ਬਠਿੰਡਾ ਵਿੱਚ ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਜਾਇਦਾਦ ’ਤੇ ਵੱਡੀ ਕਾਰਵਾਈ

Politics Punjab

ਚੰਡੀਗੜ੍ਹ/ਬਠਿੰਡਾ, 3 ਮਾਰਚ:

ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਸੂਬਾ ਸਰਕਾਰ ਵੱ”ਲੋਂ ਚਲਾਈ ਜਾ ਰਹੀ ‘‘ਯੁੱਧ ਨਸ਼ਿਆਂ ਵਿਰੁੱਧ’’ ਪਹਿਲਕਦਮੀ ਤਹਿਤ ਸੂਬੇ ਭਰ ਵਿੱਚ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਨੂੰ ਜੜੋਂ ਖਤਮ ਕਰਨ ਲਈ ਕੋਸ਼ਿਸ਼ਾਂ ਹੋਰ ਤੇਜ਼ ਕਰ ਦਿੱਤੀਆਂ ਗਈਆਂ ਹਨ। ਮਹਿਜ਼ 7 ਦਿਨਾਂ ਵਿੱਚ ਸੂਬੇ ਭਰ ’ਚ 8 ਨਸ਼ਾ ਤਸਕਰਾਂ ਦੀਆਂ ਗ਼ੈਰ-ਕਾਨੂੰਨੀ ਜਾਇਦਾਦਾਂ ਢਾਹ ਦਿੱਤੀਆਂ ਗਈਆਂ ਹਨ।

ਜ਼ਿਲ੍ਹਾ ਬਠਿੰਡਾ ਵਿੱਚ ਨਸ਼ਿਆਂ ਵਿਰੁੱਧ ਕੀਤੀ ਵੱਡੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਨਸ਼ਾ ਤਸਕਰੀ ਕਰਨ ਦੇ ਹੌਟਸਪਾਟ ਖੇਤਰ ਪਿੰਡ ਬੀੜ ਤਲਾਬ ਵਿਖੇ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀ ਸੂਰਜ ਦੀ ਪਤਨੀ ਕੁਲਵਿੰਦਰ ਕੌਰ ਵਲੋਂ ਸਰਕਾਰੀ ਜ਼ਮੀਨ ’ਤੇ ਨਜਾਇਜ਼ ਉਸਾਰੀ ਕੀਤੀ ਜਾ ਰਹੀ ਸੀ, ਜਿਸਨੂੰ ਅੱਜ ਪੁਲਿਸ ਵੱਲੋਂ ਸਖ਼ਤ ਕਾਰਵਾਈ ਕਰਦਿਆਂ ਢਹਿ-ਢੇਰੀ ਕਰ ਦਿੱਤਾ ਗਿਆ।

ਮੈਡਮ ਅਮਨੀਤ ਕੌਂਡਲ ਨੇ ਮੀਡੀਆਂ ਦੇ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਨਸ਼ਾ ਤਸਕਰ ਸੂਰਜ ’ਤੇ ਨੌ ਮੁਕੱਦਮੇ ਦਰਜ ਹਨ, ਜੋ ਕਿ ਹੁਣ ਜੇਲ੍ਹ ਵਿੱਚ ਬੰਦ ਹੈ। ਇਸ ਤੋਂ ਇਲਾਵਾ ਉਸ ਦੇ ਭਰਾ ’ਤੇ ਵੀ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਹਨ। ਉਨ੍ਹਾਂ ਕਿਹਾ ਕਿ ਨਸ਼ੇ ਦੀ ਆੜ ਵਿੱਚ ਇਸ ਤਰ੍ਹਾਂ ਦੀ ਪ੍ਰੋਪਰਟੀ ਬਣਾਉਣ ਵਾਲਿਆਂ ਖਿਲਾਫ ਕਾਨੂੰਨ ਦੇ ਦਾਇਰੇ ’ਚ ਰਹਿ ਕੇ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਨਸ਼ਾ ਤਸਕਰ ਕਰਨ ਵਾਲੇ ਨੂੰ ਬਖਸ਼ਿਆ ਜਾਵੇਗਾ।

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪਿੰਡਾਂ ਜਾਂ ਸ਼ਹਿਰਾਂ ਚ ਤੁਹਾਡੇ ਆਲੇ-ਦੁਆਲੇ ਕੋਈ ਵੀ ਤਸਕਰ ਨਸ਼ਾ ਵੇਚਦਾ ਹੈ ਤਾਂ ਤੁਰੰਤ ਪੁਲਿਸ ਦੇ ਟੋਲ ਫ਼ਰੀ ਜਾਂ ਵਟਸਐਪ ਨੰਬਰ 91155-02252 ਜਾਂ ਕੰਟਰੋਲ ਰੂਮ ਦੇ ਨੰਬਰ 75080-09080 ’ਤੇ ਸੂਚਨਾ ਦਿੱਤੀ ਜਾ ਸਕਦੀ ਹੈ  ਜਾਂ ਸਿੱਧਾ ਦਫ਼ਤਰ ਪਹੁੰਚ ਕੇ ਵੀ ਸੰਪਰਕ ਕੀਤਾ ਜਾ ਸਕਦਾ ਹੈ । ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਕਾਰੋਬਾਰੀਆਂ ਦਾ ਪਤਾ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਵੇਗਾ।

Leave a Reply

Your email address will not be published. Required fields are marked *