ਬਟਾਲਾ,15 ਫਰਵਰੀ ( ) ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਲਾਕ ਕਾਹਨੂੰਵਾਨ ਦੇ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲਣ ਲਈ ਅਧਿਕਾਰੀਆਂ ਤੇ ਸਰਪੰਚਾਂ ਨਾਲ ਮੀਟਿੰਗ ਕੀਤੀ ਗਈ ਅਤੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਰਫਤਾਰ ਹੋਰ ਤੇਜ਼ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਤਾਂ ਜੋ ਲੋਕ ਸਰਕਾਰ ਦੀਆਂ ਸੁੱਖ ਸਹੂਲਤਾਂ ਦਾ ਲਾਭ ਹਾਸਿਲ ਕਰ ਸਕਣ। ਇਸ ਮੌਕੇ ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਗੁਰਪ੍ਰੀਤ ਸਿੰਘ ਬੀਡੀਪੀਓ ਅਤੇ ਪਿੰਡਾਂ ਦੇ ਸਰਪੰਚ ਮੌਜੂਦ ਸਨ।
ਵਿਧਾਇਕ ਸ਼ੈਰੀ ਕਲਸੀ ਨੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ ਅਤੇ ਸੂਬੇ ਵਿੱਚ ਮੁੜ ਸੁਨਹਿਰੀ ਦੌਰ ਲਿਆਉਣ ਲਈ ਪਿੰਡਾਂ ਦਾ ਚਹੁੰਮੁਖੀ ਵਿਕਾਸ ਕਰਨ ਲਈ ਸਾਰੇ ਅਧਿਕਾਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਡਿਊਟੀ ਕਰਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਜਿੰਨੇ ਵੀ ਦਿਹਾਤੀ ਪ੍ਰੋਜੈਕਟ ਅਤੇ ਕਾਰਜ ਚੱਲ ਰਹੇ ਹਨ ਉਨ੍ਹਾਂ ਨੂੰ ਸਮਾਂਬੱਧ ਪੂਰਾ ਕੀਤਾ ਜਾਵੇ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿੰਡਾਂ ਵਿੱਚ ਚੱਲ ਰਹੇ ਸਾਰੇ ਵਿਕਾਸ ਕਾਰਜਾਂ ਵਿੱਚ ਦੇਰੀ ਅਤੇ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜਾਣਬੁੱਝ ਕੇ ਅਣਗਿਹਲੀ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਸਾਰੀਆਂ ਸਰਕਾਰੀ ਸਕੀਮਾਂ ਤੇ ਯੋਜਵਾਨਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਦੀਆਂ ਹਦਾਇਤਾਂ ਕੀਤੀਆਂ ਤਾਂ ਜੋ ਪਿੰਡ ਵਾਸੀ ਆਪਣੇ ਇਲਾਕਿਆਂ ਦਾ ਵੱਧ ਤੋਂ ਵੱਧ ਵਿਕਾਸ ਤੇ ਉੱਨਤੀ ਕਰਵਾ ਸਕਣ।
ਵਿਧਾਇਕ ਸ਼ੈਰੀ ਕਲਸੀ ਨੇ ਮਗਨਰੇਗਾ ਦੇ ਜੌਬ ਕਾਰਡ ਬਣਾਉਣ ਲਈ ਪਿੰਡਾਂ ‘ਚ ਲਗਾਏ ਵਿਸ਼ੇਸ਼ ਕੈਂਪਾਂ ਬਾਰੇ ਵੀ ਜਾਣਕਾਰੀ ਲਈ ਅਤੇ ਜਿੱਥੇ ਕੋਈ ਕਮੀਂ ਪਾਈ ਗਈ, ਉਸਨੂੰ ਤੁਰੰਤ ਦਰੁਸਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵੱਧ ਤੋਂ ਵੱਧ ਰੋਜ਼ਗਾਰ ਦੇਣ ਲਈ ਹਰੇਕ ਲੋੜਵੰਦ ਦਾ ਨਰੇਗਾ ਕਾਰਡ ਬਣਾਇਆ ਜਾਵੇ।
ਵਿਧਾਇਕ ਸ਼ੈਰੀ ਕਲਸੀ ਨੇ ਪਿੰਡਾਂ ਦੇ ਸਰਪੰਚਾਂ ਨੂੰ ਪੂਰੀ ਮਿਹਨਤ ਤੇ ਤਨਦੇਹੀ ਨਾਲ ਵਿਕਾਸ ਕੰਮ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਗੁਰਪ੍ਰੀਤ ਸਿੰਘ ਗਿੱਲ ਨੇ ਕਿਹਾ ਕਿ ਪਿੰਡਾਂ ਅੰਦਰ ਵਿਕਾਸ ਕਾਰਜਾਂ ਨੂੰ ਨਿਸ਼ਚਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਵਿੱਚ ਕੋਈ ਢਿੱਲਮੱਠ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪਿੰਡਾਂ ਦੇ ਸਰਪੰਚਾਂ ਵਲੋਂ ਵੀ ਪਿੰਡਾਂ ਅੰਦਰ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਸਬੰਧੀ ਆਪਣੀ ਗੱਲ ਰੱਖੀ।
ਇਸ ਮੌਕੇ ਪਿੰਡ ਬੁੱਟਰ ਕਲਾਂ ਦੇ ਸਰਪੰਚ ਗੁਰਿੰਦਰ ਸਿੰਘ, ਸੇਖਵਾਂ ਦੇ ਸਰਪੰਚ ਜੋਗਿੰਦਰ ਸਿੰਘ, ਠੀਕਰੀਵਾਲ ਦੇ ਸਰਪੰਚ ਸ੍ਰੀਮਤੀ ਰਚਨਾ ਰਾਣੀ, ਤੱਤਲਾ ਦੇ ਸਰਪੰਚ ਸ੍ਰੀਮਤੀ ਕੁਲਵਿੰਦਰ ਕੌਰ, ਕੋਟ ਬੁੱਢਾ ਦੇ ਸਰਪੰਚ ਮਲਕੀਤ ਸਿੰਘ, ਠੀਕਰੀਵਾਲ ਉੱਚਾ ਪਿੰਡ ਦੇ ਸਰਪੰਚ ਮਨਪ੍ਰੀਤ ਸਿੰਘ ਤੋਂ ਇਲਾਵਾ ਗਗਨ ਬਟਾਲਾ, ਮਲਕੀਤ ਸਿੰਘ, ਪਵਨ ਕੁਮਾਰ, ਬਲਜੀਤ ਸਿੰਘ ਨਿੱਕੂ, ਕੁਲਦੀਪ ਧਾਰੀਵਾਲ ਅਤੇ ਮੁਨੀਸ਼ ਕੁਮਾਰ ਕਾਕਾ ਵੀ ਮੌਜੂਦ ਸਨ।