ਪੰਚਾਇਤਾਂ ਪਿੰਡਾਂ ਦੇ ਸਰਵਪੱਖੀ ਵਿਕਾਸ ਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਨੂੰ ਤਰਜੀਹ ਦੇਣ-ਵਿਧਾਇਕ ਰਾਏ

Fatehgarh Sahib Politics Punjab

ਫ਼ਤਹਿਗੜ੍ਹ ਸਾਹਿਬ, 13 ਫਰਵਰੀ:

          ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਅੱਜ ਬਲਾਕ ਸਰਹਿੰਦ ਅਧੀਨ ਪੈਂਦੀਆਂ ਪੰਚਾਇਤਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਤੇ ਮਗਨਰੇਗਾ ਸਟਾਫ ਨਾਲ ਬੱਚਤ ਭਵਨ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਅਤੇ ਬਲਾਕ ਦੀਆਂ ਨਵੀਂਆਂ ਬਣੀਆਂ ਪੰਚਾਇਤਾਂ ਨੂੰ ਪਿੰਡਾਂ ਦੇ ਸਰਵਪੱਖੀ ਵਿਕਾਸ ਕਾਰਜ ਕਰਵਾਉਣ ਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਸ ਮੌਕੇ  ਪਿੰਡਾਂ ਦੇ ਸਰਪੰਚਾਂ ਤੋਂ ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ  ਜਾਣਕਾਰੀ ਹਾਸਲ ਕੀਤੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਹੱਲ ਵੀ ਕਰਵਾਇਆ।

          ਇਸ ਮੌਕੇ ਵਿਧਾਇਕ ਰਾਏ ਨੇ ਨਵੀਂਆਂ ਪੰਚਾਇਤਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਤੇ ਵਿਕਾਸ ਕਾਰਜਾਂ ਵਾਸਤੇ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਪੰਚਾਇਤਾਂ ਨੂੰ ਇਹ ਵੀ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜ ਪਿੰਡਾਂ ਦੇ ਲੋਕਾਂ ਦੀ ਸਹਿਮਤੀ ਨਾਲ ਅਤੇ ਪਾਰਟੀਬਾਜੀ ਤੋਂ ਉਪਰ ਉੱਠ ਕੇ ਕਰਵਾਉਣ ਨੂੰ ਤਰਜ਼ੀਹ ਦਿੱਤੀ ਜਾਵੇ ਤਾਂ ਜੋ ਬਲਾਕ ਦੇ ਪਿੰਡਾਂ ਨੂੰ ਨਮੂਨੇ ਦੇ ਪਿੰਡ ਬਣਾਇਆ ਜਾ ਸਕੇ।

          ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਦੇ ਕੰਮਾਂ ਲਈ ਦਫ਼ਤਰਾਂ ਵਿੱਚ ਆਉਣ ਵਾਲੇ ਪੰਚਾਂ ਤੇ ਸਰਪੰਚਾਂ ਨੂੰ ਪੂਰਾ ਸਤਿਕਾਰ ਦਿੱਤਾ ਜਾਵੇ ਤੇ ਉਨ੍ਹਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਨੇਪਰੇ ਚੜਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਚਾਇਤਾਂ ਲੋਕਤੰਤਰ ਦਾ ਮੁੱਢ ਹੁੰਦੀਆਂ ਹਨ ਅਤੇ ਸਾਡੀ ਆਬਾਦੀ ਦਾ ਵਧੇਰੇ ਹਿੱਸਾਂ ਪਿੰਡਾਂ ਨਾਲ ਹੀ ਸਬੰਧਤ ਹੈ।

          ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਸੁਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਸੰਵਿਧਾਨ ਅਨੁਸਾਰ ਲੋਕਤੰਤਰ ਵਿੱਚ ਲੋਕਾਂ ਵੱਲੋਂ ਚੁਂਣੇ ਨੁਮਾਇੰਦਿਆਂ ਦਾ ਅਹਿਮ ਸਥਾਨ ਹੁੰਦਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋਕਾਂ ਦੇ ਪ੍ਰਤੀਨਿਧੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਤਾੜਨਾ ਕੀਤੀ ਕਿ ਪਿੰਡਾਂ ਦੀਆਂ ਪੰਚਾਇਤਾਂ ਨੂੰ ਬਿਨਾਂ ਕਿਸੇ ਕਾਰਨ ਤੰਗ ਪ੍ਰੇਸ਼ਾਨ ਕਰਨ ਵਾਲੇ ਅਧਿਕਾਰੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਲੋਕਾਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

          ਇਸ ਮੌਕੇ ਪੰਚਾਇਤੀ ਰਾਜ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਜਸਬੀਰ ਸਿੰਘ, ਬੀ.ਡੀ.ਪੀ.ਓ. ਸਰਹਿੰਦ ਦੀਪਸ਼ਿਖਾ, ਦਫਤਰ ਸਕੱਤਰ ਬਹਾਦਰ ਖਾਨ, ਮਨਦੀਪ ਸਿੰਘ ਪੋਲਾ, ਮਾਨਵ ਟਿਵਾਣਾ, ਐਡਵੋਕੇਟ ਕਮਰਵੀਰ ਸਿੰਘ ਰਾਏ ਤੋਂ ਇਲਾਵਾ ਵੱਡੀ ਗਿਣਤੀ ਦੇ ਵਿੱਚ ਵਿਭਾਗਾਂ ਦੇ ਅਧਿਕਾਰੀ ਕਰਮਚਾਰੀ ਅਤੇ ਸਰਪੰਚ ਸਾਹਿਬਾਨ ਮੌਜੂਦ ਸਨ। 

Leave a Reply

Your email address will not be published. Required fields are marked *