ਤਲਵੰਡੀ ਸਾਬੋ (ਬਠਿੰਡਾ), 2 ਦਸੰਬਰ : ਗੁਰੂ ਕੀ ਨਗਰੀ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਹਨਾਂ ਗੱਲਾਂ ਦਾ ਪ੍ਰਗਟਾਵਾ ਚੀਫ ਵਿੱਪ ਵਿਧਾਇਕ ਤਲਵੰਡੀ ਸਾਬੋ ਪ੍ਰੋ. ਬਲਜਿੰਦਰ ਕੌਰ ਨੇ ਖੰਡਾ ਚੌਂਕ ਤੋਂ ਗਿੱਲਾਂ ਵਾਲਾ ਖੂਹ ਵਾਇਆ ਤਖਤ ਸਾਹਿਬ ਨੂੰ ਜਾਂਦੀ ਸੜਕ ਦਾ ਸੁੰਦਰੀਕਰਨ ਕਰਨ ਲਈ ਅਤੇ ਸ਼ਹਿਰ ਦੇ ਵਾਟਰ ਵਰਕਸ ‘ਚ ਪੀਣ ਵਾਲੇ ਪਾਣੀ ਦੀ ਸਹੂਲਤ ਲਈ ਫਿਲਟਰ ਮੀਡੀਆ ਲਗਾਉਣ ਲਈ 322.19 ਲੱਖ ਰੁਪਏ ਦੇ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।
ਇਸ ਮੌਕੇ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਹੀ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ‘ਤੇ ਲਿਜਾਣ ਲਈ ਕ੍ਰਾਂਤੀਕਾਰੀ ਪਹਿਲਕਦਮੀਆ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਦੇ ਯਤਨਾਂ ਸਦਕਾ ਅੱਜ ਤਲਵੰਡੀ ਸਾਬੋ ਦੇ ਵਾਸ਼ਿੰਦਿਆਂ ਦੀ ਲੰਮੇ ਸਮੇਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕੀਤਾ ਹੈ। ਉਹਨਾਂ ਕਿਹਾ ਕਿ ਤਖਤ ਸ਼੍ਰੀ ਦਮਦਮਾ ਸਾਹਿਬ ਦੀ ਨੁਹਾਰ ਬਦਲਣ ਲਈ ਭਵਿੱਖ ਵਿੱਚ ਵੀ ਹੋਰ ਵਿਲੱਖਣ ਵਿਕਾਸ ਕਾਰਜ ਕੀਤੇ ਜਾਣਗੇ।
ਇਸ ਉਪਰੰਤ ਚੀਫ ਵਿੱਪ ਪ੍ਰੋ. ਬਲਜਿੰਦਰ ਕੌਰ ਨੇ 50 ਲੱਖ ਰੁਪਏ ਦੀ ਲਾਗਤ ਨਾਲ ਬਣੇ ਗਿੱਲ ਚੌਂਕ ਵਿੱਚ ਇੰਟਰਲਾਕ ਟਾਇਲ ਅਤੇ ਸੰਗਤ ਰੋਡ ‘ਤੇ ਸੀਸੀ ਫਲੋਰਿੰਗ ਪਾਉਣ ਦੇ ਕਾਰਜ ਦਾ ਉਦਘਾਟਨ ਵੀ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਪ੍ਰਸ਼ਾਸ਼ਨ ਪੂਰੀ ਗੰਭੀਰਤਾ ਨਾਲ ਲੈ ਰਿਹਾ ਹੈ। ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਪਿੰਡਾਂ ਅੰਦਰ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਲੈ ਕੇ ਲਗਾਤਾਰ ਪਿੰਡ ਦੀਆਂ ਪੰਚਾਇਤਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਪਿੰਡਾਂ ਦੀ ਨੁਹਾਰ ਨੂੰ ਬਦਲਿਆ ਜਾ ਸਕੇ।
ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਬਾਲਕ ਪ੍ਰਧਾਨ ਤਰਸੇਮ ਸਿੰਗਲਾ, ਆਮ ਆਦਮੀ ਪਾਰਟੀ ਦੇ ਵਰਕਰ ਸ਼੍ਰੀ ਕੁਲਦੀਪ ਸਿੰਘ, ਸ਼੍ਰੀ ਕੇਵਲ ਸਿੰਘ ਆਦਿ ਪ੍ਰਮੁੱਖ ਸ਼ਖਸੀਅਤਾਂ ਹਾਜਰ ਸਨ।
ਗੁਰੂ ਕੀ ਨਗਰੀ ਤਲਵੰਡੀ ਸਾਬੋ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਨਹੀਂ ਆਉਣ ਦਿੱਤੀ ਜਾਵੇਗੀ ਘਾਟ : ਚੀਫ ਵਿੱਪ ਪ੍ਰੋ: ਬਲਜਿੰਦਰ ਕੌਰ


