ਚੰਡੀਗੜ੍ਹ, 9 ਮਾਰਚ:
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਨੂੰ ਪ੍ਰਸਿੱਧ ਗਾਇਕਾ ਸੁਨੰਦਾ ਸ਼ਰਮਾ ਮਾਮਲੇ ਵਿੱਚ 9 ਮਾਰਚ, 2025 ਤੱਕ ਕਾਰਵਾਈ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ। ਜ਼ਿਕਰਯੋਗ ਹੈ ਪਿਛਲੇੇ ਦਿਨੀਂ ਸੁਨੰਦਾ ਸ਼ਰਮਾ ਨੇ ਇੱਕ ਮਿਊਜ਼ਿਕ ਕੰਪਨੀ ਵੱਲੋਂ ਉਸਦੇ ਨਾਲ ਕੀਤੇ ਸੋਸ਼ਣ ਬਾਰੇ ਸੋਸ਼ਲ ਮੀਡੀਆ ’ਤੇ ਵੀਡੀਓ ਪਾ ਕੇ ਅਪੀਲ ਕੀਤੀ ਸੀ , ‘‘ਮੈਨੂੰ ਰੋਟੀ ਜੋਗਾ ਤਾਂ ਛੱਡ ਦਿਓ’’, ।
ਮੀਡੀਆ ਰਿਪੋਰਟਾਂ ਦਾ ਨੋਟਿਸ ਲੈਂਦੇ ਹੋਏ, ਕਮਿਸ਼ਨ ਨੇ ਐਸ.ਪੀ.-ਰੈਂਕ ਅਧਿਕਾਰੀ ਨੂੰ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਸਨ। ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001 ਦੀ ਧਾਰਾ 12 ਤਹਿਤ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਕਮਿਸ਼ਨ ਨੇ ਪੁਲਿਸ ਤੋਂ ਤੁਰੰਤ ਜਵਾਬ ਮੰਗਿਆ ਸੀ।
ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਜਾਂਚ ਦੇ ਨਤੀਜਿਆਂ ਦੇ ਆਧਾਰ ’ਤੇ ਗਾਇਕਾ ਨੂੰ ਤੰਗ-ਪਰੇਸ਼ਾਨ ਕਰਨ ਜਾਂ ਬੇਲੋੜਾ ਮਾਨਸਿਕ ਦਬਾਅ ਪਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਲਿਹਾਜ਼ ਤੋਂ ਔਰਤਾਂ ਨੂੰ ਡਰਾਉਣਾ-ਧਮਕਾਉਣਾ, ਤੰਗ-ਪਰੇਸ਼ਾਨ ਕਰਨ, ਜਾਂ ਉਨ੍ਹਾਂ ਦੇ ਅਧਿਕਾਰਾਂ ਦਾ ਘਾਣ ਕਮਿਸ਼ਨ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਅੱਗੇ ਭਰੋਸਾ ਦਿੱਤਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਨਿਆਂ ਨੂੰ ਯਕੀਨੀ ਬਣਾਉਣ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਵਚਨਬੱਧ ਹੈ।
ਕਮਿਸ਼ਨ ਉਨ੍ਹਾਂ ਸਾਰੀਆਂ ਕੁੜੀਆਂ, ਜੋ ਚੁੱਪ-ਚਾਪ ਦੁੱਖ ਝੱਲ ਰਹੀਆਂ ਹਨ, ਨੂੰ ਵੀ ਅਪੀਲ ਕਰਦਾ ਹੈ ਕਿ ਨਿਧੜਕ ਹੋ ਕੇ ਅੱਗੇ ਆਉਣ ਅਤੇ ਆਪਣੇ ਹੱਕਾਂ ਲਈ ਲੜਨ। ਉਨ੍ਹਾਂ ਕਿਹਾ ਕਿ ਕਮਿਸ਼ਨ, ਪੀੜਤਾਂ ਦੀ ਸੁਰੱਖਿਆ, ਮਾਣ ਅਤੇ ਨਿਆਂ ਨੂੰ ਯਕੀਨੀ ਬਣਾਉਣ ਲਈ ਪੂਰੇ ਸਮਰਪਣ ਉਨ੍ਹਾਂ ਦੇ ਨਾਲ ਖੜ੍ਹਾ ਹੈ।
ਕਮਿਸ਼ਨ ਅਗਲੀ ਕਾਰਵਾਈ ’ਤੇ ਤਿੱਖੀ ਨਜ਼ਰ ਰੱਖ ਰਿਹਾ ਹੈ ਅਤੇ ਕਾਨੂੰਨ ਅਨੁਸਾਰ ਸਾਰੀਆਂ ਬਣਦੀਆਂ ਕਾਨੂੰਨੀ ਕਾਰਵਾਈਆਂ ਕੀਤੀਆਂ ਜਾਣਗੀਆਂ ।