ਫਿਰੋਜ਼ਪੁਰ 05 ਫਰਵਰੀ 2025:
ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾ ਸਿੰਘ ਵਾਲਾ ਵਿਖੇ ਮੈਗਾ ਮਾਪੇ ਅਧਿਆਪਕ ਮਿਲਣੀ ਵਿੱਚ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਦੇ ਮਾਪਿਆਂ, ਅਧਿਆਪਕਾਂ ਨਾਲ ਮੁਲਾਕਾਤ ਕਰਕੇ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਵਿਧਾਇਕ ਵੱਲੋਂ ਸੈਸ਼ਨ 2025-26 ਲਈ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਦਾਖਲਾ ਮੁਹਿੰਮ ਦੀ ਵੀ ਸ਼ੁਰੂਆਤ ਕੀਤੀ।
ਵਿਧਾਇਕ ਸ਼੍ਰੀ ਦਹੀਯਾ ਨੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਗਾਤਾਰ ਵਿਕਾਸ ਦੇ ਕੰਮ ਚੱਲ ਰਹੇ ਹਨ ਅਤੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਚੰਗੀ ਸਿੱਖਿਆ ਦੇ ਮੌਕੇ ਉਪਲੱਬਧ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਅੰਤਰ-ਰਾਸ਼ਟਰੀ ਪੱਧਰ ਦੇ ਸੁਧਾਰ ਲਈ ਕੰਮ ਕੀਤੇ ਜਾ ਰਹੇ ਹਨ ਜਿਸ ਦੇ ਸਿੱਟੇ ਵਜੋਂ ਸਰਕਾਰੀ ਸਕੂਲਾਂ ਦੇ ਨਤੀਜੇ ਵੀ ਹੋਰ ਬਿਹਤਰ ਹੋਏ ਹਨ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਸ੍ਰੀਮਤੀ ਮੁਨੀਲਾ ਅਰੋੜਾ ਨੇ ਦੱਸਿਆ ਕਿ ਇਸ ਦਾਖਲਾ ਮੁਹਿੰਮ ਦੌਰਾਨ ਵੱਖ-ਵੱਖ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲੇ ਬਾਰੇ ਅਤੇ ਸਿੱਖਿਆ ਬਾਰੇ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਲੋਕ ਜਾਗਰੂਕ ਹੋ ਕੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਵਧੀਆ ਪੜਾਈ ਲਈ ਦਾਖਲ ਕਰਵਾਉਣ।
ਇਸ ਮੌਕੇ ਸਕੂਲ ਦਾ ਸਟਾਫ, ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸੀ।