ਫ਼ਤਹਿਗੜ੍ਹ ਸਾਹਿਬ, 07 ਜਨਵਰੀ:
ਪਲਾਸਟਿਕ ਨਾਲ ਬਣੀ ਚਾਈਨੀਜ਼ ਡੋਰ ਤੇ ਲੱਗੀ ਰੋਕ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਟੀਮਾਂ ਬਣਾ ਕੇ ਚੈਕਿੰਗ ਕੀਤੀ ਜਾ ਰਹੀ ਹੈ ਕਿਉਂਕਿ ਚਾਈਨੀਜ਼ ਡੋਰ ਦੀ ਵਿਕਰੀ ਗੈਰ ਕਾਨੂੰਨੀ ਹੈ ਅਤੇ ਇਸ ਦੀ ਵਿਕਰੀ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਡੋਰ ਦੀ ਵਿਕਰੀ ਤੇ ਵਰਤੋਂ ਕਰਨ ਵਾਲਿਆਂ ਨੂੰ ਕੈਦ ਵੀ ਹੋ ਸਕਦੀ ਹੈ ਤੇ ਚਾਈਨੀਜ਼ ਡੋਰ ਵੇਚਣ ਵਾਲਿਆਂ ਤੇ 15 ਹਜ਼ਾਰ ਰੁਪਏ ਤੋਂ ਇੱਕ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਜਾ ਸਕਦਾ ਹੈ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸ.ਡੀ.ਓ. ਸ਼੍ਰੀਮਤੀ ਪ੍ਰਿਤਪਾਲ ਕੌਰ ਨੇ ਦੱਸਿਆ ਕਿ ਚਾਈਨੀਜ਼ ਡੋਰ ‘ਤੇ ਪਾਬੰਦੀ ਸਬੰਧੀ ਜਾਂਚ ਕਰਨ ਲਈ ਬੋਰਡ ਦੀ ਟੀਮ ਵੱਲੋਂ ਨਗਰ ਕੌਂਸਲ ਸਰਹਿੰਦ ਦੇ ਸੈਨੇਟਰੀ ਇੰਸਪੈਕਟਰ ਮਨੋਜ ਕੁਮਾਰ ਦੀ ਅਗਵਾਈ ਹੇਠ ਦੁਕਾਨਾਂ ਦੀ ਜਾਂਚ ਕੀਤੀ ਗਈ ਅਤੇ ਕਿਤੋਂ ਵੀ ਚਾਈਨੀਜ਼ ਡੋਰ ਨਹੀਂ ਮਿਲੀ। ਇਸ ਡੋਰ ‘ਤੇ ਪਾਬੰਦੀ ਸਬੰਧੀ ਬੈਨਰਾਂ ਨੂੰ ਦੁਕਾਨਾਂ ਦੇ ਬਾਹਰ ਚਿਪਕਾਇਆ ਵੀ ਗਿਆ। ਦੁਕਾਨਦਾਰਾਂ ਤੇ ਆਮ ਲੋਕਾਂ ਨੂੰ ਇਸ ਡੋਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਬੋਰਡ ਦੀ ਟੀਮ ਵੱਲੋਂ ਪਤੰਗ ਤੇ ਡੋਰ ਵੇਚਣ ਦਾ ਕਾਰੋਬਾਰ ਕਰਨ ਵਾਲੇ ਦੁਕਾਨਦਾਰਾਂ ਨੂੰ ਇਸ ਡੋਰ ਦੀ ਵਿਕਰੀ ‘ਤੇ ਲਗਾਈ ਗਈ ਰੋਕ ਦੀ ਸਖਤੀ ਨਾਲ ਪਾਲਣਾ ਕਰਨ ਦੇ ਆਦੇਸ਼ ਦਿੱਤੇ ਗਏ ਤੇ ਸਰਕਾਰ ਵੱਲੋਂ ਜਾਰੀ ਕੀਤੇ ਕਾਨੂੰਨਾਂ ਤੇ ਦਿਸ਼ਾ ਨਿਰਦੇਸ਼ਾਂ ਬਾਰੇ ਵੀ ਦੱਸਿਆ ਗਿਆ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਚਾਈਨਾਂ ਡੋਰ ਦੇ ਉਤਪਾਦਨ, ਵਿਕਰੀ, ਸਟੋਰੇਜ, ਖਰੀਦ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ ਕਿਉਂਕਿ ਇਸ ਨਾਲ ਕਈ ਤਰ੍ਹਾਂ ਦੇ ਹਾਦਸੇ ਵਾਪਰ ਜਾਂਦੇ ਹਨ। ਪਲਾਸਟਿਕ ਦੀ ਬਣੀ ਡੋਰ ਜਿਥੇ ਮਨੁੱਖਾਂ ਲਈ ਘਾਤਕ ਹੈ, ਉਥੇ ਹੀ ਇਸ ਵਿੱਚ ਫਸ ਕੇ ਪੰਛੀ ਵੀ ਨੁਕਸਾਨੇ ਜਾਂਦੇ ਹਨ।
ਵਰਨਣਯੋਗ ਹੈ ਕਿ ਚਾਈਨੀਜ਼ ਡੋਰ ਦੀ ਚੈਕਿੰਗ ਟੀਮ ਨੇ ਦੁਕਾਨਦਾਰਾਂ ਤੇ ਆਮ ਲੋਕਾਂ ਨੂੰ ਕਿਹਾ ਕਿ ਚਾਈਨਾ ਡੋਰ ‘ਤੇ ਲਗਾਈ ਪਾਬੰਦੀ ਦੀ ਸਖਤੀ ਨਾਲ ਪਾਲਣਾ ਕਰਨ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਵਿੱਚ ਪੂਰਨ ਸਹਿਯੋਗ ਦਿੱਤਾ ਜਾਵੇ।