ਪਟਿਆਲਾ, 9 ਮਾਰਚ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੂੰ ਮਿਲ ਕੇ ਉਨ੍ਹਾਂ ਦੀ ਮਾਤਾ (ਸਵ: ਦਲਜੀਤ ਕੌਰ) ਦੇ ਆਕਾਲ ਚਲਾਣੇ ‘ਤੇ ਦੁੱਖ ਸਾਂਝਾ ਕੀਤਾ।
ਡਾ. ਬਲਬੀਰ ਸਿੰਘ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਇਹ ਪਰਿਵਾਰ ਲਈ ਵੱਡਾ ਘਾਟਾ ਹੈ, ਕਿਉਕਿ ਬਜ਼ੁਰਗ ਰੁੱਖਾਂ ਦੀ ਠੰਢੀ ਛਾਂ ਵਰਗੇ ਹੁੰਦੇ ਹਨ, ਜੋ ਪੂਰੇ ਪਰਿਵਾਰ ਨੂੰ ਇਕ ਮਾਲਾ ‘ਚ ਪ੍ਰੋਕੇ ਰੱਖਦੇ ਹਨ ਤੇ ਪਰਿਵਾਰ ਦੀ ਹਰ ਦੁੱਖ ਸੁੱਖ ਦੀ ਘੜੀ ਵਿੱਚ ਪਰਿਵਾਰ ਦਾ ਮਾਰਦਰਸ਼ਨ ਕਰਦੇ ਹਨ।
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੁਖੀ ਪਰਿਵਾਰ ਅਤੇ ਸਕੇ ਸੰਬੰਧੀਆਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖ਼ਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿੱਚ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ, ਡਾ. ਚਰਨਜੀਤ ਸਿੰਘ ਸਮੇਤ ਵੱਡੀ ਗਿਣਤੀ ਸ਼ਹਿਰਵਾਸੀ, ਰਿਸ਼ਤੇਦਾਰ, ਧਾਰਮਿਕ, ਸਮਾਜਿਕ, ਰਾਜਸੀ ਅਤੇ ਹੋਰ ਆਗੂ ਸ਼ਾਮਲ ਸਨ।