ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਹਲਕਾ ਸੰਗਰੂਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ 

Politics Punjab Sangrur

ਸੰਗਰੂਰ, 10 ਮਾਰਚ :

ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਸਮੀਖਿਆ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਦੀ ਮੌਜੂਦਗੀ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ, ਸੂਬੇ ਵਿੱਚ ਲੋਕਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਅਤੇ ਬਿਹਤਰੀਨ ਸੁਵਿਧਾਵਾਂ ਮੁਹਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਵਿਭਾਗੀ ਅਧਿਕਾਰੀਆਂ ਦੇ ਪੱਧਰ ਉੱਤੇ ਹਲਕਾ ਸੰਗਰੂਰ ਦੇ ਵਿਕਾਸ ਕਾਰਜਾਂ ਵਿੱਚ ਬੇਲੋੜੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਨਿਰਮਾਣ ਕਾਰਜਾਂ ਦੌਰਾਨ ਮਿਆਰੀ ਕਿਸਮ ਦੀ ਗੁਣਵੱਤਾ ਅਧਾਰਤ ਸਮੱਗਰੀ ਹੀ ਵਰਤੋਂ ਵਿੱਚ ਲਿਆਂਦੀ ਜਾਵੇ।

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪੰਜਾਬ ਮੰਡੀ ਬੋਰਡ, ਲੋਕ ਨਿਰਮਾਣ ਵਿਭਾਗ, ਪੰਚਾਇਤੀ ਰਾਜ, ਸਿੱਖਿਆ ਵਿਭਾਗ, ਪੀਐਸਪੀਸੀਐਲ, ਜਲ ਸਰੋਤ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਸੀਵਰੇਜ ਬੋਰਡ, ਭੂਮੀ ਰੱਖਿਆ ਤੇ ਭੌਂ ਵਿਕਾਸ, ਸਿਹਤ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ, ਪੇਂਡੂ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਤੋਂ ਵੱਖ ਵੱਖ ਵਿਕਾਸ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਨਿਰਧਾਰਿਤ ਸਮਾਂ ਸੀਮਾ ਵਿੱਚ ਕੰਮ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। 

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਐਕਸੀਅਨ ਸੀਵਰੇਜ ਬੋਰਡ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤੀ ਸੀਜ਼ਨ ਤੋਂ ਪਹਿਲਾਂ ਪਹਿਲਾਂ ਸੰਗਰੂਰ ਵਿੱਚ ਸੀਵਰੇਜ ਅਤੇ ਬਰਸਾਤੀ ਨਾਲਿਆਂ ਦੀ ਸਫਾਈ ਨੂੰ ਯਕੀਨੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਇਹ ਮਸਲਾ ਕਈ ਵਾਰ ਗੰਭੀਰ ਰੂਪ ਧਾਰਨ ਕਰ ਜਾਂਦਾ ਹੈ ਅਤੇ ਇਸ ਨੂੰ ਸਮੇਂ ਸਿਰ ਪੂਰਾ ਕਰਨ ਵਿੱਚ ਕਿਸੇ ਵੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪ੍ਰੋਜੈਕਟਾਂ ਦੀ ਪ੍ਰਗਤੀ ਬਾਰੇ ਲਗਾਤਾਰ ਨਰੀਖਣ ਕਰਨ। ਉਹਨਾਂ ਨੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਬੁਨਿਆਦੀ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਚੱਲ ਰਹੇ ਕਾਰਜਾਂ ਵਿੱਚ ਹੋਰ ਤੇਜੀ ਲਿਆਉਣ ਦੀ ਹਦਾਇਤ ਵੀ ਕੀਤੀ। 

ਮੀਟਿੰਗ ਦੌਰਾਨ ਏਡੀਸੀ ਅਮਿਤ ਬੈਂਬੀ, ਏਡੀਸੀ (ਵਿਕਾਸ) ਸੁਖਚੈਨ ਸਿੰਘ ਪਾਪੜਾ, ਐਸਡੀਐਮ ਚਰਨਜੋਤ ਸਿੰਘ ਵਾਲੀਆ ਸਮੇਤ ਹੋਰ ਵਿਭਾਗਾਂ ਦੇ ਮੁਖੀ ਅਤੇ ਕਾਰਜਕਾਰੀ ਏਜੰਸੀਆਂ ਦੇ ਐਕਸੀਅਨ ਮੌਜੂਦ ਸਨ।

Leave a Reply

Your email address will not be published. Required fields are marked *