ਸ੍ਰੀ ਅਨੰਦਪੁਰ ਸਾਹਿਬ 13 ਫਰਵਰੀ ()
ਪ੍ਰੋਜੈਕਟ ਸੰਪਰਕ ਸਿਰਫ਼ ਨਸ਼ਿਆਂ ਦੇ ਖਾਤਮੇ ਲਈ ਹੀ ਨਹੀਂ ਸਗੋਂ ਸੰਗਠਿਤ ਅਪਰਾਧ, ਸਟਰੀਟ ਕ੍ਰਾਈਮ ਅਤੇ ਸਮਾਜ ਵਿਰੋਧੀ ਤੱਤਾਂ ਦੇ ਖਿਲਾਫ਼ ਇੱਕ ਸਥਾਈ ਯੁੱਧ ਹੈ। ਇਸ ਲਈ ਆਮ ਲੋਕਾਂ ਨੂੰ ਵੀ ਅਪੀਲ ਹੈ ਕਿ ਆਮ ਲੋਕ ਪੁਲਿਸ ਦੇ ਨਾਲ ਮਿਲ ਕੇ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡੀ.ਆਈ.ਜੀ ਰੂਪਨਗਰ ਰੇਂਜ ਸ. ਹਰਚਰਨ ਸਿੰਘ ਭੁੱਲਰ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁਲਿਸ ਵੱਲੋਂ ਸੰਪਰਕ ਪ੍ਰੋਗਰਾਮ ਤਹਿਤ ਕਰਵਾਏ ਗਏ ਪ੍ਰੋਗਾਰਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਨੇ ਦੱਸਿਆ ਕਿ ਹੋਲਾ ਮਹੱਲਾ ਮੌਕੇ ਪੁਲਿਸ ਦੇ ਕੈਂਪ ਲਗਾ ਕੇ ਉਨ੍ਹਾਂ ਨੂੰ ਪੂਰੀ ਜਾਣਕਾਰੀ ਦਿੱਤੀ ਜਾਵੇਗੀ ਤਾਂ ਜੋ ਹੋਲਾ ਮਹੱਲਾ ਮੌਕੇ ਸੰਗਤਾਂ ਨੂੰ ਕਿਸੇ ਵੀ ਤਰਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਡੀ.ਆਈ.ਜੀ ਰੂਪਨਗਰ ਰੇਂਜ ਸ. ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿਚੋਂ ਨਸ਼ੇ ਦਾ ਮੁਕੰਮਲ ਨਾਸ਼ ਕਰਨ ਲਈ ਦ੍ਰਿੜ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਪੱਧਰ ‘ਤੇ ਨਸ਼ਿਆਂ ਦੀ ਬੁਰਾਈ ਦੇ ਖਾਤਮੇ ਲਈ ਜੋ ਮੁਹਿੰਮ ਆਰੰਭੀ ਗਈ ਹੈ, ਇਸ ਮੁਹਿੰਮ ਵਿਚ ਆਮ ਲੋਕਾਂ ਦਾ ਸਹਿਯੋਗ ਵੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਸਾਰੇ ਇਕੱਠੇ ਹੋ ਕੇ ਹੀ ਨਸ਼ਿਆ ਨੂੰ ਜੜ੍ਹ ਤੋਂ ਖਤਮ ਕਰ ਸਕਦੇ ਹਾਂ।
ਉਨ੍ਹਾਂ ਕਿਹਾ ਕਿ ਪ੍ਰੋਜੈਕਟ ਸੰਪਰਕ ਦਾ ਮੁੱਖ ਉਦੇਸ਼ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਸਹਿਯੋਗ ਅਤੇ ਭਰੋਸੇ ਨੂੰ ਵਧਾਉਣਾ ਹੈ। ਪ੍ਰੋਜੈਕਟ ਸੰਪਰਕ ਅਧੀਨ ਜ਼ਿਲ੍ਹਾ ਪੁਲਿਸ ਵੱਲੋਂ ਲਗਾਤਾਰ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਆਮ ਲੋਕਾਂ ਨੂੰ ਇਲਾਕੇ ਵਿੱਚ ਪੇਸ਼ ਹੋ ਰਹੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਮੀਟਿੰਗਾਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੀਆਂ।
ਸ. ਹਰਚਰਨ ਸਿੰਘ ਭੁੱਲਰ ਨੇ ਸਮਾਜਿਕ ਆਗੂਆਂ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਤੱਤਾਂ ਦੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਅਜਿਹੇ ਤੱਤਾਂ ਨੂੰ ਕਾਬੂ ਕਰਕੇ ਰੋਕਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਦੇਣ ਵਾਲੇ ਦਾ ਨਾਮ ਵੀ ਗੁਪਤ ਰੱਖਿਆ ਜਾਵੇਗਾ। ਨਸ਼ੇ ਦੇ ਖਾਤਮੇ ਲਈ ਪੁਲਿਸ, ਪ੍ਰੈੱਸ ਅਤੇ ਇਲਾਕੇ ਦੇ ਲੋਕਾਂ ਨੂੰ ਇਕੱਠੇ ਹੋ ਕੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਇਸ ਨਸ਼ੇ ਦੀ ਸਪਲਾਈ ਲਾਈਨ ਨੂੰ ਤੋੜਿਆ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਹੋਲਾ ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਨੂੰ 11 ਸੈਕਟਰਾਂ ਵਿਚ ਵੰਡਿਆ ਗਿਆ ਹੈ ਤੇ ਇਸ ਵਾਰ ਟ੍ਰੈਫਿਕ ਦੀ ਸਮੱਸਿਆਂ ਦਾ ਵੀ ਹੱਲ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਹਰੇਕ ਮਾਤਾ ਪਿਤਾ ਨੂੰ ਆਪਣੇ ਬੱਚਿਆਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਜਾਣਾ ਚਾਹੀਦਾ ਹੈ ਤੇ ਟ੍ਰੈਫ਼ਿਕ ਨਿਯਮਾਂ ਬਾਰੇ ਦੱਸਣਾ ਚਾਹੀਦਾ ਹੈ ਤਾਂ ਜੋ ਹੋਣ ਵਾਲੀਆਂ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਟ੍ਰੈਫਿਕ ਨਿਯਮਾਂ ਸਬੰਧੀ ਵੀ ਕੈਂਪ ਲਗਾਏ ਜਾਣਗੇ ਤਾਂ ਜੋ ਆਮ ਪਬਲਿਕ ਨੂੰ ਜਾਗਰੂਕ ਕੀਤਾ ਜਾ ਸਕੇ।
ਐੱਸ.ਐੱਸ.ਪੀ. ਸ. ਗੁਲਨੀਤ ਸਿੰਘ ਖੁਰਾਣਾ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਸਾਈਬਰ ਠੱਗੀਆਂ ਦੇ ਹੱਲ ਲਈ ਪੰਜਾਬ ਸਰਕਾਰ ਵਲੋਂ ਸਾਈਬਰ ਪੁਲਿਸ ਸਟੇਸ਼ਨ ਖੋਲੇ ਗਏ ਹਨ, ਜੇਕਰ ਕਿਸੇ ਵੀ ਵਿਅਕਤੀ ਨਾਲ ਕਿਸੇ ਵੀ ਤਰ੍ਹਾਂ ਦਾ ਆਨਲਾਈਨ ਧੋਖੇਬਾਜ਼ੀ ਹੁੰਦੀ ਹੈ ਤਾਂ ਉਹ ਆਪਣੀ ਸ਼ਿਕਾਇਤ ਨਜਦੀਕੀ ਸਾਈਬਰ ਸਟੇਸ਼ਨ ਜਾਂ 1930 ਹੈਲਪਲਾਈਨ ਉਤੇ ਦਰਜ ਕਰਵਾ ਸਕਦਾ ਹੈ। ਇਸ ਨੰਬਰ ਉਤੇ ਸ਼ਿਕਾਇਤ ਕਰਨ ਵਾਲੇ ਦਾ ਨੰਬਰ, ਪਤਾ ਅਤੇ ਨਾਮ ਨੂੰ ਗੁਪਤ ਰੱਖਿਆ ਜਾਂਦਾ ਹੈ।
ਇਸ ਮੌਕੇ ਐੱਸਪੀ ਰਾਜਪਾਲ ਸਿੰਘ ਹੁੰਦਲ, ਐੱਸਪੀ ਨਵਨੀਤ ਸਿੰਘ ਮਾਹਲ, ਡੀਐੱਸਪੀ ਸ੍ਰੀ ਅਨੰਦਪੁਰ ਸਾਹਿਬ ਅਜੇ ਸਿੰਘ, ਡੀਐੱਸਪੀ ਨੰਗਲ ਕੁਲਬੀਰ ਸਿੰਘ ਸੰਧੂ ਅਤੇ ਪੁਲਿਸ ਵਿਭਾਗ ਦੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।