23 ਮਾਰਚ ਨੂੰ ਹੁਸੈਨੀਵਾਲਾ ਵਿਖੇ ਕੌਮੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ – ਡਿਪਟੀ ਕਮਿਸ਼ਨਰ

Ferozepur

ਫ਼ਿਰੋਜ਼ਪੁਰ 21 ਮਾਰਚ  2024 (     )

               23 ਮਾਰਚ ਨੂੰ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦੇ ਹੋਣ ਵਾਲੇ ਸ਼ਹੀਦੀ ਸਮਾਗਮ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਹੁਸੈਨੀਵਾਲਾ ਵਿਖੇ ਮੀਟਿੰਗ ਕਰਕੇ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ।

     ਮੀਟਿੰਗ ਨੂੰ ਸੰਬੋਧਨ ਕਰਦਿਆਂ  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 23 ਮਾਰਚ ਨੂੰ ਹੁਸੈਨੀਵਾਲਾ ਵਿਖੇ  ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਰਾਜ ਪੱਧਰ ਮਨਾਇਆ ਜਾਵੇਗਾ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 23 ਮਾਰਚ ਨੂੰ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪਹੁੰਚ ਰਹੇ ਹਨ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸ਼ਹੀਦੀ ਸਮਾਗਮ ਨੂੰ ਮਨਾਉਣ ਸਬੰਧੀ ਆਪਣੇ-ਆਪਣੇ ਵਿਭਾਗਾਂ ਦੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਤਾਂ ਜੋ ਇਸ ਸਮਾਗਮ ਨੂੰ ਮਨਾਉਣ ਸਬੰਧੀ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।  

            ਮੀਟਿੰਗ ਦੌਰਾਨ ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਵਾਲੀ ਥਾਂ ‘ਤੇ ਲੋੜੀਂਦੀਆਂ ਸਿਹਤ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਪੁਲਿਸ ਵਿਭਾਗ ਨੂੰ ਕਿਹਾ ਕਿ ਸਮਾਗਮ ਵਾਲੇ ਰੂਟ ‘ਤੇ ਟਰੈਫ਼ਿਕ ਨੂੰ ਨਿਰਵਿਘਨ ਚਲਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਨੇ ਪੰਜਾਬ ਰੋਡਵੇਜ਼ ਦੇ ਜੀ.ਐਮ. ਅਤੇ ਰੇਲਵੇ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਵਾਲੇ ਸਥਾਨ ‘ਤੇ ਰਿਕਵਰੀ ਵੈਨ ਦਾ ਪ੍ਰਬੰਧ ਕੀਤਾ ਜਾਵੇ ਅਤੇ ਲੋਕਾਂ ਨੂੰ ਲਿਆਉਣ ਅਤੇ ਛੱਡਣ ਲਈ ਲੋੜ ਅਨੁਸਾਰ ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਤੋਂ ਬੱਸਾਂ ਚਲਾਈਆਂ ਜਾਣਗੀਆਂ ਅਤੇ ਸਪੈਸ਼ਲ ਰੇਲ ਗੱਡੀ ਵੀ ਚੱਲੇਗੀ। ਉਨ੍ਹਾਂ ਸਬੰਧਤ ਵਿਭਾਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਮਾਗਮ ਵਿਚ ਆਉਣ ਵਾਲੇ ਲੋਕਾਂ ਲਈ ਪੀਣ ਵਾਲੇ ਸਾਫ਼ ਸੁਥਰੇ ਪਾਣੀ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਇਸ ਤੋਂ ਇਲਾਵਾ ਉਨ੍ਹਾ ਸਮਾਗਮ ਵਾਲੀ ਥਾਂ ਅਤੇ ਰਸਤੇ ਦੀ ਸਾਫ-ਸਫਾਈ ਦਾ ਵੀ ਖਾਸ ਧਿਆਨ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗੀ ਅਧਿਕਾਰੀਆਂ ਵੱਲੋਂ ਆਪੋ-ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਈ ਜਾਵੇ ਤਾਂ ਜੋ ਸ਼ਹੀਦੀ ਸਮਾਰੋਹ ਨੂੰ ਪੂਰੀ ਸ਼ਰਧਾ ‘ਤੇ ਉਤਸ਼ਾਹ ਨਾਲ ਮਨਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਮਾਗਮ ਲਈ ਕੰਟਰੋਲ ਰੂਮ ਨੰਬਰ 01632-280161 ਅਤੇ 280128 ਸਥਾਪਿਤ ਕੀਤਾ ਗਿਆ ਹੈ।

          ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਨਿੱਧੀ ਕੁਮੁਧ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਕੁਮਾਰ ਸ਼ਰਮਾ,  ਐਸਡੀਐਮ ਫਿਰੋਜ਼ਪੁਰ ਡਾ. ਚਾਰੂਮਿਤਾ ਸੇਖ਼ਰ, ਸਹਾਇਕ ਕਮਿਸ਼ਨਰ ਸ੍ਰੀ ਸੂਰਜ ਕੁਮਾਰ, ਐਸਪੀ (ਐਚ) ਜੁਗਰਾਜ ਸਿੰਘ, ਕਰਨਲ ਸ੍ਰੀ ਆਰ.ਪੀ. ਸਿੰਘ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਡੀ.ਈ.ਓ. ਐਲੀਮੈਂਟਰੀ ਸ੍ਰੀਮਤੀ ਨੀਲਮ ਰਾਣੀ, ਪ੍ਰਿੰਸੀਪਲ ਡਾ. ਸਤਿੰਦਰ ਸਿੰਘ, ਐਲ.ਡੀ.ਐਮ. ਸ੍ਰੀਮਤੀ ਗੀਤਾ ਮਹਿਤਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।