ਮਨ ਪੱਕਾ ਕਰ ਕੇ ਸਹਿਜੇ ਹੀ ਛੱਡਿਆ ਜਾ ਸਕਦਾ ਹੈ ਤੰਬਾਕੂ’

S.A.S Nagar

ਐਸ.ਏ.ਐਸ.ਨਗਰ 31 ਮਈ:

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ, ਜਿਸ ਦੌਰਾਨ ਮਰੀਜ਼ਾਂ ਅਤੇ ਹੋਰ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿਤੀ ਗਈ। ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਅਤੇ ਤੰਬਾਕੂ ਨੋਡਲ ਅਫ਼ਸਰ ਡਾ. ਨਵਦੀਪ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੇ ਲੋਕਾਂ ਨੂੰ ਦੱਸਿਆ ਕਿ ਸਿਗਰਟ, ਬੀੜੀ, ਜ਼ਰਦਾ, ਪਾਨ ਮਸਾਲਾ, ਈ ਸਿਗਰਟ, ਚਿਲਮ ਆਦਿ ਤੰਬਾਕੂ ਪਦਾਰਥ ਮਨੁੱਖੀ ਸਰੀਰ ਲਈ ਬੇਹੱਦ ਖ਼ਤਰਨਾਕ ਹਨ। ਇਹ ਮਿੱਠਾ ਜ਼ਹਿਰ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਲੈਂਦਾ ਹੈ, ਇਸ ਲਈ ਤੰਬਾਕੂ ਦਾ ਖਹਿੜਾ ਛੱਡ ਕੇ ਚੰਗੀ ਜ਼ਿੰਦਗੀ ਦਾ ਪੱਲਾ ਫੜਿਆ ਜਾਵੇ।
         ਸਿਹਤ ਅਧਿਕਾਰੀਆਂ ਨੇ ਕਿਹਾ ਕਿ ਤੰਬਾਕੂ ਦੀ ਵਰਤੋਂ ਕਈ ਬੀਮਾਰੀਆਂ ਦਾ ਕਾਰਨ ਹੈ ਜਿਵੇਂ ਕੈਂਸਰ, ਸਾਹ ਦੀ ਸਮੱਸਿਆ, ਦਿਲ ਦੀਆਂ ਬੀਮਾਰੀਆਂ, ਸ਼ੱਕਰ ਰੋਗ, ਦੰਦ ਦੀਆਂ ਬੀਮਾਰੀਆਂ, ਸੁਣਨ ਦੀ ਸਮੱਸਿਆ, ਨਿਗ੍ਹਾ ਦੀ ਕਮੀ ਆਦਿ।  ਉਨ੍ਹਾਂ ਦੱਸਿਆ ਕਿ ਤੰਬਾਕੂ ਵਿਰੋਧੀ ਕਾਨੂੰਨ ਤਹਿਤ ਸਕੂਲ ਜਾਂ ਵਿਦਿਅਕ ਅਦਾਰੇ ਦੀ ਬਾਹਰੀ ਕੰਧ ਦੇ 100 ਗਜ਼ ਦੂਰ ਤੱਕ ਦੇ ਘੇਰੇ ਵਿਚ ਕੋਈ ਵੀ ਵਿਅਕਤੀ ਤੰਬਾਕੂ ਪਦਾਰਥ ਨਹੀਂ ਵੇਚ ਸਕਦਾ ਤੇ ਨਾ ਹੀ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਤੰਬਾਕੂ ਪਦਾਰਥ ਵੇਚੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਤੰਬਾਕੂ ਦੀ ਆਦਤ ਛੱਡਣਾ ਕੋਈ ਔਖੀ ਗੱਲ ਨਹੀਂ। ਵਿਅਕਤੀ ਆਪਣਾ ਮਨ ਪੱਕਾ ਕਰ ਲਵੇ ਤਾਂ ਇਸ ਤੋਂ ਸਹਿਜੇ ਹੀ ਛੁਟਕਾਰਾ ਪਾਇਆ ਜਾ ਸਕਦਾ ਹੈ।
         ਡਾਕਟਰੀ ਸਲਾਹ ਲਈ ਵਿਸ਼ੇਸ਼ ਤੌਰ ’ਤੇ ਮੋਹਾਲੀ ਦੇ ਸੈਕਟਰ 66 ਦੇ ਨਸ਼ਾ ਛੁਡਾਊ ਕੇਂਦਰ ਵਿਚ ਤੈਨਾਤ ਮਾਹਰ ਡਾਕਟਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ ਜਿਥੇ ਕਿਸੇ ਵੀ ਤਰ੍ਹਾਂ ਦਾ ਨਸ਼ਾ ਛੁਡਾਉਣ ਲਈ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਕਿਸੇ ਵੀ ਸਰਕਾਰੀ ਹਸਪਤਾਲ ਵਿਚ ਜਾ ਕੇ ਇਲਾਜ ਸ਼ੁਰੂ ਕਰਵਾਇਆ ਜਾ ਸਕਦਾ ਹੈ। ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਸਿਹਤ ਸਟਾਫ਼ ਨੇ ਜ਼ਿੰਦਗੀ ਵਿਚ ਕਦੇ ਵੀ ਤੰਬਾਕੂ ਦੀ ਵਰਤੋਂ ਨਾ ਕਰਨ ਦਾ ਅਹਿਦ ਵੀ ਲਿਆ।