ਫ਼ਿਰੋਜ਼ਪੁਰ, 26 ਦਸੰਬਰ 2024:
ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਦੇ ਮੌਕੇ ਸ਼ਹਿਰ ਵਿਚ ਸਥਿਤ ਸ਼ਹੀਦ ਊਧਮ ਸਿੰਘ ਚੌਕ ਵਿਖੇ ਮਹਾਨ ਕ੍ਰਾਂਤੀਕਾਰੀ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਜ਼ਿਲ੍ਹਾ ਵਾਸੀਆਂ ਨੂੰ ਮਹਾਨ ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ।
ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਦੇਸ਼ ਭਗਤੀ ਦੇ ਜਜ਼ਬੇ ਦੀ ਜੋ ਅਨੋਖੀ ਮਿਸਾਲ ਕਾਇਮ ਕੀਤੀ ਹੈ ਉਹ ਅੱਜ ਵੀ ਦੇਸ਼ ਵਾਸੀਆਂ ਨੂੰ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਜਲਿਆਂਵਾਲਾ ਬਾਗ ਦੇ ਸਾਕੇ ਦਾ 21 ਸਾਲ ਬਾਅਦ ਬਦਲਾ ਲਿਆ ਅਤੇ ਜ਼ਬਰ ਜ਼ੁਲਮ ਦੇ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹਾਦਤ ਦਾ ਜਾਮ ਪੀਤਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਦੇਸ਼ ਦੇ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਅਨੇਕਾਂ ਮਹੱਤਵਪੂਰਨ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਨੂੰ ਸਿਜਦਾ ਕਰਦਿਆਂ ਸਰਕਾਰ ਦੇ ਨਾਲ ਹਰ ਨਾਗਰਿਕ ਦਾ ਵੀ ਇਹ ਮੁਢਲਾ ਫ਼ਰਜ਼ ਹੈ ਕਿ ਮਹਾਨ ਸ਼ਹੀਦਾਂ ਦੀਆਂ ਸ਼ਹਾਦਤਾਂ ਬਾਰੇ ਬੱਚਿਆਂ ਅਤੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਜ਼ਾਦੀ ਸੰਗਰਾਮ ਦੌਰਾਨ ਆਪਣੀ ਜਾਨ ਵਾਰ ਕੇ ਮਿਸਾਲਾਂ ਕਾਇਮ ਕਰਨ ਵਾਲੇ ਇਨ੍ਹਾਂ ਸੂਰਬੀਰ ਯੋਧਿਆਂ ਦੀ ਕੁਰਬਾਨੀ ਹਮੇਸ਼ਾ ਆਉਣ ਵਾਲੀ ਪੀੜ੍ਹੀ ਨੂੰ ਪ੍ਰੇਰਨਾ ਦਿੰਦੀ ਰਹੇਗੀ।
ਇਸ ਮੌਕੇ ਰਾਜ ਬਹਾਦਰ ਸਿੰਘ, ਹਿਮਾਂਸ਼ੂ ਠੱਕਰ, ਬਲਦੇਵ ਸਿੰਘ ਮੱਲੀ, ਹਰਮੀਤ ਸਿੰਘ ਖਾਈ, ਜਗਦੀਪ ਹਾਂਡਾ ਮਿੰਟੂ, ਜੁਗਰਾਜ ਸਰਪੰਚ ਨਿਜ਼ਾਮ ਵਾਲਾ, ਨਿਰਮਲਜੀਤ ਸਰਪੰਚ ਰੱਜੀ ਵਾਲਾ, ਗੁਲਸ਼ਨ ਗੱਖੜ ਬਲਾਕ ਪ੍ਰਧਾਨ, ਪ੍ਰਦੀਪ ਚੌਪੜਾ ਬਲਾਕ ਪ੍ਰਧਾਨ ਵੀ ਹਾਜ਼ਰ ਸਨ