ਹੁਸ਼ਿਆਰਪੁਰ, 8 ਜਨਵਰੀ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਕ ਵਿਸ਼ੇਸ਼ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੇਂਡੂ) ਤਹਿਤ 23 ਲਾਭਪਾਤਰੀਆਂ ਨੂੰ 34.50 ਲੱਖ ਰੁਪਏ ਦੇ ਚੈਕ ਵੰਡੇ। ਇਹ ਯੋਜਨਾ ਪੇਂਡੂ ਹਲਕੇ ਦੇ ਕੱਚੇ ਮਕਾਨਾਂ ਵਿਚ ਰਹਿਣ ਵਾਲੇ ਜ਼ਰੂਰਤਮੰਦ ਪਰਿਵਾਰਾਂ ਨੂੰ ਪੱਕੇ ਮਕਾਨ ਉਪਲਬੱਧ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ।
ਇਸ ਮੌਕੇ ਵਿਧਾਇਕ ਨੇ ਦੱਸਿਆ ਕਿ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਉਨ੍ਹਾਂ ਦੀਆ ਲੋੜਾਂ ਅਨੁਸਾਰ ਪੜਾਅਵਾਰ ਢੰਗ ਨਾਲ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਪ੍ਰੋਗਰਾਮ ਵਿਚ ਲਾਭਪਾਤਰੀਆਂ ਨੂੰ ਪਹਿਲੀ ਕਿਸ਼ਤ ਦੇ ਰੂਪ ਵਿਚ ਰਾਸ਼ੀ ਜਾਰੀ ਕੀਤੀ ਗਈ ਹੈ ਜਦਕਿ ਬਾਕੀ ਦੋ ਕਿਸ਼ਤਾਂ ਨਿਰਮਾਣ ਕਾਰਜ ਦੀ ਪ੍ਰਗਤੀ ਦੇ ਆਧਾਰ ’ਤੇ ਜਾਰੀ ਕੀਤੀਆਂ ਜਾਣਗੀਆਂ।
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਰਕਾਰ ਪੇਂਡੂ ਹਲਕੇ ਵਿਚ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਗਰੀਬ ਅਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਆਪਣੇ ਘਰ ਬਣਾਉਣ ਦਾ ਸੁਪਨਾ ਸਾਕਾਰ ਕਰਨ ਦਾ ਅਵਸਰ ਪ੍ਰਦਾਨ ਕਰਦੀ ਹੈ। ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ ਕਿ ਯੋਜਨਾ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚੇ।
ਉਨ੍ਹਾਂ ਅੱਗੇ ਕਿਹਾ ਕਿ ਰਾਜ ਸਰਕਾਰ ਪੇਂਡੂ ਖੇਤਰਾਂ ਵਿਚ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਸ ਯੋਜਨਾ ਤੋਂ ਇਲਾਵਾ ਹੋਰ ਭਲਾਈ ਸਕੀਮਾਂ ’ਤੇ ਵੀ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ ਜਿਸ ਵਿਚ ਪਖਾਨੇ ਨਿਰਮਾਣ, ਜਲ ਸਪਲਾਈ ਅਤੇ ਰੋਜ਼ਗਾਰ ਪੈਦਾ ਕਰਨ ਦੀਆਂ ਸਕੀਮਾਂ ਮਹੱਤਵਪੂਰਨ ਹਨ। ਵਿਧਾਇਕ ਨੇ ਅਖੀਰ ਵਿਚ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਚੁੱਕਣ ਅਤੇ ਜਾਗਰੂਕ ਹੋ ਕੇ ਆਪਣੇ ਅਧਿਕਾਰਾਂ ਦੀ ਰੱਖਿਆ ਕਰਨ।
ਇਸ ਮੌਕੇ ਲਾਭਪਾਤਰੀਆਂ ਨੇ ਆਪਣੀ ਖੁਸ਼ੀ ਪ੍ਰਗਟ ਕਰਦਿਆਂ ਸਰਕਾਰ ਅਤੇ ਵਿਧਾਇਕ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਸਹਾਇਤਾ ਰਾਸ਼ੀ ਨਾਲ ਉਹ ਆਪਣੇ ਪਰਿਵਾਰ ਲਈ ਇਕ ਸੁਰੱਖਿਅਤ ਅਤੇ ਸਨਮਾਨਜਨਕ ਘਰ ਬਣਾ ਸਕਣਗੇ। ਇਸ ਮੌਕੇ ਬੀ.ਡੀ.ਪੀ.ਓ ਪਰਵੇਸ਼ ਗੋਇਲ, ਸਰਪੰਚ ਅਮਰਜੀਤ ਬਾਜਵਾ, ਰਾਜਨ ਸੈਣੀ, ਸਰਪੰਚ ਨਵਜਿੰਦਰ ਬੇਦੀ, ਬਖਤਾਵਰ, ਸਰਪੰਚ ਅਸ਼ੋਕ, ਸਰਪੰਚ ਜੀਵਨ, ਸਰਪੰਚ ਸਤਵਿੰਦਰ ਸੱਤੀ, ਰਾਜਾ ਵਿਰਦੀ ਵੀ ਮੌਜੂਦ ਸਨ।
ਵਿਧਾਇਕ ਜ਼ਿੰਪਾ ਨੇ ਆਵਾਸ ਯੋਜਨਾ ਤਹਿਤ 23 ਲਾਭਪਾਤਰੀਆਂ ਨੂੰ 34.50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਵੰਡੀ


