ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਬਸੀ ਗੁਲਾਮ ਹੁਸੈਨ ਵਿਖੇ ਸਕੂਲਾਂ ’ਚ 35 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕਾਰਜਾਂ ਦਾ ਕੀਤਾ ਉਦਘਾਟਨ

Politics Punjab

ਹੁਸ਼ਿਆਰਪੁਰ, 9 ਅਪ੍ਰੈਲ : ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਹਾਈ ਸਕੂਲ ਬਸੀ ਗੁਲਾਮ ਹੁਸੈਨ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਕੂਲਾਂ ਦੇ ਚਹੁੰਮੁਖੀ ਵਿਕਾਸ ਲਈ ਪਿਛਲੇ ਤਿੰਨ ਸਾਲਾਂ ਦੌਰਾਨ ਕਰੀਬ 50 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ।

          ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਜ਼ਿਲ੍ਹਾ ਸਿੱਖਿਆ ਅਫ਼ਸਰ ਲਲਿਤਾ ਅਰੋੜਾ ਅਤੇ ਸਕੂਲਾਂ ਦੇ ਸਟਾਫ਼ ਸਮੇਤ ਕੰਮਾਂ ਦੇ ਉਦਘਾਟਨ ਮੌਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿਚ ਵੱਡੇ ਸੁਧਾਰ ਲਿਆ ਕੇ ਵਿਦਿਆਰਥੀਆਂ ਨੂੰ ਹਰ ਆਧੁਨਿਕ ਸਹੂਲਤ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਬਾਕਮਾਲ ਬੁਨਿਆਦੀ ਢਾਂਚੇ ਦੀ ਸਥਾਪਤੀ ਨਾਲ ਸਰਕਾਰੀ ਸਕੂਲਾਂ ਦੇ ਪੱਧਰ ਵਿਚ ਰਿਕਾਰਡ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿੱਖਿਆ ਦੇ ਖੇਤਰ ਨੂੰ ਵਿਸ਼ੇਸ਼ ਤਵੱਜੋਂ ਸਦਕਾ ਬਜਟ ਵਿਚ ਕਰੀਬ 18000 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ ਜਿਸ ਨਾਲ ਸਰਕਾਰੀ ਸਕੂਲਾਂ ਦੇ ਸਰਬਪੱਖੀ ਵਿਕਾਸ ਨੂੰ ਹੋਰ ਬਲ ਮਿਲੇਗਾ।

          ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਰਕਾਰੀ ਹਾਈ ਸਕੂਲ ਬਸੀ ਗੁਲਾਮ ਹੁਸੈਨ ਵਿਖੇ 13 ਲੱਖ ਰੁਪਏ ਤੋਂ ਵੱਧ ਦੀ ਲਾਗਤ ਨਾਲ ਲੈਬਾਰਟਰੀ, 10 ਲੱਖ ਰੁਪਏ ਦੀ ਲਾਗਤ ਨਾਲ ਕੰਪਿਊਟਰ ਲੈਬ ਅਤੇ 5 ਲੱਖ ਰੁਪਏ ਦੀ ਲਾਗਤ ਨਾਲ ਬਾਸਕਿਟਬਾਲ ਦੀ ਗਰਾਉਂਡ ਬਣਾਈ ਗਈ ਹੈ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 7.50 ਲੱਖ ਰੁਪਏ ਦੀ ਲਾਗਤ ਨਾਲ ਬਣੇ ਕਮਰਿਆਂ ਉਦਘਾਟਨ ਕਰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ 2 ਲੱਖ ਰੁਪਏ ਦੀ ਲਾਗਤ ਨਾਲ ਪਖਾਨੇ ਬਣਾਏ ਗਏ ਹਨ ਅਤੇ 1.50 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੇ ਪਖਾਨਿਆਂ ਦੀ ਮੁਰੰਮਤ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਮੌਜੂਦਾ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਹਰ ਲੋੜੀਂਦੀ ਸਹੂਲਤ ਮਿਲ ਸਕੇ।

          ਪੰਜਾਬ ਸਰਕਾਰ ਵਲੋਂ ਅਧਿਆਪਕਾਂ ਨੂੰ ਵਿਦੇਸ਼ਾਂ ਵਿਚ ਟਰੇਨਿੰਗ ਦੀ ਗੱਲ ਕਰਦਿਆਂ ਵਿਧਾਇਕ ਜਿੰਪਾ ਨੇ ਕਿਹਾ ਕਿ ਇਹ ਟਰੇਨਿੰਗ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਬੇਹੱਦ ਲਾਹੇਵੰਦ ਰਹੇਗੀ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਸਰਕਾਰ ਵਲੋਂ ਵੱਖ-ਵੱਖ ਥਾਵਾਂ ਦੇ ਵਿਦਿਅਕ ਟੂਰ ਵੀ ਕਰਵਾਏ ਗਏ ਹਨ ਜਿਨ੍ਹਾਂ ਨਾਲ ਉਨ੍ਹਾਂ ਦੇ ਬੌਧਿਕ ਪੱਧਰ ਵਿਚ ਵਾਧਾ ਹੋਇਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਸੁਖਜਿੰਦਰ ਸਿੰਘ, ਸੰਤੋਸ਼ ਸੈਣੀ, ਕੰਚਨ ਦਿਓਲ, ਕਮਲਜੀਤ ਗਰੇਵਾਲ, ਰਾਜਨ ਸੈਣੀ, ਸਰਪੰਚ ਹਰਬਿਲਾਸ, ਸਰਪੰਚ ਲੱਕੀ ਆਦਿ ਵੀ ਮੌਜੂਦ ਸਨ।

Leave a Reply

Your email address will not be published. Required fields are marked *