ਬਰਨਾਲਾ, 21 ਜਨਵਰੀ
ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ।
ਇਸ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਸਤਵੰਤ ਸਿੰਘ ਅਤੇ ਐੱਸ ਡੀ ਐਮ ਬਰਨਾਲਾ ਗੁਰਬੀਰ ਸਿੰਘ ਕੋਹਲੀ ਨੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਇਸ ਮੌਕੇ ਉਨ੍ਹਾਂ ਸਟੇਡੀਅਮ ਵਿਚ ਸਫ਼ਾਈ ਪ੍ਰਬੰਧਾਂ, ਸਟੇਜ ਦੀ ਸਜਾਵਟ, ਚੌਂਕਾਂ ਦੀ ਸਜਾਵਟ, ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ, ਹਾਜ਼ਰੀਨ ਦੇ ਬੈਠਣ ਦੇ ਪ੍ਰਬੰਧ ਸਮੇਤ ਹੋਰ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਸਮਾਗਮ ਵਿਚ ਵੱਖ ਵੱਖ ਵਿਭਾਗਾਂ ਦੀਆਂ ਝਾਕੀਆਂ ਵੀ ਹੋਣਗੀਆਂ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਕਰਨ ਲਈ ਕਿਹਾ ਤਾਂ ਜੋ ਸਮਾਗਮ ਸਫਲਤਾ ਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਗੁਰਜਿੰਦਰ ਸਿੰਘ, ਸਿਵਲ ਸਰਜਨ ਡਾ. ਬਲਦੇਵ ਸਿੰਘ ਸੰਧੂ, ਡਿਪਟੀ ਸੀ ਈ ਓ ਜ਼ਿਲ੍ਹਾ ਪ੍ਰੀਸ਼ਦ ਜਗਤਾਰ ਸਿੰਘ, ਪੁਲੀਸ ਅਤੇ ਹੋਰ ਵੱਖ ਵੱਖ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਗਣਤੰਤਰ ਦਿਵਸ: ਬਰਨਾਲਾ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਲਹਿਰਾਉਣਗੇ ਕੌਮੀ ਝੰਡਾ


