ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Punjab

ਚੰਡੀਗੜ੍ਹ, 12 ਜੁਲਾਈ

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ  15 ਉਮੀਦਵਾਰਾਂ ਨੂੰ ਲੋਕ ਨਿਰਮਾਣ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ, ਜਿਨ੍ਹਾਂ ਵਿੱਚ ਗਰੁੱਪ ਸੀ ਵਿੱਚ 3 ਅਤੇ ਗਰੁੱਪ ਡੀ ਵਿੱਚ 12 ਉਮੀਦਵਾਰ ਸ਼ਾਮਲ ਹਨ।

ਇਸ ਮੌਕੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਗਠਨ ਤੋਂ ਬਾਅਦ ਵਿਭਾਗ ਨੂੰ ਮਜ਼ਬੂਤ ਕਰਨ ਲਈ ਲੋੜੀਂਦੀ ਭਰਤੀ ਲਈ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਵਿਭਾਗ ਵਿੱਚ ਕੁੱਲ 596 ਕਰਮਚਾਰੀਆਂ ਦੀ ਭਰਤੀ ਕੀਤੀ ਗਈ ਜਿਸ ਵਿੱਚ ਗਰੁੱਪ ਏ ਵਿੱਚ 25, ਗਰੁੱਪ ਬੀ ਵਿੱਚ 229, ਗਰੁੱਪ ਸੀ ਵਿੱਚ 289 ਅਤੇ ਗਰੁੱਪ ਡੀ ਵਿੱਚ 53 ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਅੱਜ 15 ਨਿਯੁਕਤੀ ਪੱਤਰ ਸੌਂਪਣ ਨਾਲ ਨਵੇਂ ਮੁਲਾਜ਼ਮਾਂ ਦੀ ਕੁੱਲ ਗਿਣਤੀ 611 ਹੋ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਵਿੱਚ ਹਾਲ ਹੀ ਵਿੱਚ ਹੋਈਆਂ ਤਰੱਕੀਆਂ ਸਦਕਾ ਕਈ ਅਸਾਮੀਆਂ ਹਨ, ਜਿਨ੍ਹਾਂ ਨੂੰ ਜਲਦੀ ਭਰਿਆ ਜਾਵੇਗਾ।

ਲੋਕ ਨਿਰਮਾਣ ਮੰਤਰੀ ਨੇ ਲੋੜਵੰਦਾਂ ਨੂੰ ਸਹਾਇਤਾ ਪ੍ਰਦਾਨ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ, “ਅਸੀਂ ਇਹ ਯਕੀਨੀ ਬਣਾਉਣ ਲਈ ਸਮਰਪਿਤ ਹਾਂ ਕਿ ਕਿਸੇ ਕਾਰਨ ਸਵਰਗਵਾਸ ਹੋ ਗਏ ਸਾਡੇ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਲੋੜੀਂਦੀ ਸਹਾਇਤਾ ਅਤੇ ਦੇਖਭਾਲ ਮਿਲੇ।” ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਵਿੱਚ ਕੀਤੀਆਂ ਇਹ ਨਿਯੁਕਤੀਆਂ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹਨ।

ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਹਰੇਕ ਨਵ-ਨਿਯੁਕਤ ਕਰਮਚਾਰੀ ਨਾਲ ਗੱਲਬਾਤ ਕੀਤੀ, ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਨੇ ਇਨ੍ਹਾਂ ਕਰਮਚਾਰੀਆਂ ਨੂੰ ਵਿਭਾਗ ਵਿੱਚ ਤਨਦੇਹੀ ਨਾਲ ਕੰਮ ਕਰਨ ਅਤੇ ਜੀਵਨ ਵਿੱਚ ਹੋਰ ਸਫਲਤਾ ਪ੍ਰਾਪਤ ਕਰਨ ਲਈ ਆਪਣੀ ਵਿਦਿਅਕ ਯੋਗਤਾ ਵਿੱਚ ਸੁਧਾਰ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।

———–