂ ਦਾ ਸਰਵੇਖਣ ਕਰਨ ਅਤੇ ਕਿਸੇ ਵੀ ਸਮੱਸਿਆ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਜਾ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ ਤੇ ਮਹਿਰਾਂ ਦੀ ਸਲਾਹ ਮੁਤਾਬਿਕ ਹੀ ਸਿਫਾਰਸ਼ ਜਹਿਰਾਂ ਦੀ ਵਰਤੋਂ ਕਰਨ।
ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ), ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਡਾ. ਵਿਨੈ ਸਿੰਘ, ਨੇ ਕਿਸਾਨਾਂ ਨੂੰ ਖੇਤ ਵਿੱਚ ਕੀੜਿਆਂ ਅਤੇ ਕੁਦਰਤੀ ਦੁਸ਼ਮਣਾਂ ਦੀ ਪਛਾਣ ਕਰਨ ਬਾਰੇ ਜਾਗਰੂਕ ਕੀਤਾ। ਇਸ ਮੌਕੇ ਉਨ੍ਹਾਂ ਦੁਆਰਾ ਫੋਟੋਆਂ ਅਤੇ ਫਲੈਸ਼ ਕਾਰਡਾਂ ਦੀ ਵਰਤੋਂ ਨਾਲ ਕੀੜੇ-ਮਕੌੜਿਆਂ ਦੇ ਹਮਲੇ ਅਤੇ ਬਿਮਾਰੀਆਂ ਦੇ ਲੱਛਣਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਕਿਸਾਨਾਂ ਨੂੰ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ਦਾ ਸਮੇਂ ਸਿਰ ਪਤਾ ਲਗਾਉਣ ਅਤੇ ਨਿਗਰਾਨੀ ਕਰਨ ਦੇ ਤਰੀਕੇ ਵੀ ਸਿਖਾਏ ਗਏ। ਇਸ ਤੋਂ ਇਲਾਵਾ, ਕਪਾਹ ਵਿੱਚ ਕੀਟ ਪ੍ਰਬੰਧਨ ਦੇ ਵਿਗਿਆਨਕ ਅਤੇ ਸਿਫ਼ਾਰਸ਼ ਕੀਤੇ ਤਰੀਕਿਆਂ ਬਾਰੇ ਵਿਚਾਰ ਚਰਚਾ ਕੀਤੀ ਗਈ।
ਇਸ ਮੌਕੇ ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਡਾ. ਤੇਜਬੀਰ ਸਿੰਘ ਬੁੱਟਰ ਵੱਲੋਂ ਨਰਮੇ ਅਤੇ ਝੋਨੇ ਵਿੱਚ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਯੂਨੀਵਰਸਿਟੀ ਵੱਲੋਂ ਸ਼ਿਫਾਰਸ ਕੀਤੀ ਮਾਤਰਾ ਅਨੁਸਾਰ ਹੀ ਖਾਦਾਂ ਦੀ ਵਰਤੋਂ ਕਰਨ। ਇਸ ਤੋਂ ਇਲਾਵਾ ਉਨ੍ਹਾਂ ਵੱਲੋ ਯੂਨੀਵਰਸਿਟੀ ਵੱਲੋਂ ਸ਼ਿਫਾਰਸ ਕੀਤੀਆਂ ਘੱਟ ਸਮਾਂ ਲੈਣ ਵਾਲੀਆਂ ਝੋਨੇ ਦੀਆਂ ਕਿਸਮਾਂ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ ਗਈ।
ਅੰਤ ਵਿੱਚ ਪਿੰਡ ਦੇ ਕਿਸਾਨਾਂ ਨੇ ਆਪਣੇ ਤਜਰਬੇ ਸਾਂਝੇ ਕੀਤੇ। ਵਿਗਿਆਨੀਆਂ ਨੇ ਕਿਸਾਨਾਂ ਨੂੰ ਨਾਲ ਲੈ ਕੇ ਖੇਤਾਂ ਦਾ ਦੌਰਾ ਵੀ ਕੀਤਾ , ਜਿੱਥੇ ਉਨ੍ਹਾਂ ਨੂੰ ਨਰਮੇ ਦੇ ਕੀੜੇ-ਮਕੌੜਿਆਂ ਦੀ ਪਹਿਚਾਣ ਅਤੇ ਰੋਕਥਾਮ ਬਾਰੇ ਸਿਖਾਇਆ ਗਿਆ।