ਚੰਡੀਗੜ੍ਹ, 21 ਮਾਰਚ 2025:
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਵਿਧਾਨ ਸਭਾ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ। ਦੱਸਣਯੋਗ ਹੈ ਕਿ ਪੰਜਾਬ ਦੇ ਰਾਜਪਾਲ ਬਜਟ ਸੈਸ਼ਨ ਦੇ ਪਹਿਲੇ ਦਿਨ ਨੂੰ ਸੰਬੋਧਨ ਕਰਨ ਲਈ ਪੰਜਾਬ ਵਿਧਾਨ ਸਭਾ ਪਹੁੰਚੇ ਹਨ।
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਰਾਜਪਾਲ ਨੂੰ ਸ੍ਰੀ ਹਰਿਮੰਦਰ ਸਾਹਿਬ ਦੀ ਇੱਕ ਗਲਾਸ ਫਰੇਮ ਵਾਲੀ ਪ੍ਰਤੀਕ੍ਰਿਤੀ ਅਤੇ ਇੱਕ ਲੋਈ ਭੇਟ ਕੀਤੀ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਉਨ੍ਹਾਂ ਦੇ ਇਸ ਨਿੱਘੇ ਸਵਾਗਤ ਤੋਂ ਬਹੁਤ ਖੁਸ਼ ਹੋਏ।
ਜ਼ਿਕਰਯੋਗ ਹੈ ਕਿ ਇਸ ਸੁਆਗਤ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਪੰਜਾਬ ਦੇ ਸੰਸਦੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ, ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਭਾਜਪਾ ਦੇ ਅਸ਼ਵਨੀ ਸ਼ਰਮਾ, ਬਹੁਜਨ ਸਮਾਜ ਪਾਰਟੀ ਦੇ ਨਛੱਤਰ ਪਾਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ ਵੀ ਹਾਜ਼ਰ ਸਨ।