ਫ਼ਤਹਿਗੜ੍ਹ ਸਾਹਿਬ, 28 ਮਾਰਚ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਜਿਨ੍ਹਾਂ ਦੀ ਲੜੀ ਤਹਿਤ ਹੀ ਪਿੰਡ ਬੋਰਾਂ ਵਿਖੇ ਨਸ਼ਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਹਿਤ ਨਾਟਕ “ਮਿੱਟੀ ਰੁਦਨ ਕਰੇ” ਖੇਡਿਆ ਗਿਆ ਅਤੇ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਦਾ ਸੁਨੇਹਾ ਦਿੱਤਾ ਗਿਆ। ਇਸ ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਨਾਟਕ ਉਪਰੰਤ ਰੰਗ ਕਰਮੀਆਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੰਗਕਰਮੀਆਂ ਨੇ ਬਹੁਤ ਹੀ ਸੋਹਣੇ ਢੰਗ ਨਾਲ ਨਾਟਕ ਖੇਡ ਕੇ ਨਸ਼ਿਆਂ ਖਿਲਾਫ ਬਹੁਤ ਹੀ ਵਧੀਆ ਸੁਨੇਹਾ ਦਿੱਤਾ ਹੈ। ਉਹਨਾਂ ਨੇ ਪਿੰਡ ਦੀ ਪੰਚਾਇਤ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਅੱਗੇ ਵੱਧ ਕੇ ਇਹ ਕਾਰਜ ਕਰਵਾਇਆ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਨਾਲ ਕੇਵਲ ਇੱਕ ਵਿਅਕਤੀ ਦਾ ਨੁਕਸਾਨ ਨਹੀਂ ਹੁੰਦਾ, ਸਗੋਂ ਸਮੁੱਚਾ ਸਮਾਜ ਹੀ ਰਸਾਤਲ ਵੱਲ ਧੱਕਿਆ ਜਾਂਦਾ ਹੈ। ਇਸ ਲਈ ਲਾਜ਼ਮੀ ਹੈ ਕਿ ਸਮਾਜ ਦਾ ਹਰ ਇੱਕ ਮੈਂਬਰ ਨਸ਼ਿਆਂ ਦੇ ਖਾਤਮੇ ਵਿੱਚ ਯੋਗਦਾਨ ਪਾਵੇ।
ਪੰਜਾਬ ਸਰਕਾਰ ਵੱਲੋਂ ਜਿੱਥੇ ਨਸ਼ਾ ਤਸਕਰਾਂ ਖਿਲਾਫ ਸਖਤੀ ਕੀਤੀ ਗਈ ਹੈ, ਉੱਥੇ ਨਸ਼ਿਆਂ ਦੇ ਸ਼ਿਕਾਰ ਹੋਏ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ‘ਚੋਂ ਬਾਹਰ ਕੱਢਣ ਲਈ ਵੀ ਵੱਡੇ ਪੱਧਰ ‘ਤੇ ਉਪਰਾਲੇ ਜਾਰੀ ਹਨ। ਨਸ਼ਾ ਪੀੜਤ ਨੌਜਵਾਨਾਂ ਦਾ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਸਰਕਾਰੀ ਮੁੜ ਵਸੇਵਾ ਕੇਂਦਰਾਂ ਵਿੱਚ ਉਹਨਾਂ ਨੂੰ ਇੱਕ ਆਮ ਤੇ ਸੁਚੱਜੀ ਜ਼ਿੰਦਗੀ ਜੀਣ ਲਈ ਤਿਆਰ ਕੀਤਾ ਜਾ ਰਿਹਾ ਹੈ।
ਸੁਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕੋਈ ਵੀ ਮੁਹਿੰਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਸਫਲ ਨਹੀਂ ਹੋ ਸਕਦੀ। ਇਸ ਲਈ ਲੋਕ ਇਕੱਠੇ ਹੋ ਕੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ ਤਾਂ ਜੋ ਨਸ਼ਿਆਂ ਦੀ ਸਮੱਸਿਆ ਨੂੰ ਜੜ ਤੋਂ ਖਤਮ ਕੀਤਾ ਜਾ ਸਕੇ। ਇਸ ਮੌਕੇ ਬੀਡੀਪੀਓ ਖੇੜਾ ਸ. ਚੰਦ ਸਿੰਘ ਵੀ ਹਾਜ਼ਰ ਸਨ।