ਨਵੇਂ ਵਰ੍ਹੇ ਦੇ ਆਗਾਜ਼ ਮੌਕੇ ਪਟਵਾਰ ਭਵਨ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਭੋਗ

Bathinda Politics Punjab

ਬਠਿੰਡਾ, 1 ਜਨਵਰੀ : ਸਥਾਨਕ ਪਟਵਾਰ ਭਵਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਨਵੇਂ ਸਾਲ-2025 ਦੀ ਸ਼ੁਰੂਆਤ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਵਿਧਾਇਕ ਬਠਿੰਡਾ ਸ਼ਹਿਰੀ ਸਰਦਾਰ ਜਗਰੂਪ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ, ਚੇਅਰਮੈਨ ਸ਼ੂਗਰਫੈਡ ਪੰਜਾਬ ਸ. ਨਵਦੀਪ ਜੀਦਾ, ਸਾਬਕਾ ਕੈਬਨਟ ਮੰਤਰੀ ਚਿਰੰਜੀ ਲਾਲ ਗਰਗ, ਐਮਸੀ ਸੁਖਦੀਪ ਢਿੱਲੋਂ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ।

ਇਸ ਉਪਰੰਤ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਬਠਿੰਡਾ ਵਾਸੀਆਂ ਨੂੰ ਨਵੇਂ ਸਾਲ 2025 ਦੀਆਂ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਵਰ੍ਹਾ ਲੋਕਾਂ ਲਈ ਖ਼ੁਸ਼ਹਾਲ, ਸਿਹਤਯਾਬ, ਤਰੱਕੀਆਂ ਅਤੇ ਸ਼ਾਂਤੀ ਭਰਿਆ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਆਸ ਕਰਦੇ ਹਨ ਕਿ ਇਹ ਨਵਾਂ ਸਾਲ ਜ਼ਿਲ੍ਹੇ ਦੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਉਨ੍ਹਾਂ ਲੋਕ ਭਲਾਈ ਦੇ ਕੰਮਾਂ ਨਾਲ ਜੁੜੇ ਨੁਮਾਇੰਦਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬਠਿੰਡਾ ਨੂੰ ਪੰਜਾਬ ਦਾ ਮੋਹਰੀ ਜ਼ਿਲ੍ਹਾ ਬਣਾਉਣ ਲਈ ਦ੍ਰਿੜ ਸੰਕਲਪ ਲੈਣ ਤਾਂ ਜੋ ਵਿਕਾਸ ਦਾ ਫ਼ਲ ਜ਼ਿਲ੍ਹਾ ਵਾਸੀਆਂ ਤੱਕ ਪਹੁੰਚ ਸਕੇ।

ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਵੇਂ ਵਰ੍ਹੇ ਦੀ ਮੁਬਾਰਕ ਦਿੰਦਿਆਂ ਵਿਕਾਸ ਅਤੇ ਤਰੱਕੀ ਨੂੰ ਯਕੀਨੀ ਬਣਾਉਣ ਲਈ ਪੂਰੇ ਜੋਸ਼ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਉਹ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਨਿੱਜੀ ਤੌਰ ਤੇ ਸਮਰਪਣ ਦੀ ਭਾਵਨਾ ਨਾਲ ਆਪਣਾ ਕੰਮ ਕਰਨ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਦਫਤਰੀ ਕੰਮ-ਕਾਜ ਦੌਰਾਨ ਕਿਸੇ ਵੀ ਲੋੜਵੰਦ ਤੇ ਯੋਗ ਵਿਅਕਤੀ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਲ ਨਾ ਪੇਸ਼ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਆਪਣੀ ਡਿਊਟੀ ਦੇ ਫਰਜ਼ ਨੂੰ ਸਮਝਦਿਆਂ ਹੋਇਆ ਦਫਤਰ ਵਿਖੇ ਆਉਣ ਵਾਲੇ ਹਰੇਕ ਵਿਅਕਤੀ ਨਾਲ ਚੰਗਾ ਵਤੀਰਾ ਵਰਤਿਆ ਜਾਵੇ।

Leave a Reply

Your email address will not be published. Required fields are marked *